ਕੋਵਿਡ ਨਾਲ ਸਬੰਧਤ ਸਿਹਤ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਹੁਸ਼ਿਆਰਪੁਰ ''ਚ ਮਨਾਇਆ ਜਾਵੇਗਾ ਦੁਸਹਿਰਾ
Thursday, Oct 15, 2020 - 10:46 PM (IST)
ਹੁਸ਼ਿਆਰਪੁਰ: ਉਦਯੋਗ ਅਤੇ ਵਣਜ ਮੰਤਰੀ, ਪੰਜਾਬ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਲੋਕਾਂ ਦੀਆਂ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਕੋਵਿਡ -19 ਸਬੰਧਤ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਦੁਸਹਿਰੇ ਦੇ ਤਿਉਹਾਰ ਨੂੰ ਮਨਾਉਣ ਦੀ ਆਗਿਆ ਦੇ ਦਿੱਤੀ ਹੈ। ਇਸ ਲਈ ਸਾਡੀ ਜ਼ਿੰਮੇਵਾਰੀ ਬਣਦੀ ਹੈ ਕਿ ਅਸੀਂ ਆਪਣੀ ਆਸਥਾ ਸ ਦੇ ਨਾਲ ਨਾਲ ਸਰਕਾਰ ਦੁਆਰਾ ਜਾਰੀ ਕੀਤੀਆਂ ਹਦਾਇਤਾਂ ਦਾ ਪਾਲਣ ਕਰੀਏ ਤਾਂ ਜੋ ਅਸੀਂ ਕੋਰੋਨਾ ਦੇ ਫੈਲਣ ਨੂੰ ਰੋਕ ਸਕੀਏ। ਉਹ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਸ੍ਰੀ ਰਾਮ ਲੀਲਾ ਕਮੇਟੀ ਹੁਸ਼ਿਆਰਪੁਰ ਦੇ ਅਹੁਦੇਦਾਰਾਂ ਦੀ ਸਾਂਝੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਇਸ ਸਮੇਂ ਦੌਰਾਨ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਅਤੇ ਐਸ.ਐਸ.ਪੀ ਨਵਜੋਤ ਸਿੰਘ ਮਾਹਲ ਵੀ ਮੌਜੂਦ ਸਨ।
ਕੈਬਨਿਟ ਮੰਤਰੀ ਨੇ ਸ਼੍ਰੀ ਰਾਮ ਲੀਲਾ ਕਮੇਟੀ ਦੇ ਅਹੁਦੇਦਾਰਾਂ ਨੂੰ ਭਰੋਸਾ ਦਿੱਤਾ ਕਿ ਸਰਕਾਰ ਅਤੇ ਪ੍ਰਸ਼ਾਸਨ ਦੀ ਤਰਫੋਂ ਦੁਸਹਿਰੇ ਦੇ ਤਿਉਹਾਰ ਨੂੰ ਮਨਾਉਣ ਲਈ ਉਨ੍ਹਾਂ ਨੂੰ ਪੂਰਨ ਸਹਿਯੋਗ ਦਿੱਤਾ ਜਾਵੇਗਾ। ਉਨ੍ਹਾਂ ਕਮੇਟੀ ਦੇ ਅਹੁਦੇਦਾਰਾਂ ਨੂੰ ਕਿਹਾ ਕਿ ਉਹ ਆਪਣੇ ਪੱਧਰ ’ਤੇ ਇਹ ਯਕੀਨੀ ਬਣਾਉਣ ਕਿ ਦੁਸਹਿਰੇ ਦੇ ਤਿਉਹਾਰ ਨੂੰ ਮਨਾਉਣ ਸਮੇਂ ਕੋਵਿਡ -19 ਨਾਲ ਸਬੰਧਤ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਜਾਰੀ ਕੀਤੀਆਂ ਸਾਰੀਆਂ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ। ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਹੁਸ਼ਿਆਰਪੁਰ ਦਾ ਦੁਸਹਿਰਾ ਬਹੁਤ ਮਸ਼ਹੂਰ ਹੈ ਅਤੇ ਦੂਰ-ਦੁਰਾਡੇ ਤੋਂ ਲੋਕ ਇਸ ਦੁਸਹਿਰੇ ਨੂੰ ਦੇਖਣ ਲਈ ਆਉਂਦੇ ਹਨ। ਇਸ ਲਈ ਸ੍ਰੀ ਰਾਮ ਲੀਲਾ ਕਮੇਟੀ ਆਪਣੇ ਪੱਧਰ ’ਤੇ ਫੈਸਲਾ ਲੈਣ ਕਿ ਦੁਸਹਿਰਾ ਤਿਉਹਾਰ ਕਿਸ ਤਰ੍ਹਾਂ ਮਨਾਇਆ ਜਾਵੇ ਤਾਂ ਜੋ ਉਥੇ ਭੀੜ ਦੀ ਸਥਿਤੀ ਨਾ ਹੋਵੇ। ਇਸ ਦੌਰਾਨ ਉਨ੍ਹਾਂ ਨਗਰ ਨਿਗਮ ਕਮਿਸ਼ਨਰ ਅਤੇ ਸਿਵਲ ਸਰਜਨ ਨੂੰ ਹਦਾਇਤ ਕੀਤੀ ਕਿ ਸਾਫ਼-ਸਫ਼ਾਈ, ਫੌਗਿੰਗ, ਐਂਬੂਲੈਂਸ ਅਤੇ ਹੋਰ ਸਿਹਤ ਸਹੂਲਤਾਂ ਸਬੰਧੀ ਕੋਈ ਸਮੱਸਿਆ ਨਾ ਆਵੇ।
ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਕਿਹਾ ਕਿ ਇਸ ਵਾਰ ਦੁਸਹਿਰਾ ਗਰਾਊਂਡ ਵਿੱਚ ਕਿਸੇ ਤਰ੍ਹਾਂ ਦੇ ਝੂਲੇ ਨਹੀਂ ਲਗਾਏ ਜਾਣਗੇ ਅਤੇ ਨਾ ਹੀ ਕੋਈ ਸਟਾਲ ਲਗਾਇਆ ਜਾਵੇਗਾ। ਉਨ੍ਹਾਂ ਸ਼੍ਰੀ ਰਾਮ ਲੀਲਾ ਕਮੇਟੀ ਦੇ ਅਹੁਦੇਦਾਰਾਂ ਨੂੰ ਕਿਹਾ ਕਿ ਉਹ ਇਹ ਬਣਾਉਣ ਕਿ ਗਰਾਉਂਡ ਅੰਦਰ ਕੋਈ ਮਾਸਕ ਤੋਂ ਬਗੈਰ ਨਹੀਂ ਹੋਵੇਗਾ ਅਤੇ ਇਸ ਤੋਂ ਇਲਾਵਾ ਸੈਨੇਟਾਈਜ਼ਰ ਸਬੰਧੀ ਵੀ ਸਾਰੇ ਪ੍ਰਬੰਧ ਹੋਣ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਦੁਸਹਿਰੇ ਦੇ ਤਿਉਹਾਰ ਦੌਰਾਨ ਮਾਸਕ ਦੀ ਵਰਤੋਂ ਕਰਨ ਅਤੇ ਸਮਾਜਿਕ ਦੂਰੀ ਦੇ ਨਿਯਮਾਂ ਨੂੰ ਅਪਨਾਉਣ ਦੀ ਅਪੀਲ ਕੀਤੀ । ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਆਪਣੇ ਪੱਧਰ ’ਤੇ ਨਿਯਮਾਂ ਦੀ ਪਾਲਣਾ ਕਰਵਾਉਣ ਲਈ ਯਤਨ ਕੀਤੇ ਜਾਣਗੇ, ਨਾਲ ਹੀ ਸ਼੍ਰੀ ਰਾਮ ਲੀਲਾ ਕਮੇਟੀ ਦੇ ਵਲੰਟੀਅਰਾਂ ਨੂੰ ਦੁਸਹਿਰੇ ਦੇ ਤਿਉਹਾਰ ਦੌਰਾਨ ਮਾਸਕ ਪਹਿਨਣ ਨੂੰ ਯਕੀਨੀ ਬਣਾਉਣ ਲਈ ਕੰਮ ਕਰਨ। ਐਸ.ਐਸ.ਪੀ ਨਵਜੋਤ ਸਿੰਘ ਮਾਹਲ ਨੇ ਕਿਹਾ ਕਿ ਅਮਨ-ਕਾਨੂੰਨ ਨੂੰ ਸਹੀ ਢੰਗ ਨਾਲ ਲਾਗੂ ਕਰਨ ਲਈ ਪੁਲਿਸ ਵੱਲੋਂ ਕੋਈ ਕਮੀ ਨਹੀਂ ਛੱਡੀ ਜਾਵੇਗੀ।
ਸ਼੍ਰੀ ਰਾਮ ਲੀਲਾ ਕਮੇਟੀ ਦੇ ਪ੍ਰਧਾਨ ਅਤੇ ਸਾਬਕਾ ਮੇਅਰ ਸ਼ਿਵ ਸੂਦ ਨੇ ਪੰਜਾਬ ਸਰਕਾਰ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਭਰੋਸਾ ਦਿਵਾਇਆ ਕਿ ਹੁਸ਼ਿਆਰਪੁਰ ਵਿਚ ਲੱਗਣ ਵਾਲੇ ਦੁਸਹਿਰੇ ਵਿੱਚ ਕੋਵਿਡ -19 ਸਬੰਧੀ ਸਰਕਾਰ ਵੱਲੋਂ ਜਾਰੀ ਕੀਤੀਆਂ ਸਾਰੀਆਂ ਹਦਾਇਤਾਂ ਦੀ ਪਾਲਣਾ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਕੋਵਿਡ ਦੇ ਚੱਲਦੇ ਇਸ ਵਾਰ ਸ੍ਰੀ ਰਾਮ ਲੀਲਾ ਕਮੇਟੀ ਵੱਲੋਂ ਸਰਬਸੰਮਤੀ ਨਾਲ ਫੈਸਲਾ ਲਿਆ ਗਿਆ ਹੈ ਕਿ ਭਗਵਾਨ ਸ਼੍ਰੀ ਰਾਮ ਵਿਆਹ, ਵਣਵਾਸ ਅਤੇ ਰਾਜ ਤਿਲਕ ਸਬੰਧੀ ਜੋ ਸ਼ੋਭਾ ਯਾਤਰਾ ਹਰ ਸਾਲ ਨਿਕਲਦੀ ਸੀ ਇਸ ਸਾਲ ਨਹੀਂ ਨਿਕਲੇਗੀ। ਇਸ ਤੋਂ ਇਲਾਵਾ ਸ੍ਰੀ ਰਾਮ ਸੇਵਕ ਰੱਥ ਇਸ ਵਾਰ ਸ਼ਰਧਾਲੂਆਂ ਦੇ ਘਰਾਂ ਵਿੱਚ ਨਹੀਂ ਜਾਣਗੇ। ਇਸ ਮੌਕੇ ਇੰਪਰੂਵਮੈਂਟ ਟਰੱਸਟ ਹੁਸ਼ਿਆਰਪੁਰ ਦੇ ਚੇਅਰਮੈਨ ਐਡਵੋਕੇਟ ਰਾਕੇਸ਼ ਮਰਵਾਹਾ, ਕਮਿਸ਼ਨਰ ਨਗਰ ਨਿਗਮ ਬਲਬੀਰ ਰਾਜ ਸਿੰਘ, ਸਿਵਲ ਸਰਜਨ ਡਾ: ਜਸਵੀਰ ਸਿੰਘ, ਸ੍ਰੀ ਰਾਮ ਲੀਲਾ ਕਮੇਟੀ ਦੇ ਅਧਿਕਾਰੀ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।