ਸਿੱਖਿਆ ਵਿਭਾਗ ਨੇ ਪ੍ਰਾਈਵੇਟ ਸਕੂਲਾਂ ''ਤੇ ਕੱਸਿਆ ਸ਼ਿਕੰਜਾ ਅਧਿਕਾਰੀਆਂ ਨੂੰ ਸਕੂਲਾਂ ਦੀ ਜਾਂਚ ਦੇ ਹੁਕਮ

Wednesday, Dec 20, 2017 - 06:44 AM (IST)

ਸਿੱਖਿਆ ਵਿਭਾਗ ਨੇ ਪ੍ਰਾਈਵੇਟ ਸਕੂਲਾਂ ''ਤੇ ਕੱਸਿਆ ਸ਼ਿਕੰਜਾ ਅਧਿਕਾਰੀਆਂ ਨੂੰ ਸਕੂਲਾਂ ਦੀ ਜਾਂਚ ਦੇ ਹੁਕਮ

ਅੰਮ੍ਰਿਤਸਰ, (ਦਲਜੀਤ)- ਸਿੱਖਿਆ ਵਿਭਾਗ ਨੇ ਪੰਜਾਬ ਦੇ ਪ੍ਰਾਈਵੇਟ ਅਤੇ ਮਾਨਤਾ ਪ੍ਰਾਪਤ ਸਕੂਲਾਂ 'ਤੇ ਸ਼ਿਕੰਜਾ ਕੱਸ ਦਿੱਤਾ ਹੈ। ਵਿਭਾਗ ਨੇ ਸੂਬੇ ਦੇ ਸਮੂਹ ਜ਼ਿਲਾ ਸਿੱਖਿਆ ਅਫਸਰ (ਸ) ਨੂੰ ਪੱਤਰ ਜਾਰੀ ਕਰਦੇ ਹੋਏ ਉਕਤ ਸਕੂਲਾਂ ਦੀਆਂ ਗਤੀਵਿਧੀਆਂ 'ਤੇ ਖਾਸ ਨਜ਼ਰ ਬਣਾਈ ਰੱਖਣ ਦੇ ਹੁਕਮ ਦੇ ਦਿੱਤੇ ਹਨ। ਵਿਭਾਗ ਵੱਲੋਂ ਕੀਤੀ ਜਾ ਰਹੀ ਸਖ਼ਤੀ ਖਿਲਾਫ ਮਾਨਤਾ ਪ੍ਰਾਪਤ ਅਤੇ ਐਫੀਲਿਏਟਿਡ ਸਕੂਲਜ਼ ਐਸੋਸੀਏਸ਼ਨ (ਰਾਸਾ) ਨੇ ਮੋਰਚਾ  ਖੋਲ੍ਹਦਿਆਂ ਸਮੂਹ ਸਕੂਲਾਂ ਨੂੰ ਬੰਦ ਕਰ ਕੇ ਚਾਬੀਆਂ ਮੁੱਖ ਮੰਤਰੀ ਨੂੰ ਦੇਣ ਦਾ ਮਨ ਬਣਾ ਲਿਆ ਹੈ।
ਜਾਣਕਾਰੀ ਅਨੁਸਾਰ ਸਿੱਖਿਆ ਵਿਭਾਗ ਵੱਲੋਂ ਅਧਿਕਾਰੀਆਂ ਨੂੰ ਜਾਰੀ ਪੱਤਰ 'ਚ ਸਪੱਸ਼ਟ ਕੀਤਾ ਗਿਆ ਹੈ ਕਿ ਉਨ੍ਹਾਂ ਅਧੀਨ ਆਉਣ ਵਾਲੇ ਪ੍ਰਾਈਵੇਟ ਅਤੇ ਮਾਨਤਾ ਪ੍ਰਾਪਤ ਸਕੂਲਾਂ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਦੀ ਗਿਣਤੀ ਇਕੱਠੀ ਕੀਤੀ ਜਾਵੇ ਅਤੇ ਯਕੀਨੀ ਬਣਾਇਆ ਜਾਵੇ ਕਿ ਉਕਤ ਵਰਗ ਨੂੰ ਆਧਾਰ ਨਾਲ ਜੋੜਿਆ ਹੈ। ਹਰ ਸਾਲ ਬਿਲਡਿੰਗ ਸੇਫਟੀ ਦਾ ਸਰਟੀਫਿਕੇਟ ਜਾਰੀ ਕਰਨ ਤੋਂ ਪਹਿਲਾਂ ਵਿਭਾਗ ਦੀ ਟੀਮ ਨੂੰ ਭੇਜ ਕੇ ਤਸੱਲੀ ਕਰ ਲਈ ਜਾਵੇ। ਸਮੇਂ-ਸਮੇਂ 'ਤੇ ਸਕੂਲਾਂ ਦੀ ਚੈਕਿੰਗ ਕੀਤੀ ਜਾਵੇ ਅਤੇ ਪੀਣ ਵਾਲੇ ਪਾਣੀ ਦੇ ਪ੍ਰਬੰਧ ਅਤੇ ਪਾਖਾਨਿਆਂ ਦੀ ਖਾਸ ਜਾਂਚ ਕੀਤੀ ਜਾਵੇ। ਵਿਭਾਗ ਵੱਲੋਂ ਜਾਰੀ ਪੱਤਰ ਤੋਂ ਬਾਅਦ ਜ਼ਿਲਾ ਸਿੱਖਿਆ ਅਫਸਰਾਂ ਵੱਲੋਂ ਕਲੱਸਟਰ ਮੁਖੀਆਂ ਨੂੰ ਹੁਕਮ ਦੇ ਦਿੱਤੇ ਗਏ ਹਨ ਕਿ ਉਹ ਸਕੂਲਾਂ ਦੀ ਲਗਾਤਾਰ ਜਾਂਚ ਕਰਨ। ਵਿਭਾਗ ਦੇ ਪੱਤਰ ਤੋਂ ਬਾਅਦ ਪੰਜਾਬ ਦੇ ਸਕੂਲਾਂ 'ਚ ਬੇਚੈਨੀ ਦਾ ਮਾਹੌਲ ਪਾਇਆ ਜਾਂਦਾ ਹੈ। ਮਾਨਤਾ ਪ੍ਰਾਪਤ ਅਤੇ ਐਫੀਲਿਏਟਿਡ ਸਕੂਲਜ਼ ਐਸੋਸੀਏਸ਼ਨ (ਰਾਸਾ) ਨੇ ਅੱਜ ਅੰਮ੍ਰਿਤਸਰ ਵਿਖੇ ਸੂਬਾਈ ਕਮੇਟੀ ਦੀ ਹੰਗਾਮੀ ਮੀਟਿੰਗ ਕੀਤੀ। 
ਸਰਕਾਰੀ ਸਕੂਲਾਂ 'ਚ ਖਾਮੀਆਂ ਨੂੰ ਅੱਖੋਂ-ਪਰੋਖੇ ਕਰ ਰਿਹੈ ਵਿਭਾਗ  :  ਰਾਸਾ ਦੇ ਸੂਬਾ ਜਨਰਲ ਸਕੱਤਰ ਪੰ. ਕੁਲਵੰਤ ਰਾਏ ਸ਼ਰਮਾ ਨੇ ਕਿਹਾ ਕਿ ਵਿਭਾਗ ਸਰਕਾਰੀ ਸਕੂਲਾਂ 'ਚ ਵੱਡੇ ਪੱਧਰ 'ਤੇ ਖਾਮੀਆਂ ਨੂੰ ਦੂਰ ਕਰਨ ਦੀ ਬਜਾਏ ਰਾਸਾ ਦੇ ਸਕੂਲਾਂ ਨੂੰ ਬਿਨਾ ਵਜ੍ਹਾ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਪੰਜਾਬ 'ਚ ਸੈਂਕੜੇ ਸਰਕਾਰੀ ਸਕੂਲ ਅਜਿਹੇ ਹਨ ਜਿਨ੍ਹਾਂ ਦੀਆਂ ਇਮਾਰਤਾਂ ਦੀ ਹਾਲਤ ਕਾਫੀ ਖਸਤਾ ਹੈ। ਪੀਣ ਵਾਲੇ ਪਾਣੀ ਦਾ ਢੁਕਵਾਂ ਪ੍ਰਬੰਧ ਨਹੀਂ ਹੈ ਅਤੇ ਪਾਖਾਨੇ ਵੀ ਗੰਦੇ ਹੋਣ ਕਾਰਨ ਵਿਦਿਆਰਥੀਆਂ ਨੂੰ ਬਾਹਰ ਜਾਣਾ ਪੈਂਦਾ ਹੈ। ਸ਼ਰਮਾ ਨੇ ਕਿਹਾ ਕਿ ਰਾਸਾ ਦੇ ਪੰਜਾਬ 'ਚ ਸਾਢੇ 5 ਹਜ਼ਾਰ ਸਕੂਲਾਂ 'ਚ ਢਾਈ ਲੱਖ ਤੋਂ ਵਧੇਰੇ ਮਿਹਨਤੀ ਅਤੇ ਕੁਸ਼ਲ ਸਟਾਫ ਵਿਦਿਆਰਥੀਆਂ ਦਾ ਭਵਿੱਖ ਰੁਸ਼ਨਾ ਰਿਹਾ ਹੈ। ਰਾਸਾ ਦੇ ਸਕੂਲ ਘੱਟ ਫੀਸਾਂ ਲੈ ਕੇ ਮਿਆਰੀ ਸਿੱਖਿਆ ਵਿਦਿਆਰਥੀਆਂ ਨੂੰ ਦੇ ਰਹੇ ਹਨ।
ਬੋਰਡ ਦੀ ਮੈਰਿਟ 'ਚ ਰਾਸਾ ਦੇ ਸਕੂਲ ਰਹਿੰਦੇ ਹਨ ਮੋਹਰੀ  :  ਸ਼ਰਮਾ ਨੇ ਕਿਹਾ ਕਿ ਪਿਛਲੇ 10 ਸਾਲਾਂ ਦੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਨਤੀਜਿਆਂ 'ਤੇ ਝਾਤ ਮਾਰੀ ਜਾਵੇ ਤਾਂ ਪਤਾ ਲਗਦਾ ਹੈ ਕਿ ਰਾਸਾ ਦੇ ਸਕੂਲਾਂ ਦੇ ਵਿਦਿਆਰਥੀ ਹੀ ਮੈਰਿਟ 'ਚ ਆਏ ਹਨ ਜਦਕਿ ਪ੍ਰਾਈਵੇਟ ਸਕੂਲਾਂ ਨੂੰ ਨਸੀਹਤ ਦੇਣ ਵਾਲੇ ਸਿੱਖਿਆ ਵਿਭਾਗ ਦੇ ਸਕੂਲ ਫਾਡੀ ਰਹੇ ਹਨ। ਸ਼ਰਮਾ ਨੇ ਕਿਹਾ ਕਿ ਅੱਜ ਹੀ ਸਾਰੇ ਜ਼ਿਲੇ ਦੇ ਪ੍ਰਧਾਨਾਂ ਨੂੰ ਪੱਤਰ ਜਾਰੀ ਕਰ ਦਿੱਤੇ ਗਏ ਹਨ ਕਿ ਜੇਕਰ ਕੋਈ ਵੀ ਵਿਭਾਗੀ ਅਧਿਕਾਰੀ ਉਨ੍ਹਾਂ ਦੇ ਸਕੂਲ ਦੀ ਜਾਂਚ ਕਰਨ ਆਵੇ ਤਾਂ ਉਸ ਦਾ ਘਿਰਾਓ ਕੀਤਾ ਜਾਵੇ ਅਤੇ ਜਾਂਚ 'ਚ ਸ਼ਾਮਲ ਨਾ ਹੋਇਆ ਜਾਵੇ।
ਕੀ ਕਹਿੰਦੇ ਹਨ ਡੀ. ਈ. ਓ.?
ਜ਼ਿਲਾ ਸਿੱਖਿਆ ਅਫਸਰ (ਸ) ਮੈਡਮ ਸੁਨੀਤਾ ਕਿਰਨ ਨਾਲ ਇਸ ਸਬੰਧੀ ਜਦੋਂ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਜਾਰੀ ਪੱਤਰ ਉਨ੍ਹਾਂ ਨੂੰ ਮਿਲ ਗਿਆ ਹੈ। ਕਲਸਟਰ ਮੁਖੀਆਂ ਨੂੰ ਸਕੂਲਾਂ ਦੀ ਜਾਂਚ ਲਈ ਦਿਸ਼ਾ-ਨਿਰਦੇਸ਼ ਦਿੱਤੇ ਗਏ ਹਨ। ਵਿਭਾਗ ਦੇ ਹੁਕਮਾਂ ਦੀ ਇੰਨ-ਬਿੰਨ ਪਾਲਣਾ ਕਰਵਾਈ ਜਾਵੇਗੀ। 


Related News