ਜਾਣੋ ਦੁੱਲਾ ਭੱਟੀ ਦਾ ਕੀ ਹੈ ਲੋਹੜੀ ਨਾਲ ਸੰਬੰਧ

01/12/2019 6:40:17 PM

ਜਲੰਧਰ : ਲੋਹੜੀ ਦਾ ਤਿਉਹਾਰ ਪੰਜਾਬ 'ਚ ਬੜੇ ਹੀ ਚਾਅ ਅਤੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ। ਪੋਹ ਮਹੀਨੇ ਵਿਚ ਆਉਣ ਵਾਲਾ ਤਿਉਹਾਰ ਲੋਹੜੀ ਭਾਵੇਂ ਸਾਡੇ ਸਮਾਜ ਵਿਚ ਕੋਈ ਧਾਰਮਿਕ ਮਹੱਤਤਾ ਨਹੀਂ ਰੱਖਦਾ ਪਰ ਇਹ ਸੱਭਿਆਚਾਰਕ ਪੱਖ ਤੋਂ ਬਹੁਤ ਮਹੱਤਵਪੂਰਨ ਹੈ। ਲੋਹੜੀ ਤੋਂ ਅਗਲੇ ਦਿਨ ਮਾਘ ਮਹੀਨੇ ਦੀ ਸੰਗਰਾਂਦ ਹੁੰਦੀ ਹੈ। ਇਸ ਦਿਨ ਮਾਘੀ ਦਾ ਤਿਉਹਾਰ ਹੁੰਦਾ ਹੈ। ਭਾਵੇਂ ਇਸ ਤਿਉਹਾਰ ਨੂੰ ਪੂਰੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ ਪਰ ਅਜੋਕੀ ਪੀੜੀ ਨੂੰ ਇਸ ਦੇ ਇਤਿਹਾਸ ਬਾਰੇ ਘੱਟ ਹੀ ਜਾਣਕਾਰੀ ਹੈ। ਅੱਜ ਅਸੀਂ ਤੁਹਾਨੂੰ ਦੱਸਾਂਗੇ ਕਿ ਇਸ ਤਿਉਹਾਰ ਨੂੰ ਮਨਾਉਣ ਦੀ ਸ਼ੁਰੂਆਤ ਕਦੋਂ ਅਤੇ ਕਿਵੇਂ ਹੋਈ ।
ਦਰਅਸਲ ਇਸ ਤਿਉਹਾਰ ਨਾਲ ਕਈ ਕਥਾਵਾਂ ਜੁੜੀਆਂ ਹੋਈਆਂ ਹਨ। ਜਿਨ੍ਹਾਂ 'ਚ ਇਕ ਕਥਾ ਦੁੱਲਾ ਭੱਟੀ ਨਾਲ ਸੰਬੰਧ ਰੱਖਦੀ ਹੈ। ਦੁੱਲਾ ਭੱਟੀ ਜੋ ਅਮੀਰ ਲੋਕਾਂ ਨੂੰ ਲੁੱਟ ਕੇ ਸਾਰਾ ਧਨ ਗ਼ਰੀਬਾਂ ਵਿਚ ਵੰਡ ਦਿੰਦਾ ਸੀ। ਇਕ ਵਾਰ ਉਸ ਨੇ ਅਗਵਾਕਾਰਾਂ ਦੇ ਚੁੰਗਲ ਵਿਚੋਂ ਇਕ ਲੜਕੀ ਨੂੰ ਛੁਡਾਇਆ ਤੇ ਆਪਣੀ ਧਰਮ ਦੀ ਧੀ ਬਣਾ ਲਿਆ। ਇਕ ਹੋਰ ਲਿਖਤ ਅਨੁਸਾਰ ਕਿਸੇ ਗ਼ਰੀਬ ਬ੍ਰਾਹਮਣ ਦੀਆਂ ਸੁੰਦਰੀ ਤੇ ਮੁੰਦਰੀ ਨਾਂਅ ਦੀਆਂ ਦੋ ਬਹੁਤ ਖੂਬਸੂਰਤ ਧੀਆਂ ਸਨ, ਜਿਨ੍ਹਾਂ ਦੀ ਮੰਗਣੀ ਹੋ ਚੁੱਕੀ ਸੀ। ਉਸ ਸਮੇਂ ਦੇ ਹਾਕਮ ਦੀ ਨਜ਼ਰੀ ਇਹ ਲੜਕੀਆਂ ਚੜ੍ਹ ਗਈਆਂ ਤੇ ਉਹ ਹਾਕਮ ਦੋਵਾਂ ਭੈਣਾਂ ਤੇ ਮੈਲੀ ਅੱਖ ਰੱਖਣ ਲੱਗ ਪਿਆ। ਦੁੱਲੇ ਭੱਟੀ ਨੇ ਕੁੜੀਆਂ ਦੇ ਵਿਆਹ ਕਰਵਾਉਣ ਦਾ ਵਚਨ ਦਿੱਤਾ। ਲੜਕੀਆਂ ਦੇ ਸਹੁਰੇ ਹਾਕਮਾਂ ਤੋਂ ਡਰਦੇ ਮਾਰੇ ਰਾਤ ਨੂੰ ਵਿਆਹ ਕਰਨ ਲਈ ਕਹਿਣ ਲੱਗੇ। ਦੁੱਲੇ ਭੱਟੀ ਨੇ ਲਾਗਲੇ ਪਿੰਡਾਂ ਵਿਚੋਂ ਦਾਨ ਦੇ ਰੂਪ ਵਿਚ ਗੁੜ, ਸ਼ੱਕਰ, ਬਾਲਣ, ਦਾਣੇ ਇਕੱਠੇ ਕੀਤੇ। ਲੋਕ ਸੁੰਦਰੀ ਤੇ ਮੁੰਦਰੀ ਦੇ ਵਿਆਹ 'ਤੇ ਇਕੱਠੇ ਹੋਏ। ਦੁੱਲੇ ਭੱਟੀ ਨੇ ਆਪਣੇ ਹੱਥੀਂ ਲੜਕੀਆਂ ਦੇ ਵਿਆਹ ਕੀਤੇ 'ਤੇ ਸੇਰ-ਸੇਰ ਸ਼ੱਕਰ ਪਾਈ। ਉਸ ਦਿਨ ਤੋਂ ਇਸੇ ਤਰ੍ਹਾਂ ਲੋਹੜੀ ਮਨਾਉਣ ਦਾ ਰਿਵਾਜ ਪੈ ਗਿਆ। ਦੁੱਲਾ ਭੱਟੀ ਏਨਾ ਮਸ਼ਹੂਰ ਹੋ ਗਿਆ ਕਿ ਅੱਜ ਵੀ ਜਦ ਬੱਚੇ ਘਰਾਂ ਵਿਚੋਂ ਲੋਹੜੀ ਮੰਗਦੇ ਹਨ ਤਾਂ ਇਹ ਗੀਤ ਜ਼ਰੂਰ ਗਾਉਂਦੇ ਹਨ।
ਸੁੰਦਰ ਮੁੰਦਰੀਏ-ਹੋ!
ਤੇਰਾ ਕੌਣ ਵਿਚਾਰਾ-ਹੋ!
ਦੁੱਲਾ ਭੱਟੀ ਵਾਲਾ-ਹੋ!
ਦੁੱਲੇ ਨੇ ਧੀ ਵਿਆਈ-ਹੋ!
ਸੇਰ ਸ਼ੱਕਰ ਪਾਈ-ਹੋ!…

Gurminder Singh

This news is Content Editor Gurminder Singh