ਪੰਜਾਬ ਸਰਕਾਰ ਵੱਲੋਂ ਕਾਗਜ਼ੀ ਸਟੈਂਪ ਪੇਪਰਾਂ ਦਾ ਖ਼ਾਤਮਾ, ਈ-ਸਟੈਂਪ ਸਹੂਲਤ ਦੀ ਸ਼ੁਰੂਆਤ

Wednesday, Jun 01, 2022 - 03:42 PM (IST)

ਪੰਜਾਬ ਸਰਕਾਰ ਵੱਲੋਂ ਕਾਗਜ਼ੀ ਸਟੈਂਪ ਪੇਪਰਾਂ ਦਾ ਖ਼ਾਤਮਾ, ਈ-ਸਟੈਂਪ ਸਹੂਲਤ ਦੀ ਸ਼ੁਰੂਆਤ

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਮਾਲ ਵਿਭਾਗ ਦੇ ਕੰਮਕਾਜ ਵਿੱਚ ਹੋਰ ਕੁਸ਼ਲਤਾ ਲਿਆਉਣ ਅਤੇ ਮਾਲੀਏ ਨੂੰ ਲੱਗਦੇ ਖੋਰੇ ਨੂੰ ਰੋਕਣ ਲਈ ਅਹਿਮ ਫ਼ੈਸਲਾ ਲੈਂਦਿਆਂ ਕਾਗ਼ਜ਼ੀ ਰੂਪ ਵਿੱਚ ਮਿਲਦੇ ਸਟੈਂਪ ਪੇਪਰ ਨੂੰ ਖ਼ਤਮ ਕਰ ਦਿੱਤਾ ਗਿਆ ਹੈ। ਹੁਣ ਤੋਂ ਹਰੇਕ ਕੀਮਤ ਦੇ ਸਟੈਂਪ ਪੇਪਰ ਨੂੰ ਈ-ਸਟੈਂਪ ਰਾਹੀਂ ਮਤਲਬ ਕਿ ਕੰਪਿਊਟਰ ਤੋਂ ਪ੍ਰਿੰਟ-ਆਊਟ ਰਾਹੀਂ ਕਿਸੇ ਵੀ ਅਸ਼ਟਾਮ ਫ਼ਰੋਸ਼ ਜਾਂ ਪੰਜਾਬ ਸਰਕਾਰ ਵੱਲੋਂ ਅਧਿਕਾਰਤ ਬੈਂਕਾਂ ਤੋਂ ਪ੍ਰਾਪਤ ਕੀਤਾ ਜਾ ਸਕੇਗਾ। ਇਸ ਸਹੂਲਤ ਦੀ ਸ਼ੁਰੂਆਤ ਕਰਨ ਉਪਰੰਤ ਪੰਜਾਬ ਦੇ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਪਹਿਲਾਂ ਇਹ ਸਹੂਲਤ ਸਿਰਫ 20,000 ਰੁਪਏ ਤੋਂ ਉੱਪਰ ਦੇ ਸਟੈਂਪ ਪੇਪਰਾਂ 'ਤੇ ਉਪਲੱਬਧ ਸੀ। ਉਨ੍ਹਾਂ ਕਿਹਾ, "ਅਸੀਂ ਹੁਣ ਇਹ ਸਹੂਲਤ ਇੱਕ ਰੁਪਏ ਦੇ ਸਟੈਂਪ ਪੇਪਰ ਤੱਕ ਕਰ ਦਿੱਤੀ ਹੈ, ਭਾਵ ਸਾਰੇ ਸਟੈਂਪ ਪੇਪਰ ਹੁਣ ਈ-ਸਟੈਂਪ ਰਾਹੀਂ ਪ੍ਰਾਪਤ ਕੀਤੇ ਜਾ ਸਕਦੇ ਹਨ।"

ਇਹ ਵੀ ਪੜ੍ਹੋ : ਹੁਣ ਨੀਰਜ ਬਵਾਨਾ ਗੈਂਗ ਦਾ ਐਲਾਨ, 2 ਦਿਨਾਂ 'ਚ ਲਵਾਂਗੇ 'ਸਿੱਧੂ ਮੂਸੇਵਾਲਾ' ਦੇ ਕਤਲ ਦਾ ਬਦਲਾ

ਕੈਬਨਿਟ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲਏ ਗਏ ਇਸ ਫ਼ੈਸਲੇ ਨਾਲ ਸਲਾਨਾ ਤਕਰੀਬਨ 35 ਕਰੋੜ ਰੁਪਏ ਦੀ ਬੱਚਤ ਹੋਵੇਗੀ, ਜੋ ਸਟੈਂਪ ਪੇਪਰਾਂ ਦੀ ਛਪਾਈ 'ਤੇ ਖ਼ਰਚ ਹੁੰਦੇ ਸਨ। ਇਸ ਤੋਂ ਇਲਾਵਾ ਆਮ ਲੋਕਾਂ ਨੂੰ ਬਗ਼ੈਰ ਕਿਸੇ ਮੁਸ਼ਕਲ ਦੇ ਸਟੈਂਪ ਪੇਪਰ ਉਪਲੱਬਧ ਹੋਣਗੇ ਕਿਉਂਕਿ ਪਹਿਲਾਂ ਕਈ ਵਾਰ ਸਟੈਂਪ ਪੇਪਰ ਲੈਣ ਸਮੇਂ ਆਮ ਲੋਕਾਂ ਨੂੰ ਦਿੱਕਤ ਆਉਂਦੀ ਸੀ ਜਾਂ ਅਸ਼ਟਾਮ ਫ਼ਰੋਸ਼ਾਂ ਕੋਲ ਸਟੈਂਪ ਪੇਪਰ ਉਪਲੱਬਧ ਨਹੀਂ ਹੁੰਦੇ ਸਨ ਜਾਂ ਲੋਕਾਂ ਨੂੰ ਵੱਧ ਰੇਟਾਂ ਉਤੇ ਮੁਹੱਈਆ ਕਰਵਾਏ ਜਾਂਦੇ ਸਨ। ਉਨ੍ਹਾਂ ਦੱਸਿਆ ਕਿ ਈ-ਸਟੈਂਪ ਪ੍ਰਣਾਲੀ ਨੂੰ ਲਾਗੂ ਕਰਨ ਲਈ ਨੋਟੀਫਿਕੇਸ਼ਨ ਨੰ: ਈ-ਆਫਿਸ/188125-ST-2/7616, ਮਿਤੀ 27.05.2022  ਜਾਰੀ ਕੀਤਾ ਜਾ ਚੁੱਕਾ ਹੈ। ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਸ਼ਟਾਮ ਫ਼ਰੋਸ਼ਾਂ ਨੂੰ ਇੱਕ ਰੁਪਏ ਤੋਂ ਲੈ ਕੇ 19,999 ਰੁਪਏ ਤੱਕ ਦੇ ਈ-ਸਟੈਂਪ 'ਤੇ 2 ਫ਼ੀਸਦੀ ਦੀ ਦਰ ਨਾਲ ਕਮਿਸ਼ਨ ਦਿੱਤਾ ਜਾਵੇਗਾ, ਜਦੋਂਕਿ ਆਮ ਲੋਕਾਂ ਨੂੰ ਸਟੈਂਪ ਪੇਪਰ ਪੂਰੇ ਰੇਟ 'ਤੇ ਹੀ ਮਿਲਣਗੇ। ਉਦਾਹਰਣ ਵਜੋਂ ਉਨ੍ਹਾਂ ਨੂੰ 100 ਰੁਪਏ ਵਾਲਾ ਸਟੈਂਪ ਪੇਪਰ 100 ਰੁਪਏ ਵਿੱਚ ਹੀ ਮਿਲੇਗਾ ਅਤੇ ਉਨ੍ਹਾਂ ਨੂੰ ਇਸ 'ਤੇ ਕੋਈ ਵਾਧੂ ਕਮਿਸ਼ਨ ਨਹੀਂ ਦੇਣਾ ਪਵੇਗਾ।

ਇਹ ਵੀ ਪੜ੍ਹੋ : ਮੂਸੇਵਾਲਾ ਕਤਲਕਾਂਡ ਮਗਰੋਂ  ਸੈਲੀਬ੍ਰਿਟੀਜ਼ ਨੂੰ ਸੁਰੱਖਿਆ ਦੇਣ ਦੀ ਤਿਆਰੀ 'ਚ ਪੰਜਾਬ ਸਰਕਾਰ

ਉਨ੍ਹਾਂ ਕਿਹਾ ਕਿ ਇਹ ਕਦਮ ਸਟੈਂਪ ਪੇਪਰਾਂ ਵਿੱਚ ਹੋਣ ਵਾਲੀ ਹੇਰਾ-ਫੇਰੀ ਦੀ ਸੰਭਾਵਨਾ ਨੂੰ ਖ਼ਤਮ ਕਰਨ ਵਿੱਚ ਵੀ ਲਾਹੇਵੰਦ ਹੋਵੇਗਾ। ਵਿਭਾਗ ਵੱਲੋਂ ਪੰਜ ਹੋਰ ਈ-ਸਹੂਲਤਾਂ ਵੀ ਸ਼ੁਰੂ ਕੀਤੀਆਂ ਗਈਆਂ ਹਨ, ਜਿਨ੍ਹਾਂ ਵਿੱਚ ਕਰਜ਼ਾ/ਹਾਈਪੌਥੀਕੇਸ਼ਨ ਐਗਰੀਮੈਂਟ, ਐਗਰੀਮੈਂਟ ਆਫ ਪਲੈੱਜ, ਹਲਫ਼ੀਆ ਬਿਆਨ ਤੇ ਹਲਫ਼ਨਾਮਾ, ਡਿਮਾਂਡ ਪ੍ਰੌਮਿਸਰੀ ਨੋਟ ਅਤੇ ਇਨਡਿਮਨਟੀ ਬਾਂਡ ਸ਼ਾਮਲ ਹਨ। ਇਹ ਦਸਤਾਵੇਜ਼ ਵੀ ਹੁਣ ਸਿੱਧੇ ਕੰਪਿਊਟਰ ਰਾਹੀਂ ਜਾਰੀ ਕੀਤੇ ਜਾ ਸਕਣਗੇ। ਮਾਲ ਵਿਭਾਗ ਦੇ ਸਕੱਤਰ ਸ. ਮਨਵੇਸ਼ ਸਿੰਘ ਸਿੱਧੂ ਨੇ ਦੱਸਿਆ ਕਿ ਇਸ ਸਹੂਲਤ ਨੂੰ ਭਾਰਤ ਸਰਕਾਰ ਦੀ ਨੈਸ਼ਨਲ ਈ-ਗਵਰਨੈਂਸ ਸਰਵਿਸਿਜ਼ ਲਿਮਟਿਡ (ਐਨ.ਈ.ਐਸ.ਐਲ.) ਨਾਲ ਤਾਲਮੇਲ ਕਰਕੇ ਸ਼ੁਰੂ ਕੀਤਾ ਗਿਆ ਹੈ। ਇਸ ਨਾਲ ਜਿੱਥੇ ਬੈਂਕਾਂ ਨੂੰ ਸਹੂਲਤ ਹੋਵੇਗੀ, ਉੱਥੇ ਉਪਰੋਕਤ ਸਾਰੀਆਂ ਸਹੂਲਤਾਂ ਲਈ ਆਮ ਲੋਕਾਂ ਨੂੰ ਬੈਂਕਾਂ ਤੋਂ ਇਲਾਵਾ ਕਿਸੇ ਹੋਰ ਜਗ੍ਹਾ 'ਤੇ ਜਾਣ ਦੀ ਲੋੜ ਨਹੀਂ ਪਵੇਗੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 


author

Babita

Content Editor

Related News