ਸਿੱਖਿਆ ਵਿਭਾਗ 800 ਨੂੰ ਕਰੇਗਾ ਮਰਜ
Sunday, Oct 22, 2017 - 02:02 PM (IST)
ਅੰਮ੍ਰਿਤਸਰ (ਦਲਜੀਤ) - ਸਿੱਖਿਆ ਵਿਭਾਗ ਰਾਜ 'ਚ 20 ਤੋਂ ਘੱਟ ਗਿਣਤੀ ਵਾਲੇ 800 ਸਰਕਾਰੀ ਪ੍ਰਾਇਮਰੀ ਸਕੂਲਾਂ ਨੂੰ ਮਰਜ ਕਰਨ ਜਾ ਰਿਹਾ ਹੈ। ਵਿਭਾਗ ਵੱਲੋਂ ਇਸ ਸਬੰਧੀ ਸਮੂਹ ਜ਼ਿਲਾ ਸਿੱਖਿਆ ਅਧਿਕਾਰੀਆਂ ਨੂੰ ਪੱਤਰ ਜਾਰੀ ਕਰ ਕੇ 25 ਅਕਤੂਬਰ ਤੱਕ ਜਾਰੀ ਨਿਰਦੇਸ਼ਾਂ ਦੀ ਪਾਲਣਾ ਕਰਨ ਦੇ ਹੁਕਮ ਦਿੱਤੇ ਗਏ ਹਨ। ਵਿਭਾਗ ਵੱਲੋਂ ਜਾਰੀ 25 ਜ਼ਿਲਿਆਂ ਦੀ ਸੂਚੀ ਵਿਚ ਸਭ ਤੋਂ ਵੱਧ ਹੁਸ਼ਿਆਰਪੁਰ ਤੇ ਗੁਰਦਾਸਪੁਰ ਦੇ ਮਰਜ ਹੋਣ ਵਾਲੇ ਸਰਕਾਰੀ ਸਕੂਲ ਸ਼ਾਮਲ ਹਨ। ਵਿਭਾਗ ਦੇ ਫੈਸਲੇ ਨਾਲ ਜਿਥੇ ਅਧਿਆਪਕਾਂ 'ਚ ਬੇਚੈਨੀ ਪਾਈ ਜਾ ਰਹੀ ਹੈ, ਉਥੇ ਹੀ ਆਉਣ ਵਾਲੇ ਦਿਨਾਂ 'ਚ ਵਿਦਿਆਰਥੀਆਂ ਨੂੰ ਵੀ ਸਿੱਖਿਆ ਹਾਸਲ ਕਰਨ ਲਈ ਜੱਦੋ-ਜਹਿਦ ਕਰਨੀ ਪਵੇਗੀ।
ਜਾਣਕਾਰੀ ਅਨੁਸਾਰ ਸਿੱਖਿਆ ਵਿਭਾਗ ਵੱਲੋਂ ਰਾਜ ਦੇ 800 ਸਰਕਾਰੀ ਪ੍ਰਾਇਮਰੀ ਸਕੂਲਾਂ ਨੂੰ ਨੇੜਲੇ ਪ੍ਰਾਇਮਰੀ ਸਕੂਲਾਂ 'ਚ ਮਰਜ ਕਰਨ ਦਾ ਫੈਸਲਾ ਲਿਆ ਗਿਆ ਹੈ। ਵਿਭਾਗ ਨੇ ਅਕਤੂਬਰ ਦੇ ਅਖੀਰ ਤੱਕ ਇਹ ਸਕੂਲ ਹਰ ਹਾਲਤ 'ਚ ਮਰਜ ਕਰਨ ਦੀ ਰੂਪ-ਰੇਖਾ ਵੀ ਤਿਆਰ ਕਰ ਲਈ ਹੈ। ਵਿਭਾਗ ਨੇ ਜ਼ਿਲਾ ਸਿੱਖਿਆ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਮਰਜ ਕੀਤੇ ਜਾਣ ਵਾਲੇ ਸਕੂਲਾਂ ਦੇ ਅਧਿਆਪਕਾਂ ਦਾ ਜ਼ਿਲਾ ਪੱਧਰ 'ਤੇ ਪੂਲ ਬਣਾਇਆ ਜਾਵੇ, ਉਸ ਤੋਂ ਬਾਅਦ ਸੀਨੀਆਰਤਾ ਅਨੁਸਾਰ ਲਿਸਟ ਤਿਆਰ ਕਰ ਕੇ ਅਧਿਆਪਕਾਂ ਨੂੰ ਜ਼ਰੂਰਤਮੰਦ ਸਕੂਲਾਂ 'ਚ ਤਾਇਨਾਤ ਕਰਦੇ ਸਮੇਂ ਉਨ੍ਹਾਂ ਦੀ ਸੀਨੀਆਰਤਾ ਅਨੁਸਾਰ ਸਟੇਸ਼ਨ ਦਿੱਤਾ ਜਾਵੇ ਤੇ ਮਰਜ ਕੀਤੇ ਜਾਣ ਵਾਲੇ ਸਕੂਲਾਂ ਨੂੰ ਜਿਸ ਸਕੂਲ 'ਚ ਮਰਜ ਕੀਤਾ ਜਾ ਰਿਹਾ ਹੈ ਉਸ ਵਿਚ ਵਿਦਿਆਰਥੀਆਂ ਨੂੰ ਮੁੱਢਲੀ ਸਹੂਲਤ ਉਪਲਬਧ ਕਰਵਾਈ ਜਾਵੇ।
ਸਿੱਖਿਆ ਵਿਭਾਗ ਵੱਲੋਂ ਸਕੂਲਾਂ ਨੂੰ ਮਰਜ ਤਾਂ ਕੀਤਾ ਜਾ ਰਿਹਾ ਹੈ ਪਰ ਉਨ੍ਹਾਂ ਦੇ ਅਧਿਆਪਕਾਂ ਨੂੰ ਕਿਨ੍ਹਾਂ ਸਕੂਲਾਂ 'ਚ ਭੇਜਿਆ ਜਾਵੇਗਾ ਇਸ ਨੂੰ ਲੈ ਕੇ ਅਧਿਆਪਕ ਵਰਗ 'ਚ ਬੇਚੈਨੀ ਪਾਈ ਜਾ ਰਹੀ ਹੈ। ਸ਼ਹਿਰੀ ਖੇਤਰ ਦੇ ਪ੍ਰਾਇਮਰੀ ਸਕੂਲਾਂ 'ਚ ਪਹਿਲਾਂ ਤੋਂ ਹੀ ਪੋਸਟਾਂ ਭਰੀਆਂ ਹੋਈਆਂ ਹਨ ਅਤੇ ਸ਼ਹਿਰ ਦੇ ਨਜ਼ਦੀਕ ਦੇ ਸਕੂਲਾਂ 'ਚ ਵੀ ਪੋਸਟਾਂ ਖਾਲੀ ਨਹੀਂ ਹਨ। ਮਰਜ ਕੀਤੇ ਜਾ ਰਹੇ ਸਕੂਲਾਂ ਦੇ ਅਧਿਆਪਕਾਂ ਨੂੰ ਚਿੰਤਾ ਹੈ ਕਿ ਹੁਣ ਉਨ੍ਹਾਂ ਨੂੰ ਸਰਹੱਦੀ ਖੇਤਰ ਦੇ ਸਕੂਲਾਂ 'ਚ ਜਾ ਕੇ ਬੱਚਿਆਂ ਨੂੰ ਪੜ੍ਹਾਉਣਾ ਪਵੇਗਾ। ਉਧਰ ਦੂਜੇ ਪਾਸੇ ਸਿੱਖਿਆ ਵਿਭਾਗ ਵੱਲੋਂ ਨਵੇਂ ਸਕੂਲਾਂ 'ਚ ਉਕਤ ਸਕੂਲਾਂ ਨੂੰ ਮਰਜ ਕੀਤਾ ਜਾ ਰਿਹਾ ਹੈ, ਉਨ੍ਹਾਂ 'ਚੋਂ ਜ਼ਿਆਦਾਤਰ ਸਕੂਲ ਸਬੰਧਤ ਪਿੰਡ ਤੋਂ 1-2 ਕਿਲੋਮੀਟਰ ਦੀ ਦੂਰੀ 'ਤੇ ਹਨ। ਪ੍ਰਾਇਮਰੀ ਸਕੂਲਾਂ 'ਚ ਛੋਟੇ ਵਿਦਿਆਰਥੀ ਪੜ੍ਹਦੇ ਹਨ। ਵਿਦਿਆਰਥੀਆਂ ਨੂੰ ਹੁਣ ਆਪਣੇ ਪਿੰਡ ਤੋਂ ਨੇੜਲੇ ਪਿੰਡ 'ਚ ਜਾ ਕੇ ਸਿੱਖਿਆ ਲੈਣੀ ਪਵੇਗੀ। ਵਿਦਿਆਰਥੀਆਂ ਨੂੰ ਇਸ ਦੌਰਾਨ ਕਾਫ਼ੀ ਜੱਦੋ-ਜਹਿਦ ਕਰਨੀ ਪਵੇਗੀ।
ਸਿੱਖਿਆ ਵਿਭਾਗ ਇਕ ਪਾਸੇ ਸਰਕਾਰੀ ਸਕੂਲਾਂ 'ਚ ਪ੍ਰਾਇਮਰੀ ਵਿੰਗ ਸਥਾਪਤ ਕਰਨ ਜਾ ਰਿਹਾ ਹੈ, ਦੂਜੇ ਪਾਸੇ ਸਕੂਲਾਂ ਵਿਚ ਬੱਚਿਆਂ ਦੀ ਗਿਣਤੀ ਵਧਾਉਣ ਦੀ ਬਜਾਏ ਘੱਟ ਗਿਣਤੀ ਵਾਲੇ ਸਕੂਲਾਂ ਨੂੰ ਹੀ ਬੰਦ ਕਰ ਰਿਹਾ ਹੈ। ਅਧਿਆਪਕ ਸੰਗਠਨ ਵੀ ਵਿਭਾਗ ਦੇ ਫੈਸਲੇ ਵਿਰੁੱਧ ਹਨ ਤੇ ਉਹ ਵੀ ਆਉਣ ਵਾਲੇ ਦਿਨਾਂ ਵਿਚ ਸੰਘਰਸ਼ ਦੀ ਰੂਪ-ਰੇਖਾ ਬਣਾ ਸਕਦੇ ਹਨ।
ਜ਼ਿਲਾ ਅੰਮ੍ਰਿਤਸਰ ਦੀ ਗੱਲ ਕਰੀਏ ਤਾਂ ਸਰਕਾਰੀ ਪ੍ਰਾਇਮਰੀ ਸਕੂਲ ਮਹਿਤਾ ਖੁਰਦ, ਸਰਕਾਰੀ ਪ੍ਰਾਇਮਰੀ ਸਕੂਲ ਸਿੰਗੋਕੇ, ਸਰਕਾਰੀ ਪ੍ਰਾਇਮਰੀ ਸਕੂਲ ਢਾਂਗੀ, ਸਰਕਾਰੀ ਪ੍ਰਾਇਮਰੀ ਸਕੂਲ ਕੋਟਲੀ ਯਾਨਖਾਨ, ਸਰਕਾਰੀ ਪ੍ਰਾਇਮਰੀ ਸਕੂਲ ਮਾਲਾ ਖਿਰੀ, ਸਰਕਾਰੀ ਪ੍ਰਾਇਮਰੀ ਸਕੂਲ ਮੁਗਲਾਨੀ ਕੋਟ, ਸਰਕਾਰੀ ਪ੍ਰਾਇਮਰੀ ਸਕੂਲ ਤਾਰਾਗੜ੍ਹ, ਸਰਕਾਰੀ ਪ੍ਰਾਇਮਰੀ ਸਕੂਲ ਅਵਾਨ ਲੱਖਾ ਸਿੰਘ, ਸਰਕਾਰੀ ਪ੍ਰਾਇਮਰੀ ਸਕੂਲ ਭੁੱਲਰ ਹੰਸ, ਸਰਕਾਰੀ ਪ੍ਰਾਇਮਰੀ ਸਕੂਲ ਕੋਟ ਹਿਰਦੇ ਰਾਮ, ਸਰਕਾਰੀ ਪ੍ਰਾਇਮਰੀ ਸਕੂਲ ਮਾਨ, ਸਰਕਾਰੀ ਪ੍ਰਾਇਮਰੀ ਸਕੂਲ ਗੋਸਲ ਅਫਗਾਨਾ, ਸਰਕਾਰੀ ਪ੍ਰਾਇਮਰੀ ਸਕੂਲ ਬੱਥੂਚੱਕ, ਸਰਕਾਰੀ ਪ੍ਰਾਇਮਰੀ ਸਕੂਲ ਕੋਟ ਮੁਗਲ, ਸਰਕਾਰੀ ਪ੍ਰਾਇਮਰੀ ਸਕੂਲ ਨੰਦਵਾਲਾ, ਸਰਕਾਰੀ ਪ੍ਰਾਇਮਰੀ ਸਕੂਲ ਅਲਕੜੇ, ਸਰਕਾਰੀ ਪ੍ਰਾਇਮਰੀ ਸਕੂਲ ਅੱਬੂ ਸੈਦ, ਸਰਕਾਰੀ ਪ੍ਰਾਇਮਰੀ ਸਕੂਲ ਬੱਗੇਵਾਲੀ, ਸਰਕਾਰੀ ਪ੍ਰਾਇਮਰੀ ਸਕੂਲ ਕੱਲੋਮਾਹਲ, ਸਰਕਾਰੀ ਪ੍ਰਾਇਮਰੀ ਸਕੂਲ ਬੁਲਾਰੀਆ, ਸਰਕਾਰੀ ਪ੍ਰਾਇਮਰੀ ਸਕੂਲ ਸੰਮੋਵਾਲ, ਸਰਕਾਰੀ ਪ੍ਰਾਇਮਰੀ ਸਕੂਲ ਨਵਾਂ ਤਨੇਲ, ਸਰਕਾਰੀ ਪ੍ਰਾਇਮਰੀ ਸਕੂਲ ਕੋਟਲੀ, ਸਰਕਾਰੀ ਪ੍ਰਾਇਮਰੀ ਸਕੂਲ ਚੱਕਫੂਲਾ, ਸਰਕਾਰੀ ਪ੍ਰਾਇਮਰੀ ਸਕੂਲ ਝਲਕੇ, ਸਰਕਾਰੀ ਪ੍ਰਾਇਮਰੀ ਸਕੂਲ ਕੋਟਲਾ ਖਜ਼ਾਨ, ਸਰਕਾਰੀ ਪ੍ਰਾਇਮਰੀ ਸਕੂਲ ਪਨਵਾਨ, ਸਰਕਾਰੀ ਪ੍ਰਾਇਮਰੀ ਸਕੂਲ ਜੋਗਾ ਸਿੰਘ ਵਾਲਾ, ਸਰਕਾਰੀ ਪ੍ਰਾਇਮਰੀ ਸਕੂਲ ਕੈਰੋਂ ਨੰਗਲ ਤੇ ਸਰਕਾਰੀ ਪ੍ਰਾਇਮਰੀ ਸਕੂਲ ਮਲਿਕ ਨੰਗਲ ਦੇ ਨਾਂ ਸ਼ਾਮਲ ਹਨ।
