4000 ਰੁਪਏ ਰਿਸ਼ਵਤ ਲੈਂਦਾ ਸਿੱਖਿਆ ਵਿਭਾਗ ਦਾ ਜੇ.ਈ. ਕਾਬੂ

Monday, Sep 29, 2025 - 10:21 PM (IST)

4000 ਰੁਪਏ ਰਿਸ਼ਵਤ ਲੈਂਦਾ ਸਿੱਖਿਆ ਵਿਭਾਗ ਦਾ ਜੇ.ਈ. ਕਾਬੂ

ਸੁਲਤਾਨਪੁਰ ਲੋਧੀ, (ਮਹਾਜਨ)- ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਕਪੂਰਥਲਾ ਵਿਖੇ ਤਾਇਨਾਤ ਸਿੱਖਿਆ ਵਿਭਾਗ ਦੇ ਜੂਨੀਅਰ ਇੰਜੀਨੀਅਰ (ਜੇ.ਈ.) ਹਰਜੀਤ ਸਿੰਘ ਨੂੰ 4000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਕਪੂਰਥਲਾ ਜ਼ਿਲ੍ਹੇ ਦੇ ਸਰਕਾਰੀ ਸਕੂਲ, ਧਾਲੀਵਾਲ ਦੋਨਾ ਵਿਖੇ ਤਾਇਨਾਤ ਇੱਕ ਸਕੂਲ ਅਧਿਆਪਕ ਦੀ ਸ਼ਿਕਾਇਤ ਉਪਰੰਤ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਹੈ ਕਿ ਉਕਤ ਮੁਲਜ਼ਮ ਨੇ ਸਕੂਲ ਵੱਲੋਂ ਵਰਤੀ ਗਈ 40 ਲੱਖ ਰੁਪਏ ਦੀ ਗ੍ਰਾਂਟ ਦੇ ਸਬੰਧ ਵਿੱਚ ਸੰਪੂਰਨਤਾ ਸਰਟੀਫਿਕੇਟ ਜਾਰੀ ਕਰਨ ਬਦਲੇ 10,000 ਰੁਪਏ ਰਿਸ਼ਵਤ ਦੀ ਮੰਗ ਕੀਤੀ। ਸ਼ਿਕਾਇਤਕਰਤਾ ਨੇ ਦੱਸਿਆ ਕਿ ਇਸ ਸਬੰਧੀ ਮੁਲਜ਼ਮ ਜੇ.ਈ. ਪਹਿਲਾਂ ਹੀ 2000 ਰੁਪਏ ਰਿਸ਼ਵਤ ਲੈ ਚੁੱਕਾ ਹੈ ਅਤੇ ਰਿਸ਼ਵਤ ਦੇ ਬਾਕੀ ਪੈਸਿਆਂ ਦੀ ਮੰਗ ਕਰ ਰਿਹਾ ਹੈ। ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗਣ ਸਮੇਂ ਜੇ.ਈ. ਨਾਲ ਹੋਈ ਗੱਲਬਾਤ ਨੂੰ ਰਿਕਾਰਡ ਕਰ ਲਿਆ ਅਤੇ ਇਸ ਰਿਕਾਰਡਿੰਗ ਨੂੰ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤਾ।

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਤਸਦੀਕ ਉਪਰੰਤ, ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਮੁਲਜ਼ਮ ਜੇ.ਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਅਧਿਆਪਕ ਤੋਂ ਦੂਜੀ ਕਿਸ਼ਤ ਵਜੋਂ 4000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਜੇ.ਈ. ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।


author

Rakesh

Content Editor

Related News