ਨਸ਼ੇ ਦੀ ਪੂਰਤੀ ਨਾ ਹੋਣ ਕਾਰਨ ਨੌਜਵਾਨ ਵੱਲੋਂ ਖੁਦਕੁਸ਼ੀ

Wednesday, Jan 10, 2018 - 06:32 AM (IST)

ਗੁਰੂ ਕਾ ਬਾਗ/ਚੇਤਨਪੁਰਾ/ਅਜਨਾਲਾ,   (ਭੱਟੀ/ਨਿਰਵੈਲ/ਰਮਨਦੀਪ)-  ਅੱਜ ਸਵੇਰੇ ਪਿੰਡ ਜਗਦੇਵ ਕਲਾਂ ਦੇ ਇਕ ਨੌਜਵਾਨ ਵੱਲੋਂ ਆਪਣੇ ਹੀ ਪਿਉ ਦੀ ਘਰ 'ਚ ਪਈ ਲਾਇਸੈਂਸੀ 12 ਬੋਰ ਦੀ ਰਾਈਫਲ ਨਾਲ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਏ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।
ਪੁਲਸ ਥਾਣਾ ਰਾਜਾਸਾਂਸੀ ਦੇ ਐੱਸ. ਐੱਚ. ਓ. ਗੁਰਿੰਦਰਪਾਲ ਸਿੰਘ ਨੇ ਦੱਸਿਆ ਕਿ ਗੁਰਸਾਹਿਬ ਸਿੰਘ ਗੋਰਾ (27) ਪੁੱਤਰ ਹਰਬੀਰ ਸਿੰਘ ਨੇ ਆਪਣੇ ਘਰ ਵਿਚ ਹੀ ਪਈ ਆਪਣੇ ਪਿਤਾ ਦੀ ਲਾਇਸੈਂਸੀ ਬੰਦੂਕ ਨਾਲ ਆਪਣੇ ਗੋਲੀ ਮਾਰ ਲਈ ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਘਰ ਵਾਲਿਆਂ ਦੇ ਬਿਆਨਾਂ ਦੇ ਆਧਾਰ 'ਤੇ ਪੁਲਸ ਨੇ 174 ਦੀ ਕਾਰਵਾਈ ਕਰਦਿਆਂ ਲਾਸ਼ ਦਾ ਪੋਸਟਮਾਰਟਮ ਕਰਵਾਉਣ ਉਪਰੰਤ ਵਾਰਿਸਾਂ ਦੇ ਹਵਾਲੇ ਕਰ ਦਿੱਤੀ ਹੈ। ਉਧਰ ਪਿੰਡ ਦੇ ਕਈ ਵਿਅਕਤੀਆਂ ਨੇ ਆਪਣਾ ਨਾਂ ਗੁਪਤ ਰੱਖਣ ਦੀ ਸ਼ਰਤ 'ਤੇ ਦੱਸਿਆ ਕਿ ਸਾਡੇ ਪਿੰਡ ਵਿਚ ਨਸ਼ੇ ਦਾ ਕਾਰੋਬਾਰ ਇੰਨਾ ਜ਼ਿਆਦਾ ਹੈ ਕਿ ਕਈ ਨੌਜਵਾਨ ਇਸ ਨਸ਼ੇ ਦੀ ਦਲਦਲ ਵਿਚ ਬੁਰੀ ਤਰ੍ਹਾਂ ਨਾਲ ਫਸ ਚੁੱਕੇ ਹਨ ਤੇ ਗੋਰਾ ਵੀ ਉਨ੍ਹਾਂ ਵਿਚੋਂ ਇਕ ਸੀ ਜੋ ਕਿ ਨਸ਼ਾ ਕਰਨ ਲਈ ਆਪਣੇ ਘਰ ਵਾਲਿਆਂ ਨੂੰ ਅਕਸਰ ਤੰਗ ਪ੍ਰੇਸ਼ਾਨ ਕਰਦਾ ਸੀ ਤੇ ਕਈ ਵਾਰ ਉਨ੍ਹਾਂ ਦੀ ਕੁੱਟਮਾਰ ਵੀ ਕਰਦਾ ਸੀ ਤੇ ਅੱਜ ਸਵੇਰੇ ਜਦੋਂ ਘਰ ਵਾਲਿਆਂ ਕੋਲੋਂ ਨਸ਼ਾ ਕਰਨ ਲਈ ਪੈਸੇ ਮੰਗੇ ਤਾਂ ਉਨ੍ਹਾਂ ਨੇ ਪੈਸੇ ਦੇਣ ਤੋਂ ਨਾਂਹ ਕਰ ਦਿੱਤੀ ਤੇ ਘਰ ਵਿਚ ਰੱਖੀ ਆਪਣੇ ਪਿਤਾ ਜੋ ਕਿ ਸੇਵਾਮੁਕਤ ਹੋ ਕੇ ਅੰਮ੍ਰਿਤਸਰ ਵਿਖੇ ਸਕਿਉਰਿਟੀ ਗਾਰਡ ਵਜੋਂ ਨੌਕਰੀ ਕਰਦਾ ਸੀ, ਦੀ ਲਾਇਸੈਂਸੀ ਬੰਦੂਕ ਨਾਲ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। 


Related News