ਪ੍ਰੇਮ ਸੰਬੰਧਾ ਕਾਰਨ ਨੌਜਵਾਨ ਦੀ ਮੌਤ, ਪਰਿਵਾਰਕ ਮੈਂਬਰਾਂ ਨੇ ਲਗਾਇਆ ਧਰਨਾ (ਵੀਡੀਓ)

07/11/2017 12:27:31 PM

ਤਰਨਤਾਰਨ -  ਤਰਨਤਾਰਨ ਵਿਖੇ ਪ੍ਰੇਮ ਸੰਬੰਧਾਂ ਕਾਰਨ ਲੜਕੀ ਦੇ ਪਰਿਵਾਰਿਕ ਮੈਂਬਰਾਂ ਵੱਲੋਂ ਲੜਕੇ ਰਣਜੀਤ ਸਿੰਘ (23) ਵਾਸੀ ਝਬਾਲ ਨੂੰ ਧੋਖੇ ਨਾਲ ਘਰ ਬੁਲਾ ਕੇ ਜ਼ਹਿਰੀਲੀ ਦਵਾਈ ਦੇ ਕੇ ਮੌਤ ਦੇ ਘਾਟ ਉਤਾਰਨ ਸਬੰਧੀ ਸਮਾਚਾਰ ਪ੍ਰਾਪਤ ਹੋਇਆ ਹੈ, ਜਦਕਿ ਲੜਕੇ ਦੀ ਮੌਤ ਤੋਂ ਬਾਅਦ ਥਾਣਾ ਸਿਟੀ ਤਰਨਤਾਰਨ ਦੀ ਪੁਲਸ ਵੱਲੋਂ ਕੋਈ ਕਾਰਵਾਈ ਨਾ ਕਰਨ 'ਤੇ ਮ੍ਰਿਤਕ ਲੜਕੇ ਰਣਜੀਤ ਸਿੰਘ ਦੇ ਪਰਿਵਾਰਿਕ ਮੈਂਬਰਾਂ ਵੱਲੋਂ ਬੋਹੜੀ ਚੌਕ ਵਿਖੇ ਕਈ ਘੰਟੇ ਧਰਨਾ ਲਾ ਕੇ ਰੋਸ ਮੁਜ਼ਾਹਰਾ ਤੇ ਪੁਲਸ ਪ੍ਰਸ਼ਾਸਨ ਖਿਲਾਫ ਨਾਅਰੇਬਾਜ਼ੀ ਕੀਤੀ ਗਈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਲੜਕੇ ਦੀ ਮਾਂ ਨੇ ਦੱਸਿਆ ਕਿ ਉਸ ਦੇ ਲੜਕੇ ਦੇ ਸੁਨੀਤਾ (ਕਾਲਪਨਿਕ ਨਾਂ) ਨਾਲ ਪ੍ਰੇਮ ਸੰਬੰਧ ਸਨ ਅਤੇ ਦੋਵੇਂ ਵਿਆਹ ਕਰਵਾਉਣਾ ਚਾਹੁੰਦੇ ਸੀ ਪਰ ਲੜਕੀ ਦੇ ਪਿਤਾ ਅਤੇ ਬਾਕੀ ਪਰਿਵਾਰਿਕ ਮੈਂਬਰ ਉਸ ਦਾ ਵਿਆਹ ਰਣਜੀਤ ਨਾਲ ਨਹੀਂ ਕਰਨਾ ਚਾਹੁੰਦੇ ਸਨ, ਜਿਸ 'ਤੇ ਲੜਕੀ ਦੇ ਪਰਿਵਾਰਿਕ ਮੈਂਬਰਾਂ ਨੇ ਬੀਤੇ ਦਿਨ ਰਣਜੀਤ  ਨੂੰ ਤਰਨਤਾਰਨ ਵਿਖੇ ਆਪਣੇ ਰਿਸ਼ਤੇਦਾਰਾਂ ਦੇ ਘਰ ਧੋਖੇ ਨਾਲ ਬੁਲਾ ਕੇ ਉਸ ਨੂੰ ਜ਼ਹਿਰੀਲੀ ਦਵਾਈ ਦੇ ਕੇ ਮੌਤ ਦੇ ਘਾਟ ਉਤਾਰ ਦਿੱਤਾ। ਉਨ੍ਹਾਂ ਦੱਸਿਆ ਕਿ ਪੁਲਸ ਵੱਲੋਂ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਕੀਤੀ ਗਈ, ਬਲਕਿ ਜਬਰੀ ਰਾਜ਼ੀਨਾਮਾ ਕਰਨ ਲਈ ਕਿਹਾ ਗਿਆ। ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਪੁਲਸ ਦੇ ਉੱਚ ਅਧਿਕਾਰੀਆਂ ਪਾਸੋਂ ਮੰਗ ਕੀਤੀ ਹੈ ਕਿ ਲੜਕੀ ਦੇ ਪਰਿਵਾਰਿਕ ਮੈਂਬਰਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ। ਇਸ ਮੌਕੇ ਲੜਕੇ ਦੇ ਪਰਿਵਾਰਿਕ ਮੈਂਬਰਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਉਨ੍ਹਾਂ ਨੂੰ ਇਨਸਾਫ ਨਹੀਂ ਮਿਲੇਗਾ, ਉਦੋਂ ਤੱਕ ਲੜਕੇ ਦਾ ਅੰਤਿਮ ਸੰਸਕਾਰ ਨਹੀਂ ਕੀਤਾ ਜਾਵੇਗਾ। ਦੱਸਣਯੋਗ ਹੈ ਕਿ ਲੜਕੇ ਦੀ ਮੌਤ ਨੂੰ ਦੋ ਦਿਨ ਤੋਂ ਵੀ ਵੱਧ ਸਮਾਂ ਹੋ ਗਿਆ ਹੈ ਪਰ ਪੁਲਸ ਵੱਲੋਂ ਅਜੇ ਤੱਕ ਕੋਈ ਕਾਰਵਾਈ ਅਮਲ 'ਚ ਨਹੀਂ ਲਿਆਂਦੀ ਗਈ।
ਦੂਸਰੇ ਪਾਸੇ ਮੌਕੇ 'ਤੇ ਪਹੁੰਚੇ ਡੀ. ਐੱਸ. ਪੀ. ਸਿਟੀ ਪਿਆਰਾ ਸਿੰਘ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜੋ ਵੀ ਡਾਕਟਰੀ ਰਿਪੋਰਟ ਆਵੇਗੀ ਉਸ ਦੇ ਆਧਾਰ 'ਤੇ ਹੀ ਕਾਰਵਾਈ ਕੀਤੀ ਜਾਵੇਗੀ।