ਦੁਬਈ ''ਚ ਮਾਰੇ ਗਏ ਨੌਜਵਾਨ ਦੀ ਮ੍ਰਿਤਕ ਦੇਹ ਵਤਨ ਪਹੁੰਚੀ

Friday, Jan 05, 2018 - 07:06 PM (IST)

ਦੁਬਈ ''ਚ ਮਾਰੇ ਗਏ ਨੌਜਵਾਨ ਦੀ ਮ੍ਰਿਤਕ ਦੇਹ ਵਤਨ ਪਹੁੰਚੀ

ਰਾਜਾਸਾਂਸੀ (ਨਿਰਵੈਲ) : ਦੁਬਈ 'ਚ ਦਿਲ ਦਾ ਦੌਰਾ ਪੈਣ ਕਾਰਣ ਆਪਣੀ ਜਾਨ ਗੁਆ ਬੈਠੇ ਜਲੰਧਰ ਜ਼ਿਲੇ ਦੇ ਪਿੰਡ ਮੀਰਪੁਰ ਨਾਲ ਸਬੰਧਤ 24 ਸਾਲਾ ਨੌਜਵਾਨ ਅੰਮ੍ਰਿਤਪਾਲ ਸਿੰਘ ਦੀ ਮ੍ਰਿਤਕ ਦੇਹ ਸ਼ੁੱਕਰਵਾਰ ਨੂੰ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁੱਖੀ ਅਤੇ ਉੱਘੇ ਸਮਾਜ ਸੇਵੀ ਡਾ. ਐੱਸ.ਪੀ. ਸਿੰਘ ਓਬਰਾਏ ਦੇ ਯਤਨਾਂ ਸਦਕਾ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਵਿਖੇ ਪੁੱਜੀ।
ਜ਼ਿਕਰਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਪੁੱਤਰ ਅਵਤਾਰ ਸਿੰਘ ਲਗਭਗ ਢੇਡ ਸਾਲ ਪਹਿਲਾਂ ਹੀ ਰੋਜ਼ੀ ਰੋਟੀ ਕਮਾਉਣ ਦੁਬਈ ਗਿਆ ਸੀ ਕਿ ਅਚਾਨਕ ਬੀਤੀ 10 ਦਸੰਬਰ ਨੂੰ ਦਿਲ ਦਾ ਦੌਰਾ ਪੈਣ ਕਾਰਣ ਉਸ ਦੀ ਮੌਤ ਦੀ ਹੋ ਗਈ। ਦੱਸਣਯੋਗ ਹੈ ਕਿ ਪਰਿਵਾਰ ਨੇ ਐੱਸ. ਪੀ. ਸਿੰਘ ਓਬਰਾਏ ਨਾਲ ਸੰਪਰਕ ਕਰਕੇ ਇਸ ਘਟਨਾ ਦੀ ਜਾਣਕਾਰੀ ਦਿੰਦਿਆਂ ਆਪਣੇ ਇਕਲੌਤੇ ਨੌਜਵਾਨ ਪੁੱਤਰ ਦੀ ਮ੍ਰਿਤਕ ਦੇਹ ਦੁਬਈ ਤੋਂ ਭੇਜਣ ਦੀ ਬੇਨਤੀ ਕੀਤੀ ਸੀ, ਜਿਸ 'ਤੇ ਕਾਰਵਾਈ ਕਰਦਿਆਂ ਡਾ. ਓਬਰਾਏ ਨੇ ਦੁਬਈ 'ਚ ਜ਼ਰੂਰੀ ਕਾਗਜ਼ੀ ਕਾਰਵਾਈ ਮੁਕੰਮਲ ਕਰਵਾ ਕੇ ਮ੍ਰਿਤਕ ਦੇਹ ਭਾਰਤ ਭੇਜੀ ਹੈ।
ਹਵਾਈ ਅੱਡੇ 'ਤੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਪ੍ਰਗਟ ਕਰਨ ਪਹੁੰਚੇ ਟਰੱਸਟ ਦੀ ਅੰਮ੍ਰਿਤਸਰ ਜ਼ਿਲਾ ਇਕਾਈ ਦੇ ਮੀਤ ਪ੍ਰਧਾਨ ਮਨਪ੍ਰੀਤ ਸਿੰਘ ਸੰਧੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਕਤ ਨੌਜਵਾਨ ਸਮੇਤ ਸਰਬੱਤ ਦਾ ਭਲਾ ਟਰੱਸਟ ਵੱਲੋਂ ਹੁਣ ਤੱਕ ਵੱਖ-ਵੱਖ ਧਰਮਾਂ ਦੇ 50 ਨੌਜਵਾਨਾਂ ਦੇ ਮ੍ਰਿਤਕ ਸਰੀਰ ਉਨ੍ਹਾਂ ਦੇ ਵਾਰਸਾਂ ਤੱਕ ਪਹੁੰਚਾਏ ਜਾ ਚੁੱਕੇ ਹਨ। ਦੁਬਈ ਤੋਂ ਮ੍ਰਿਤਕ ਦੇਹ ਲੈ ਕੇ ਆਏ ਮ੍ਰਿਤਕ ਦੇ ਮਾਸੜ ਲਖਬੀਰ ਸਿੰਘ, ਇੰਦਰਜੀਤ ਸਿੰਘ ਅਤੇ ਹੋਰਨਾਂ ਪਰਿਵਾਰਕ ਮੈਂਬਰਾਂ ਨੇ ਡਾ.ਓਬਰਾਏ ਦਾ ਧੰਨਵਾਦ ਕੀਤਾ ਜਿਨ੍ਹਾਂ ਸਦਕਾ ਪਰਿਵਾਰ ਆਪਣੇ ਇੱਕਲੌਤੇ ਪੁੱਤਰ ਦੇ ਅੰਤਿਮ ਦਰਸ਼ਨ ਕਰ ਸਕਿਆ ਹੈ।


Related News