ਦੁਬਈ ''ਚ ਮਰੇ ਹਰਦੀਪ ਦੇ ਪਰਿਵਾਰ ਦੇ ਡਾ. ਓਬਰਾਏ ਨੇ ਪੂੰਝੇ ਅੱਥਰੂ

05/16/2020 11:10:53 PM

ਅੰਮ੍ਰਿਤਸਰ (ਸੰਧੂ)— ਸੁਨਹਿਰੀ ਭਵਿੱਖ ਦੇ ਸੁਪਨੇ ਲੈ ਕੇ ਦੁਬਈ ਗਏ ਅੰਮ੍ਰਿਤਸਰ ਜ਼ਿਲੇ ਦੇ ਪਿੰਡ ਚਾਟੀਵਿੰਡ ਲੇਲ੍ਹ ਦੇ 30 ਸਾਲਾ ਹਰਦੀਪ ਸਿੰਘ ਜਿਸ ਦੀ ਬੀਤੀ 20 ਅਪ੍ਰੈਲ ਨੂੰ ਦੁਬਈ 'ਚ ਅਚਾਨਕ ਮੌਤ ਹੋ ਗਈ ਸੀ, ਦੇ ਪਰਿਵਾਰ ਦੀ ਮਦਦ ਲਈ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਤੇ ਉੱਘੇ ਸਮਾਜ ਸੇਵਕ ਡਾ. ਐਸ.ਪੀ. ਸਿੰਘ ਓਬਰਾਏ ਨੇ ਅੱਗੇ ਆਉਂਦਿਆਂ ਜਿੱਥੇ ਉਸ ਦੀ ਮ੍ਰਿਤਕ ਦੇਹ ਭਾਰਤ ਉਸ ਦੇ ਵਾਰਸਾਂ ਤੱਕ ਪਹੁੰਚਾਉਣ ਦੀ ਜ਼ਿੰਮੇਵਾਰੀ ਚੁੱਕੀ ਹੈ, ਉੱਥੇ ਹੀ ਉਨ੍ਹਾਂ ਪੀੜਤ ਪਰਿਵਾਰ ਸਿਰ ਚੜ੍ਹਿਆ ਕਰਜ਼ਾ ਲਾਹੁਣ ਦੇ ਨਾਲ-ਨਾਲ ਮ੍ਰਿਤਕ ਦੀ ਵਿਧਵਾ ਨੂੰ 3 ਹਜ਼ਾਰ ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦੇਣ ਦਾ ਫੈਸਲਾ ਵੀ ਲਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀ ਇਕਾਈ ਅੰਮ੍ਰਿਤਸਰ ਦੇ ਪ੍ਰਧਾਨ ਸੁਖਜਿੰਦਰ ਸਿੰਘ ਹੇਰ, ਮਾਝਾ ਜੋਨ ਦੇ ਸਲਾਹਕਾਰ ਸੁਖਦੀਪ ਸਿੱਧੂ, ਜਨਰਲ ਸਕੱਤਰ ਮਨਪ੍ਰੀਤ ਸੰਧੂ, ਖ਼ਜ਼ਾਨਚੀ ਨਵਜੀਤ ਘਈ, ਐਕਸੀਅਨ ਜਗਦੇਵ ਸਿੰਘ ਛੀਨਾ, ਸ਼ਿਸ਼ਪਾਲ ਸਿੰਘ ਲਾਡੀ ਆਦਿ ਨੇ ਦੱਸਿਆ ਕਿ ਅੰਮ੍ਰਿਤਸਰ ਜ਼ਿਲੇ ਦੇ ਪਿੰਡ ਚਾਟੀਵਿੰਡ ਲੇਲ੍ਹ ਦਾ ਨੌਜਵਾਨ ਹਰਦੀਪ ਸਿੰਘ ਪੁੱਤਰ ਸਵ: ਲੁਕਾ ਸਿੰਘ ਬੀਤੀ 25 ਅਗਸਤ ਨੂੰ ਕਰਜ਼ਾ ਚੁੱਕ ਕੇ ਆਪਣੇ ਪਰਿਵਾਰ ਦੀ ਬਿਹਤਰੀ ਲਈ ਦੁਬਈ ਮਜ਼ਦੂਰੀ ਕਰਨ ਗਿਆ ਸੀ ਪਰ ਕੁਝ ਸਮਾਂ ਬਿਮਾਰ ਰਹਿਣ ਪਿੱਛੋਂ ਬੀਤੀ 20 ਅਪ੍ਰੈਲ ਨੂੰ ਉਸ ਦੀ ਮੌਤ ਹੋ ਗਈ ਸੀ। ਜਦ ਹਰਦੀਪ ਦੇ ਪਰਿਵਾਰ ਨੂੰ ਆਪਣੇ 'ਤੇ ਟੁੱਟੇ ਕਹਿਰ ਦਾ ਪਤਾ ਲੱਗਾ ਤਾਂ ਉਨ੍ਹਾਂ ਨੇ ਡਾ.ਐੱਸ.ਪੀ. ਸਿੰਘ ਓਬਰਾਏ ਨਾਲ ਸੰਪਰਕ ਕਰ ਕੇ ਉਨ੍ਹਾਂ ਨੂੰ ਆਪਣੀ ਗਰੀਬੀ ਤੇ ਬੇਵਸੀ ਦਾ ਹਵਾਲਾ ਦਿੰਦਿਆਂ ਹਰਦੀਪ ਦੀ ਮ੍ਰਿਤਕ ਦੇ ਵਾਪਸ ਭਾਰਤ ਲੈ ਕੇ ਆਉਣ ਦੀ ਬੇਨਤੀ ਕੀਤੀ ਸੀ। 

ਉਨ੍ਹਾਂ ਦੱਸਿਆ ਕਿ ਡਾ. ਓਬਰਾਏ ਵੱਲੋਂ ਤੁਰੰਤ ਇਸ ਕੇਸ ਦੀ ਪੈਰਵਾਈ ਕਰਦਿਆਂ ਜਿੱਥੇ ਦੁਬਈ ਅੰਦਰ ਮ੍ਰਿਤਕ ਦੇਹ ਵਾਪਸ ਲਿਆਉਣ ਲਈ ਸਾਰੀ ਜ਼ਰੂਰੀ ਕਾਗਜ਼ੀ ਕਾਰਵਾਈ ਮੁਕੰਮਲ ਕੀਤੀ ਜਾ ਰਹੇ ਹੈ, ਉੱਥੇ ਹੀ ਉਨ੍ਹਾਂ ਆਪਣੀ ਟੀਮ ਮ੍ਰਿਤਕ ਦੇ ਪਿੰਡ ਭੇਜ ਕੇ ਉਸ ਦੇ ਪਰਿਵਾਰ ਦੀ ਸਥਿਤੀ ਜਾਨਣ ਉਪਰੰਤ ਪਰਿਵਾਰ ਨੂੰ ਭਰੋਸਾ ਦਿੱਤਾ ਹੈ ਕਿ ਟਰੱਸਟ ਵੱਲੋਂ ਜਲਦੀ ਮ੍ਰਿਤਕ ਦੇਹ ਭਾਰਤ ਲਿਆਂਦੀ ਜਾਵੇਗੀ। ਪਰਿਵਾਰ ਦੇ ਆਰਥਿਕ ਹਾਲਾਤ ਬਹੁਤੇ ਵਧੀਆ ਨਾ ਹੋਣ ਕਾਰਨ ਡਾ. ਓਬਰਾਏ ਵੱਲੋਂ ਪੀੜਤ ਪਰਿਵਾਰ ਸਿਰ ਚੜ੍ਹਿਆ ਸਾਰਾ ਕਰਜ਼ਾ ਲਾਹੁਣ ਤੋਂ ਇਲਾਵਾ ਮ੍ਰਿਤਕ ਦੀ ਪਤਨੀ ਨੂੰ ਟਰੱਸਟ ਵੱਲੋਂ ਮਹੀਨੇਵਾਰ 3 ਹਜ਼ਾਰ ਪ੍ਰਤੀ ਮਹੀਨਾ ਪੈਨਸ਼ਨ ਦੇਣ ਦਾ ਫੈਸਲਾ ਵੀ ਕੀਤਾ ਹੈ। ਜਿਸ ਤਹਿਤ ਅੱਜ ਹੀ ਮੌਕੇ 'ਤੇ ਟਰੱਸਟ ਵੱਲੋਂ ਪਰਿਵਾਰ ਨੂੰ ਪੈਨਸ਼ਨ ਦਾ ਚੈੱਕ ਦੇਣ ਤੋਂ ਇਲਾਵਾ ਕਰਜ਼ੇ ਦੀ ਬਣਦੀ ਰਕਮ ਦਾ ਚੈੱਕ ਵੀ ਸੌੰਪਣ ਤੋਂ ਇਲਾਵਾ ਪਰਿਵਾਰ ਨੂੰ ਸੁੱਕਾ ਰਾਸ਼ਨ ਵੀ ਦਿੱਤਾ ਗਿਆ ਹੈ।


Gurminder Singh

Content Editor

Related News