ਬਰਨਾਲਾ ਮਾਮਲੇ ''ਚ ਵੱਡੀ ਕਾਰਵਾਈ, DSP ਸਤਵੀਰ ਸਿੰਘ ਬੈਂਸ ਮੁਅੱਤਲ
Friday, Jul 24, 2026 - 11:02 PM (IST)
ਚੰਡੀਗੜ੍ਹ : ਬਰਨਾਲਾ ਵਿੱਚ ਸਫਾਈ ਕਰਮਚਾਰੀਆਂ ਦੇ ਅੰਦੋਲਨ ਦੌਰਾਨ ਕਥਿਤ ਪੁਲਸ ਬਲ ਪ੍ਰਯੋਗ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਨੇ ਅਹਿਮ ਪ੍ਰਸ਼ਾਸਨਿਕ ਕਾਰਵਾਈ ਕਰਦਿਆਂ ਡੀਐਸਪੀ ਸਤਵੀਰ ਸਿੰਘ ਬੈਂਸ ਨੂੰ ਮੁਅੱਤਲ ਕਰ ਦਿੱਤਾ ਹੈ। ਇਸ ਕਾਰਵਾਈ ਨੂੰ ਰਾਸ਼ਟਰੀ ਸਫਾਈ ਕਰਮਚਾਰੀ ਆਯੋਗ (ਐਨ.ਸੀ.ਐਸ.ਕੇ.) ਦੇ ਉਪ ਚੇਅਰਪਰਸਨ ਹਰਦੀਪ ਸਿੰਘ ਗਿੱਲ ਵੱਲੋਂ ਮਾਮਲੇ ਦਾ ਸੂ ਮੋਟੋ ਨੋਟਿਸ ਲੈਣ ਅਤੇ ਪੰਜਾਬ ਸਰਕਾਰ ਤੋਂ ਸੱਤ ਦਿਨਾਂ ਅੰਦਰ ਤੱਥਾਂ ਅਧਾਰਿਤ ਰਿਪੋਰਟ ਮੰਗਣ ਤੋਂ ਬਾਅਦ ਚੁੱਕਿਆ ਗਿਆ ਮਹੱਤਵਪੂਰਨ ਕਦਮ ਮੰਨਿਆ ਜਾ ਰਿਹਾ ਹੈ।
ਹਰਦੀਪ ਸਿੰਘ ਗਿੱਲ ਨੇ ਪੰਜਾਬ ਦੇ ਮੁੱਖ ਸਕੱਤਰ ਨੂੰ ਭੇਜੇ ਪੱਤਰ ਵਿੱਚ ਕਿਹਾ ਸੀ ਕਿ ਮੀਡੀਆ ਰਿਪੋਰਟਾਂ ਅਨੁਸਾਰ ਬਰਨਾਲਾ ਵਿੱਚ ਪ੍ਰਦਰਸ਼ਨ ਕਰ ਰਹੇ ਸਫਾਈ ਕਰਮਚਾਰੀਆਂ 'ਤੇ ਪੁਲਸ ਵੱਲੋਂ ਬਲ ਪ੍ਰਯੋਗ ਦੇ ਗੰਭੀਰ ਦੋਸ਼ ਸਾਹਮਣੇ ਆਏ ਹਨ। ਉਨ੍ਹਾਂ ਜ਼ੋਰ ਦਿੱਤਾ ਕਿ ਸਫਾਈ ਕਰਮਚਾਰੀਆਂ ਦੇ ਅਧਿਕਾਰਾਂ, ਸੁਰੱਖਿਆ ਅਤੇ ਮਾਣ-ਸਨਮਾਨ ਦੀ ਰੱਖਿਆ ਕਰਨਾ ਸਰਕਾਰ ਦੀ ਸੰਵਿਧਾਨਕ ਜ਼ਿੰਮੇਵਾਰੀ ਹੈ।
ਆਯੋਗ ਨੇ ਮੁੱਖ ਸਕੱਤਰ ਨੂੰ ਪੂਰੇ ਮਾਮਲੇ ਦੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਕਰਵਾਉਣ, ਡੀਜੀਪੀ ਤੋਂ ਵਿਸਥਾਰਪੂਰਵਕ ਰਿਪੋਰਟ ਪ੍ਰਾਪਤ ਕਰਕੇ ਸੱਤ ਦਿਨਾਂ ਵਿੱਚ ਆਯੋਗ ਨੂੰ ਭੇਜਣ ਅਤੇ ਸਬੰਧਤ ਸੀਨੀਅਰ ਪੁਲਸ ਅਧਿਕਾਰੀਆਂ ਦੀ ਭੂਮਿਕਾ ਦੀ ਵੀ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਸਨ।
ਹਰਦੀਪ ਸਿੰਘ ਗਿੱਲ ਨੇ ਕਿਹਾ ਕਿ ਅਜਿਹੇ ਮਾਮਲਿਆਂ ਦਾ ਹੱਲ ਬਲ ਪ੍ਰਯੋਗ ਨਹੀਂ, ਸਗੋਂ ਸੰਵੇਦਨਸ਼ੀਲਤਾ ਅਤੇ ਆਪਸੀ ਸੰਵਾਦ ਰਾਹੀਂ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਜਾਂਚ ਦੌਰਾਨ ਕੋਈ ਵੀ ਅਧਿਕਾਰੀ ਦੋਸ਼ੀ ਪਾਇਆ ਜਾਂਦਾ ਹੈ ਤਾਂ ਉਸ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਰਾਸ਼ਟਰੀ ਸਫਾਈ ਕਰਮਚਾਰੀ ਆਯੋਗ ਇਸ ਪੂਰੇ ਮਾਮਲੇ ਦੀ ਲਗਾਤਾਰ ਨਿਗਰਾਨੀ ਕਰੇਗਾ ਅਤੇ ਨਿਆਂਪੂਰਨ ਕਾਰਵਾਈ ਨੂੰ ਯਕੀਨੀ ਬਣਾਏਗਾ।

