ਦੁਬਈ ''ਚ ਫ਼ਸੇ 8 ਨੌਜਵਾਨ ਡਾ. ਓਬਰਾਏ ਦੇ ਯਤਨਾ ਸਦਕਾ ਪਰਤੇ ਵਤਨ
Sunday, Feb 16, 2020 - 08:55 AM (IST)
ਪਟਿਆਲਾ (ਰਾਜੇਸ਼/ਨਿਆਮੀਆਂ) : ਕੰਪਨੀ ਵੱਲੋਂ ਧੋਖਾ ਦਿੱਤੇ ਜਾਣ ਕਾਰਨ ਦੁਬਈ ਵਿਚ ਦਰ-ਦਰ ਦੀਆਂ ਠੋਕਰਾਂ ਖਾਣ ਲਈ ਮਜਬੂਰ ਹੋਏ 29 ਭਾਰਤੀ ਨੌਜਵਾਨਾਂ ਵਿਚੋਂ 8 ਸ਼ਨੀਵਾਰ ਨੂੰ ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬੱਤ ਦਾ ਭਲਾ ਟਰੱਸਟ ਦੇ ਮੁਖੀ ਡਾ. ਐੱਸ. ਪੀ. ਸਿੰਘ ਓਬਰਾਏ ਦੇ ਵਿਸ਼ੇਸ਼ ਯਤਨਾਂ ਸਦਕਾ ਦੁਬਈ ਤੋਂ ਮੋਹਾਲੀ ਹਵਾਈ ਅੱਡੇ 'ਤੇ ਪਹੁੰਚੇ। ਨੌਜਵਾਨਾਂ ਨੇ ਆਪਣੇ ਨਾਲ ਹੋਏ ਧੋਖੇ ਬਾਰੇ ਵਿਸਥਾਰ 'ਚ ਦੱਸਦਿਆਂ ਡਾ. ਓਬਰਾਏ ਵੱਲੋਂ ਉਨ੍ਹਾਂ ਨਾਲ ਕੀਤੇ ਵੱਡੇ ਪਰਉਪਕਾਰ ਲਈ ਉਨ੍ਹਾਂ ਦਾ ਧੰਨਵਾਦ ਕੀਤਾ। ਉਥੇ ਹੀ ਡਾ. ਓਬਰਾਏ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਇਨ੍ਹਾਂ ਨੌਜਵਾਨਾਂ ਨੂੰ ਦੁਬਈ ਦੀ ਇਕ ਕੰਪਨੀ ਨੇ ਸਕਿਓਰਿਟੀ ਗਾਰਡ ਦੇ ਕੰਮ ਲਈ ਭਾਰਤ ਤੋਂ ਸੱਦਿਆ ਸੀ ਪਰ ਕੁਝ ਮਹੀਨਿਆਂ ਬਾਅਦ ਕੰਪਨੀ ਮਾਲਕ ਕੰਪਨੀ ਬੰਦ ਕਰ ਕੇ ਭੱਜ ਗਿਆ।
ਉਨ੍ਹਾਂ ਦੱਸਿਆ ਕਿ ਕੰਪਨੀ ਬੰਦ ਹੋ ਜਾਣ ਨਾਲ ਜਿੱਥੇ ਇਨ੍ਹਾਂ ਨੌਜਵਾਨਾਂ ਦਾ ਭਵਿੱਖ ਧੁੰਦਲਾ ਹੋ ਗਿਆ, ਉੱਥੇ ਹੀ ਉਨ੍ਹਾਂ ਵੱਲੋਂ ਕੀਤੇ ਗਏ ਤਿੰਨ ਤੋਂ ਛੇ ਮਹੀਨਿਆਂ ਦੇ ਕੰਮ ਦੀ ਤਨਖਾਹ ਵੀ ਨਹੀਂ ਦਿੱਤੀ ਗਈ, ਜਿਸ ਕਾਰਣ ਇਨ੍ਹਾਂ ਨੂੰ ਸਿਰ 'ਤੇ ਛੱਤ ਜਾਣ ਦੇ ਨਾਲ-ਨਾਲ ਦੋ ਵਕਤ ਦੀ ਰੋਟੀ ਤੋਂ ਵੀ ਵਾਂਝੇ ਹੋਣਾ ਪਿਆ। ਉਨ੍ਹਾਂ ਦੱਸਿਆ ਕਿ ਜਦੋਂ ਉਕਤ ਨੌਜਵਾਨਾਂ ਨੇ ਉਨ੍ਹਾਂ ਨਾਲ ਸੰਪਰਕ ਕਰ ਕੇ ਆਪਣੀ ਹੱਡਬੀਤੀ ਸੁਣਾਈ ਤਾਂ ਉਨ੍ਹਾਂ ਨੇ ਇਨ੍ਹਾਂ ਦੀ ਮੁਸ਼ਕਿਲ ਨੂੰ ਵੇਖਦਿਆਂ ਆਪਣੇ ਖਰਚ 'ਤੇ ਇਨ੍ਹਾਂ ਨੂੰ ਵਾਪਸ ਭਾਰਤ ਲੈ ਕੇ ਆਉਣ ਦਾ ਫ਼ੈਸਲਾ ਲਿਆ।
ਉਨ੍ਹਾਂ ਦੱਸਿਆ ਕਿ ਬਾਕੀ 21 ਨੌਜਵਾਨਾਂ ਨੂੰ ਵੀ ਕਾਗਜ਼ਾਤ ਮੁਕੰਮਲ ਹੋਣ ਉਪਰੰਤ ਜਲਦ ਵਾਪਸ ਲਿਆਂਦਾ ਜਾਵੇਗਾ। ਡਾ. ਓਬਰਾਏ ਨੇ ਇਹ ਵੀ ਦੱਸਿਆ ਕਿ ਜਦੋਂ ਤੱਕ ਬਾਕੀ ਨੌਜਵਾਨ ਵਾਪਸ ਨਹੀਂ ਆ ਜਾਂਦੇ ਦੁਬਈ ਵਿਖੇ ਉਨ੍ਹਾਂ ਦੀ ਰਿਹਾਇਸ਼ ਅਤੇ ਖਾਣੇ ਦਾ ਪ੍ਰਬੰਧ ਵੀ ਉਨ੍ਹਾਂ ਵੱਲੋਂ ਕੀਤਾ ਗਿਆ ਹੈ।