ਰੋਜ਼ੀ ਰੋਟੀ ਕਮਾਉਣ ਦੁਬਈ ਗਏ ਕੇਵਲ ਰਾਮ ਦੀ ਮ੍ਰਿਤਕ ਦੇਹ ਬੰਦ ਬਕਸੇ 'ਚ ਵਤਨ ਪੁੱਜੀ

09/09/2019 5:32:45 PM

ਅੰਮ੍ਰਿਤਸਰ (ਰਮਨ ਸੋਢੀ) - ਰੋਜ਼ੀ ਰੋਟੀ ਕਮਾਉਣ ਤੇ ਪਰਿਵਾਰ ਨੂੰ ਆਰਥਿਕ ਪੱਖੋਂ ਮਜ਼ਬੂਤ ਕਰਨ ਦੇ ਸੁਪਨੇ ਲੈ ਕੇ ਦੁਬਈ ਗਏ 61 ਸਾਲਾ ਕੇਵਲ ਰਾਮ ਪੁੱਤਰ ਨੰਜੂ ਰਾਮ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ। ਸਰਬੱਤ ਦਾ ਭਲਾ ਟਰੱਸਟ ਚੈਰੀਟੇਬਲ ਦੇ ਸਰਪ੍ਰਸਤ ਅਤੇ ਉੱਘੇ ਸਮਾਜ ਸੇਵਕ ਡਾ.ਐੱਸ.ਪੀ. ਸਿੰਘ ਓਬਰਾਏ ਦੇ ਯਤਨਾਂ ਸਦਕਾ ਮ੍ਰਿਤਕ ਕੇਵਲ ਰਾਤ ਦੀ ਮ੍ਰਿਤਕ ਦੇਹ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਪਹੁੰਚ ਗਈ। ਜਾਣਕਾਰੀ ਅਨੁਸਾਰ ਜਲੰਧਰ ਜ਼ਿਲੇ ਦੇ ਫਿਲੌਰ ਨੇੜਲੇ ਪਿੰਡ ਕੰਗ ਜਗੀਰ ਨਾਲ ਸੰਬੰਧਿਤ ਕੇਵਲ ਕਰੀਬ 3 ਮਹੀਨੇ ਪਹਿਲਾਂ ਛੁੱਟੀ ਕੱਟ ਕੇ ਵਾਪਸ ਦੁਬਈ ਗਿਆ ਸੀ, ਜਿਸ ਦੀ 28 ਅਗਸਤ ਨੂੰ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਦੱਸਣਯੋਗ ਹੈ ਕਿ ਕੇਵਲ ਰਾਮ ਦੀ ਕੁਝ ਸਮੇਂ ਤੋਂ ਸਿਹਤ ਠੀਕ ਨਹੀਂ ਸੀ ਰਹਿੰਦੀ, ਜਿਸ ਕਾਰਨ ਉਹ ਬੀਤੀ 28 ਅਗਸਤ ਨੂੰ ਪੰਜਾਬ ਵਾਪਸ ਆ ਰਿਹਾ ਸੀ । ਜਦ ਉਹ ਏਅਰਪੋਰਟ ਜਾਣ ਲਈ ਘਰੋਂ ਸਵੇਰੇ 5 ਵਜੇ ਚੱਲਣ ਲੱਗਾ ਤਾਂ ਉਸ ਨੂੰ ਅਚਾਨਕ ਦਿਲ ਦਾ ਦੌਰਾ ਪੈ ਗਿਆ। ਉਸ ਦੇ ਸਾਥੀਆਂ ਨੇ ਉਸ ਨੂੰ ਹਸਪਤਾਲ ਪਹੁੰਚਾਇਆ, ਜਿੱਥੇ ਦੂਜੀ ਵਾਰ ਮੁੜ ਦੌਰਾ ਪੈਣ ਕਾਰਨ ਉਸ ਦੀ ਮੌਤ ਹੋ ਗਈ।

ਕੇਵਲ ਰਾਮ ਦੀ ਕੁਝ ਵਰ੍ਹੇ ਪਹਿਲਾਂ ਕੰਮ ਦੌਰਾਨ ਸੱਜੀ ਬਾਂਹ ਕੱਟੀ ਗਈ ਸੀ ਅਤੇ ਉਸ ਦੀ ਕੋਈ ਔਲਾਦ ਵੀ ਨਹੀਂ। ਉਸ ਦੀ ਪਤਨੀ ਬਹੁਤ ਬਿਮਾਰ ਰਹਿੰਦੀ ਹੈ। ਮ੍ਰਿਤਕ ਦੇ ਸਾਥੀਆਂ ਨੇ ਉਸਦੀ ਲਾਸ਼ ਭਾਰਤ ਭੇਜਣ ਲਈ ਡਾ. ਓਬਰਾਏ ਨਾਲ ਗੱਲ ਕੀਤੀ ਤਾਂ ਉਨ੍ਹਾਂ ਨੇ ਉਸ ਦੇ ਪਰਿਵਾਰਿਕ ਮੈਂਬਰਾਂ ਨਾਲ ਸੰਪਰਕ ਕੀਤਾ। ਪਰਿਵਾਰ ਨੇ ਆਪਣੀ ਆਰਥਿਕ ਹਾਲਤ ਅਤੇ ਬੇਵਸੀ ਦਾ ਹਵਾਲਾ ਦਿੰਦਿਆਂ ਕੇਵਲ ਰਾਮ ਦੀ ਲਾਸ਼ ਭਾਰਤ ਭੇਜਣ ਦੀ ਅਰਜੋਈ ਕੀਤੀ, ਜਿਸ 'ਤੇ ਕਾਰਵਾਈ ਕਰਦਿਆਂ ਡਾ: ਓਬਰਾਏ ਅਤੇ ਉਨ੍ਹਾਂ ਦੀ ਟੀਮ ਨੇ ਦੁਬਈ ਦੀਆਂ ਜਰੂਰੀ ਕਾਗਜ਼ੀ ਕਾਰਵਾਈਆਂ ਨੂੰ ਮੁਕੰਮਲ ਕਰਨ ਤੋਂ ਬਾਅਦ ਮ੍ਰਿਤਕ ਦੇਹ ਨੂੰ ਭਾਰਤ ਭੇਜ ਦਿੱਤਾ। ਹਵਾਈ ਅੱਡੇ 'ਤੇ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਨਾਲ ਦੁੱਖ ਸਾਂਝਾ ਕਰਨ ਪੁੱਜੇ ਟਰੱਸਟ ਦੇ ਸੇਵਾਦਾਰ ਸੁਖਜਿੰਦਰ ਸਿੰਘ ਹੇਰ, ਮਨਪ੍ਰੀਤ ਸਿੰਘ ਸੰਧੂ, ਹਰਜਿੰਦਰ ਸਿੰਘ ਹੇਰ ਆਦਿ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਕਤ ਵਿਅਕਤੀ ਸਣੇ ਟਰੱਸਟ ਵਲੋਂ ਹੁਣ ਤੱਕ 129 ਬਦਨਸੀਬਾਂ ਦੇ ਮ੍ਰਿਤਕ ਸਰੀਰ ਵਾਰਸਾਂ ਤੱਕ ਪਹੁੰਚਾਏ ਜਾ ਚੁੱਕੇ ਹਨ।

ਕੇਵਲ ਰਾਮ ਦੀ ਲਾਸ਼ ਨੂੰ ਭਾਰਤ ਭੇਜਣ 'ਚ ਭਾਰਤੀ ਦੂਤਾਵਾਸ ਤੋਂ ਇਲਾਵਾ ਸ. ਓਬਰਾਏ ਦੇ ਨਿੱਜੀ ਸਕੱਤਰ ਬਲਦੀਪ ਸਿੰਘ ਚਾਹਲ ਨੇ ਵੀ ਭੂਮਿਕਾ ਨਿਭਾਈ ਹੈ। ਦੁਬਈ ਤੋਂ ਮ੍ਰਿਤਕ ਦੇਹ ਨਾਲ ਆਏ ਮੁਹੰਮਦ ਨਜ਼ੀਰ ਤੋਂ ਇਲਾਵਾ ਮ੍ਰਿਤਕ ਦੇ ਭਰਾ ਅਤੇ ਰਿਸ਼ਤੇਦਾਰਾਂ ਨੇ ਸ. ਓਬਰਾਏ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਸੀਂ ਪਹਿਲੀ ਵਾਰ ਅਜਿਹਾ ਇਨਸਾਨ ਦੇਖਿਆ ਹੈ ਜੋ ਬਿਨ੍ਹਾਂ ਕਿਸੇ ਸਵਾਰਥ ਦੇ ਲੋੜਵੰਦਾਂ ਦੀ ਮਦਦ ਕਰਨ ਲਈ ਤਿਆਰ ਰਹਿੰਦਾ ਹਨ।


rajwinder kaur

Content Editor

Related News