ਸ਼ਹੀਦੀ ਪੰਦਰਵਾੜੇ ਦੌਰਾਨ 16 ਤੋਂ 31 ਦਸੰਬਰ ਤੱਕ ਗੁਰੂ ਘਰਾਂ ’ਚ ਬਣਨਗੇ ਸਾਦੇ ਲੰਗਰ

Sunday, Dec 17, 2023 - 12:35 PM (IST)

ਅੰਮ੍ਰਿਤਸਰ(ਦੀਪਕ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ਼ਹੀਦੀ ਪੰਦਰਵਾੜੇ ਨੂੰ ਮੁੱਖ ਰੱਖਦਿਆਂ ਕਿਹਾ ਕਿ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜਿਆਂ ਨੂੰ ਸਮਰਪਿਤ ਸ਼ੁਰੂ ਹੋਏ ਸ਼ਹੀਦੀ ਪੰਦਰਵਾੜੇ ਦੌਰਾਨ 16 ਤੋਂ 31 ਦਸੰਬਰ 2023 ਤੱਕ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਗੁਰਦੁਆਰਾ ਸਾਹਿਬਾਨ ਅੰਦਰ ਜਿਥੇ ਕਿਸੇ ਵਿਅਕਤੀ ਵਿਸ਼ੇਸ਼ ਨੂੰ ਸਿਰੋਪਾਓ ਅਤੇ ਵਿਸ਼ੇਸ਼ ਸਨਮਾਨ ਨਹੀਂ ਦਿੱਤੇ ਜਾਣਗੇ, ਉਥੇ ਹੀ ਲੰਗਰਾਂ ਵਿਚ ਵੀ ਮਿੱਠੇ ਪਕਵਾਨ ਵੀ ਨਹੀਂ ਬਣਨਗੇ। 

ਇਹ ਵੀ ਪੜ੍ਹੋ- ਸ਼੍ਰੋਮਣੀ ਕਮੇਟੀ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ 20 ਦਸੰਬਰ ਦਾ ਦਿੱਲੀ ਪੰਥਕ ਰੋਸ ਮਾਰਚ ਕੀਤਾ ਮੁਲਤਵੀ

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਸਾਹਿਬਜ਼ਾਦਿਆਂ ਦੀਆਂ ਸ਼ਹਾਦਤਾਂ ਨੂੰ ਸਮਰਪਿਤ ਸ਼ਹੀਦੀ ਪੰਦਰਵਾੜਾ ਸਿੱਖ ਕੌਮ ਲਈ ਬੇਹੱਦ ਭਾਵੁਕ ਸਮਾਂ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਕੀਤੇ ਫ਼ੈਸਲੇ ਅਨੁਸਾਰ ਸ਼ਹੀਦੀ ਪੰਦਰਵਾੜੇ ਦੌਰਾਨ ਗੁਰੂ ਕੇ ਲੰਗਰਾਂ ਵਿਚ ਸਾਦੇ ਪਕਵਾਨ ਵਰਤਾਏ ਜਾਣਗੇ ਅਤੇ ਕਿਸੇ ਵੀ ਵਿਸ਼ੇਸ਼ ਵਿਅਕਤੀ ਨੂੰ ਸਿਰੋਪਾਓ ਨਹੀਂ ਦਿੱਤੇ ਜਾਣਗੇ। ਉਨ੍ਹਾਂ ਸਥਾਨਕ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਸ਼ਹੀਦੀ ਪੰਦਰਵਾੜੇ ਦੀ ਭਾਵੁਕਤਾ ਨੂੰ ਵੇਖਦਿਆਂ ਆਪੋ-ਆਪਣੇ ਪ੍ਰਬੰਧਾਂ ਵਾਲੇ ਸਥਾਨਾਂ ’ਤੇ ਇਸ ਫੈਸਲੇ ਨੂੰ ਲਾਗੂ ਕਰਨ। ਐਡਵੋਕੇਟ ਧਾਮੀ ਨੇ ਸੰਗਤਾਂ ਨੂੰ ਸਾਹਿਬਜ਼ਾਦਿਆਂ ਦੀ ਯਾਦ ਵਿਚ ਵੱਧ ਤੋਂ ਵੱਧ ਗੁਰਬਾਣੀ ਦਾ ਜਾਪ ਕਰਨ ਦੀ ਅਪੀਲ ਵੀ ਕੀਤੀ।

ਬੰਦੀ ਸਿੰਘਾਂ ਸਬੰਧੀ 20 ਦਸੰਬਰ ਦਾ ਦਿੱਲੀ ਪ੍ਰਦਰਸ਼ਨ ਕੀਤਾ ਮੁਲਤਵੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ 20 ਦਸੰਬਰ ਨੂੰ ਦਿੱਲੀ ਵਿਖੇ ਕੀਤਾ ਜਾਣ ਵਾਲਾ ਪੰਥਕ ਪ੍ਰਦਰਸ਼ਨ ਹਾਲ ਦੀ ਘੜੀ ਮੁਲਤਵੀ ਕਰ ਦਿੱਤਾ ਗਿਆ ਹੈ। ਸ਼੍ਰੋਮਣੀ ਕਮੇਟੀ ਨੇ ਇਹ ਫ਼ੈਸਲਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ, ਜੋ ਬੰਦੀ ਸਿੰਘਾਂ ਸਬੰਧੀ ਪੰਜ ਮੈਂਬਰੀ ਉੱਚ ਪੱਧਰੀ ਕਮੇਟੀ ਦੇ ਮੈਂਬਰ ਵੀ ਹਨ, ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਭੇਜੇ ਗਏ ਇਕ ਪੱਤਰ ’ਤੇ ਵਿਚਾਰ ਉਪਰੰਤ ਲਿਆ ਹੈ।

ਇਹ ਵੀ ਪੜ੍ਹੋ- ਵੱਡੀ ਖ਼ਬਰ: ਅੰਮ੍ਰਿਤਪਾਲ ਸਿੰਘ ਦੇ ਇਕ ਹੋਰ ਸਾਥੀ ਨੂੰ ਅਜਨਾਲਾ ਪੁਲਸ ਨੇ ਕੀਤਾ ਕਾਬੂ

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੱਦੀ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਭਾਵੇਂ 20 ਦਸੰਬਰ ਦਾ ਦਿੱਲੀ ਪ੍ਰਦਰਸ਼ਨ ਅੰਤ੍ਰਿੰਗ ਕਮੇਟੀ ਦੇ ਪਹਿਲਾਂ ਲਏ ਫੈਸਲੇ ’ਤੇ ਅਧਾਰਿਤ ਸੀ ਪਰ ਪੰਥ ਦੇ ਵਡੇਰੇ ਹਿੱਤਾਂ ਨੂੰ ਵੇਖਦਿਆਂ ਇਸ ਨੂੰ ਫਿਲਹਾਲ ਮੁਲਤਵੀ ਕੀਤਾ ਜਾ ਰਿਹਾ ਹੈ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News