ਦੁਬਈ ''ਚ ਖ਼ੁਦਕੁਸ਼ੀ ਕਰਨ ਵਾਲੇ ਬਰਨਾਲਾ ਦੇ ਭਗਵੰਤ ਸਿੰਘ ਦੀ ਮ੍ਰਿਤਕ ਦੇਹ ਵਤਨ ਪੁੱਜੀ

Monday, Dec 14, 2020 - 08:05 PM (IST)

ਦੁਬਈ ''ਚ ਖ਼ੁਦਕੁਸ਼ੀ ਕਰਨ ਵਾਲੇ ਬਰਨਾਲਾ ਦੇ ਭਗਵੰਤ ਸਿੰਘ ਦੀ ਮ੍ਰਿਤਕ ਦੇਹ ਵਤਨ ਪੁੱਜੀ

ਅੰਮ੍ਰਿਤਸਰ/ਬਰਨਾਲਾ (ਸੰਧੂ) : ਆਪਣੇ ਪਰਿਵਾਰਾਂ ਨੂੰ ਆਰਥਿਕ ਮੰਦਹਾਲੀ 'ਚੋਂ ਕੱਢਣ ਲਈ ਆਪਣੇ ਘਰ, ਜ਼ਮੀਨਾਂ ਗਹਿਣੇ ਧਰ ਖਾੜੀ ਮੁਲਕਾਂ 'ਚ ਮਜ਼ਦੂਰੀ ਕਰਨ ਗਏ ਲੋਕਾਂ ਦੀ ਹਰ ਮੁਸ਼ਕਲ ਘੜੀ 'ਚ ਰਹਿਬਰ ਬਣ ਸੇਵਾ ਰੂਪੀ ਮਦਦ ਕਰਨ ਵਾਲੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਟਰੱਸਟ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ. ਐੱਸ. ਪੀ. ਸਿੰਘ ਓਬਰਾਏ ਦੇ ਯਤਨਾਂ ਸਦਕਾ ਬਰਨਾਲਾ ਸ਼ਹਿਰ ਨਾਲ ਸਬੰਧਤ 34 ਸਾਲਾ ਭਗਵੰਤ ਸਿੰਘ ਪੁੱਤਰ ਤਖਤ ਸਿੰਘ ਦਾ ਮ੍ਰਿਤਕ ਸਰੀਰ ਅੱਜ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਵਿਖੇ ਪੁੱਜਿਆ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ.ਐੱਸ.ਪੀ.ਸਿੰਘ ਓਬਰਾਏ ਨੇ ਦੱਸਿਆ ਕਿ ਭਗਵੰਤ ਸਿੰਘ ਕਰੀਬ ਇਕ ਸਾਲ ਪਹਿਲਾਂ ਆਪਣੇ ਪਰਿਵਾਰ ਦੇ ਆਰਥਿਕ ਹਾਲਾਤ ਨੂੰ ਸੁਧਾਰਨ ਦੀ ਕੋਸ਼ਿਸ਼ 'ਚ ਦੁਬਈ ਮਿਹਨਤ ਮਜ਼ਦੂਰੀ ਕਰਨ ਗਿਆ ਸੀ ਕਿ ਬੀਤੀ 3 ਨਵੰਬਰ ਨੂੰ ਕਿਸੇ ਪ੍ਰੇਸ਼ਾਨੀ ਦੇ ਚੱਲਦਿਆਂ ਉਸ ਨੇ ਸ਼ਾਰਜਾਹ 'ਚ ਆਤਮਹੱਤਿਆ ਕਰ ਲਈ ਸੀ।

ਇਹ ਵੀ ਪੜ੍ਹੋ : ਘਰ 'ਚ ਰੱਖਿਆ ਧੀ ਦਾ ਵਿਆਹ, ਪਿਓ ਨੇ ਪੁਲਸ ਦੇ ਸਾਹਮਣੇ ਪੀਤੀ ਜ਼ਹਿਰ

ਉਨ੍ਹਾਂ ਦੱਸਿਆ ਕਿ ਜਦ ਪੀੜਤ ਪਰਿਵਾਰ ਨੇ ਉਨ੍ਹਾਂ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਨੇ ਕਾਰਵਾਈ ਕਰਦਿਆਂ ਆਪਣੀ ਦੁਬਈ ਵਿਚਲੀ ਟੀਮ ਤੋਂ ਸਾਰੀ ਕਾਗਜ਼ੀ ਕਾਰਵਾਈ ਮੁਕੰਮਲ ਕਰਵਾ ਕੇ ਭਾਰਤੀ ਦੂਤਾਵਾਸ ਦੇ ਸਹਿਯੋਗ ਸਦਕਾ ਭਗਵੰਤ ਸਿੰਘ ਦਾ ਮ੍ਰਿਤਕ ਸਰੀਰ ਲਿਆ ਕੇ ਅੱਜ ਟਰੱਸਟ ਦੀ ਅੰਮ੍ਰਿਤਸਰ ਇਕਾਈ ਦੇ ਪ੍ਰਧਾਨ ਸੁਖਜਿੰਦਰ ਸਿੰਘ ਹੇਰ, ਜਨਰਲ ਸਕੱਤਰ ਮਨਪ੍ਰੀਤ ਸੰਧੂ, ਵਿੱਤ ਸਕੱਤਰ ਨਵਜੀਤ ਸਿੰਘ ਘਈ ਅਤੇ ਮੀਤ ਪ੍ਰਧਾਨ ਸ਼ਿਸ਼ਪਾਲ ਸਿੰਘ ਲਾਡੀ ਦੀ ਮੌਜੂਦਗੀ 'ਚ ਹਵਾਈ ਅੱਡੇ ਤੇ ਪਰਿਵਾਰ ਨੂੰ ਸੌਂਪ ਦਿੱਤਾ ਹੈ।

ਇਹ ਵੀ ਪੜ੍ਹੋ : ਕਿਸਾਨ ਅੰਦੋਲਨ ਨੇ ਭਾਜਪਾ 'ਚ ਲਵਾਈ ਅਸਤੀਫ਼ਿਆਂ ਦੀ ਝੜੀ, ਲੱਗਾ ਇਕ ਹੋਰ ਵੱਡਾ ਝਟਕਾ

ਡਾ.ਓਬਰਾਏ ਨੇ ਦੱਸਿਆ ਕਿ ਉਹ ਹੁਣ ਤੱਕ 214 ਬਦਨਸੀਬ ਲੋਕਾਂ ਦੇ ਮ੍ਰਿਤਕ ਸਰੀਰ ਵਾਰਸਾਂ ਤੱਕ ਪਹੁੰਚਾ ਚੁੱਕੇ ਹਨ। ਡਾ. ਓਬਰਾਏ ਅਨੁਸਾਰ ਆਉਂਦੇ ਕੁਝ ਦਿਨਾਂ ਅੰਦਰ ਟਰੱਸਟ ਵੱਲੋਂ ਹੋਰ ਵੀ ਕੁਝ ਬਦਨਸੀਬ ਨੌਜਵਾਨਾਂ ਦੇ ਮ੍ਰਿਤਕ ਸਰੀਰ ਦੁਬਈ ਤੋਂ ਵਾਪਸ ਭਾਰਤ ਪਹੁੰਚਾਏ ਜਾਣਗੇ। ਉਨ੍ਹਾਂ ਇਹ ਵੀ ਦੱਸਿਆ ਕਿ ਖਾੜੀ ਦੇਸ਼ਾਂ ਅੰਦਰ ਪਰਵਾਸੀ ਕਾਮਿਆਂ ਦੀਆਂ ਮੌਤਾਂ ਦੀ ਗਿਣਤੀ 'ਚ ਹੋ ਰਹੇ ਵਾਧੇ ਦਾ ਵੱਡਾ ਕਾਰਨ ਕੋਰੋਨਾ ਮਹਾਮਾਰੀ ਕਾਰਨ ਕੰਮ ਬੰਦ ਹੋਣਾ ਜਾਂ ਘੱਟਣਾ ਹੈ, ਜਿਸ ਕਾਰਨ ਪ੍ਰੇਸ਼ਾਨੀ ਦੇ ਚੱਲਦਿਆਂ ਬਹੁਤ ਸਾਰੇ ਨੌਜਵਾਨ ਜਾਂ ਤਾਂ ਆਤਮ ਹੱਤਿਆ ਕਰ ਰਹੇ ਹਨ ਜਾਂ ਛੋਟੀ ਉਮਰ 'ਚ ਹੀ ਦਿਲ ਦਾ ਦੌਰਾ ਪੈਣ ਕਾਰਨ ਉਨ੍ਹਾਂ ਦੀ ਮੌਤ ਹੋ ਰਹੀ ਹੈ। ਇਸ ਦੌਰਾਨ ਮ੍ਰਿਤਕ ਦੇਹ ਲੈਣ ਪਹੁੰਚੇ ਮ੍ਰਿਤਕ ਦੇ ਚਾਚਾ ਸੁਖਦੇਵ ਸਿੰਘ ਨੇ ਆਪਣੇ ਭਤੀਜੇ ਭਗਵੰਤ ਸਿੰਘ ਦੀ ਮ੍ਰਿਤਕ ਦੇਹ ਲੈ ਕੇ ਆਉਣ 'ਤੇ ਡਾ. ਐੱਸ. ਪੀ. ਸਿੰਘ ਓਬਰਾਏ ਦਾ ਤਹਿ ਦਿਲੋਂ ਸ਼ੁਕਰਾਨਾ ਕੀਤਾ।

ਇਹ ਵੀ ਪੜ੍ਹੋ : ਕਿਸਾਨ ਅੰਦੋਲਨ ਦੌਰਾਨ ਵੱਡੀ ਹਲਚਲ, ਭਾਜਪਾ ਨੇ ਪੰਜਾਬ ਦੇ 4 ਨੇਤਾਵਾਂ ਨੂੰ ਅਚਾਨਕ ਦਿੱਲੀ ਸੱਦਿਆ

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਇ? ਕੁਮੈਂਟ ਕਰਕੇ ਦਿਓ ਜਵਾਬ।


author

Gurminder Singh

Content Editor

Related News