CM ਚੰਨੀ ਦੇ ਰਿਸ਼ਤੇਦਾਰ ਖ਼ਿਲਾਫ਼ ED ਦੀ ਵੱਡੀ ਕਾਰਵਾਈ, ਪੰਜਾਬ-ਹਰਿਆਣਾ 'ਚ 12 ਥਾਵਾਂ 'ਤੇ ਛਾਪੇਮਾਰੀ

Tuesday, Jan 18, 2022 - 11:38 AM (IST)

CM ਚੰਨੀ ਦੇ ਰਿਸ਼ਤੇਦਾਰ ਖ਼ਿਲਾਫ਼ ED ਦੀ ਵੱਡੀ ਕਾਰਵਾਈ, ਪੰਜਾਬ-ਹਰਿਆਣਾ 'ਚ 12 ਥਾਵਾਂ 'ਤੇ ਛਾਪੇਮਾਰੀ

ਚੰਡੀਗੜ੍ਹ : ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਵੱਲੋਂ ਮੰਗਲਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਇਕ ਰਿਸ਼ਤੇਦਾਰ ਖ਼ਿਲਾਫ਼ ਵੱਡੀ ਕਾਰਵਾਈ ਕੀਤੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਈ. ਡੀ. ਵੱਲੋਂ ਪੰਜਾਬ ਅਤੇ ਹਰਿਆਣਾ ਸਮੇਤ 10 ਤੋਂ 12 ਥਾਵਾਂ 'ਤੇ ਛਾਪੇਮਾਰੀ ਕੀਤੀ ਗਈ ਹੈ। ਇਹ ਛਾਪੇਮਾਰੀ ਲੁਧਿਆਣਾ, ਮੋਹਾਲੀ, ਪੰਚਕੂਲਾ ਅਤੇ ਹੋਰ ਜ਼ਿਲ੍ਹਿਆਂ 'ਚ ਕੀਤੀ ਗਈ ਹੈ। ਲੁਧਿਆਣਾ ਦੇ ਸ਼ਹੀਦ ਭਗਤ ਸਿੰਘ ਨਗਰ ਅਤੇ ਬੀ. ਆਰ. ਐੱਸ. ਨਗਰ 'ਤੇ ਕਾਰਵਾਈ ਜਾਰੀ ਹੈ।

ਇਹ ਵੀ ਪੜ੍ਹੋ : ਇਸ ਵਾਰ ਪੰਜਾਬ ਚੋਣਾਂ 'ਚ ਸਰਗਰਮ ਨਹੀਂ ਦਿਖ ਰਹੇ NRI, ਸਾਰੀਆਂ ਸਿਆਸੀ ਪਾਰਟੀਆਂ ਤੋਂ ਵੱਟਿਆ ਟਾਲਾ

ਇਸ ਗੱਲ ਦੀ ਚਰਚਾ ਹੈ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਰਿਸ਼ਤੇਦਾਰ ਭੁਪਿੰਦਰ ਸਿੰਘ ਹਨੀ 'ਤੇ ਈ. ਡੀ. ਵਿਭਾਗ ਨੇ ਛਾਪੇਮਾਰੀ ਕੀਤੀ ਹੈ, ਜਿਸ ਦੀ ਰਿਹਾਇਸ਼ ਲੁਧਿਆਣਾ ਦੇ ਸ਼ਹੀਦ ਭਗਤ ਸਿੰਘ ਨਗਰ 'ਚ ਦੱਸੀ ਜਾ ਰਹੀ ਹੈ। ਵਿਭਾਗੀ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਇਹ ਕਾਰਵਾਈ ਸਾਲ 2018 'ਚ ਦਰਜ ਹੋਈ ਐੱਫ. ਆਈ. ਆਰ. ਦੇ ਤਹਿਤ ਕੀਤੀ ਗਈ ਹੈ। ਇਹ ਐੱਫ. ਆਈ. ਆਰ. ਤਕਰੀਬਨ 26 ਵਿਅਕਤੀਆਂ ਦੇ ਖ਼ਿਲਾਫ਼ ਸੀ।

ਇਹ ਵੀ ਪੜ੍ਹੋ : ਦਰਦਨਾਕ : ਮਿੰਨੀ ਬੱਸ ਤੇ ਮੋਟਰਸਾਈਕਲ ਦੀ ਭਿਆਨਕ ਟੱਕਰ ਦੌਰਾਨ 3 ਨੌਜਵਾਨਾਂ ਦੀ ਮੌਤ

ਅਧਿਕਾਰੀਆਂ ਨੇ ਇਹ ਵੀ ਦੱਸਿਆ ਕਿ ਐੱਫ. ਆਈ. ਆਰ. ਦੇ ਹਵਾਲੇ ਨਾਲ ਮਨੀ ਲਾਂਡਰਿੰਗ ਦੇ ਮਾਮਲੇ ਤਹਿਤ ਕਾਰਵਾਈ ਜਾਰੀ ਹੈ। ਐੱਫ. ਆਈ. ਆਰ. ਦੇ ਆਧਾਰ 'ਤੇ ਇਸ ਮਾਮਲੇ 'ਚ ਸ਼ਾਮਲ ਵਿਅਕਤੀਆਂ ਦੇ ਕੰਪਲੈਕਸਾਂ 'ਤੇ ਛਾਪੇਮਾਰੀ ਕੀਤੀ ਗਈ ਹੈ। ਖ਼ਬਰ ਲਿਖੇ ਜਾਣ ਤੱਕ ਵਿਭਾਗੀ ਕਾਰਵਾਈ ਜਾਰੀ ਰਹੀ। ਦੱਸਣਯੋਗ ਹੈ ਕਿ ਪੰਜਾਬ 'ਚ 20 ਫਰਵਰੀ ਨੂੰ ਵੋਟਾਂ ਪੈਣੀਆਂ ਹਨ। ਉਸ ਤੋਂ ਪਹਿਲਾਂ ਸੂਬੇ 'ਚ ਈ. ਡੀ. ਵੱਲੋਂ ਇਹ ਵੱਡੀ ਕਾਰਵਾਈ ਕੀਤੀ ਗਈ ਹੈ। ਈ. ਡੀ. ਵੱਲੋਂ ਕੀਤੀ ਗਈ ਇਸ ਕਾਰਵਾਈ ਤੋਂ ਬਾਅਦ ਪੰਜਾਬ ਦਾ ਸਿਆਸੀ ਮਾਹੌਲ ਪੂਰੀ ਤਰ੍ਹਾਂ ਭਖ ਗਿਆ ਹੈ। ਵੱਖ-ਵੱਖ ਪਾਰਟੀਆਂ ਦੇ ਆਗੂਆਂ ਵੱਲੋਂ ਇਸ ਨੂੰ ਲੈ ਕੇ ਆਪਣੀ ਪ੍ਰਤੀਕਿਰਿਆ ਦੇਣੀ ਸ਼ੁਰੂ ਕਰ ਦਿੱਤੀ ਗਈ ਹੈ।

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News