‘ਸਾਡਾ ਪੰਜਾਬ ਸਾਂਝਾ ਪੰਜਾਬ’ ਪਾਰਟੀ ਨੌਜਵਾਨਾਂ ਦੇ ਸੁਨਹਿਰੇ ਭਵਿੱਖ ਲਈ ਵਚਨਬੱਧ ਰਹੇਗੀ : ਸੁਖਦੇਵ ਸਿੰਘ

01/29/2024 5:18:04 PM

ਚੰਡੀਗੜ੍ਹ : ਸੂਬੇ 'ਚ ਸਥਾਪਿਤ ਸਿਆਸੀ ਪਾਰਟੀਆਂ ਨੇ ਹਮੇਸ਼ਾ ਹੀ ਨੌਜਵਾਨਾਂ ਸਮੇਤ ਸੂਬੇ ਦੇ ਲੋਕਾਂ ਦੇ ਹਿੱਤਾਂ ਨਾਲ ਖਿਲਵਾੜ ਕੀਤਾ ਹੈ। ਲੋਕਾਂ ਦਾ ਭਲਾ ਕਰਨ ਦੀ ਬਜਾਏ ਅਤੇ ਅਹਿਮ ਮੁੱਦਿਆਂ ਤੋਂ ਭਟਕਦਿਆਂ ਸਿਆਸੀ ਪਾਰਟੀਆਂ ਆਪਣੇ ਭਲਾਈ ਲਈ ਜ਼ਿਆਦਾ ਕੰਮ ਕਰ ਰਹੀਆਂ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਾਲ 'ਚ ਹੀ ਹੋਂਦ ਵਿੱਚ ਆਈ ਪਾਰਟੀ 'ਸਾਡਾ ਪੰਜਾਬ ਸਾਂਝਾ ਪੰਜਾਬ' ਦੇ ਆਗੂ ਸੁਖਦੇਵ ਸਿੰਘ ਨੇ ਕੀਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪਾਰਟੀ ਨੌਜਵਾਨਾਂ ਦੇ ਸੁਨਹਿਰੇ ਭਵਿੱਖ ਲਈ ਵਚਨਬੱਧ ਰਹਿ ਕੇ ਆਪਣੀਆਂ ਯੋਜਨਾਵਾਂ ਲੈ ਕੇ ਨਿੱਤਰੀ ਹੈ।

ਉਨ੍ਹਾਂ ਕਿਹਾ ਕਿ ਆਧੁਨਿਕਤਾ ਦੇ ਦੌਰ ਵਿੱਚ ਇਹ ਜ਼ਰੂਰੀ ਹੋ ਚੁੱਕਾ ਹੈ ਕਿ ਸੂਬੇ ਦੇ ਨੌਜਵਾਨਾਂ ਨੂੰ ਬੇਹਤਰੀਨ ਸਿੱਖਿਆ ਮੁਹੱਈਆ ਕਰਵਾਈ ਜਾਵੇ ਅਤੇ ਉਨ੍ਹਾਂ ਨੂੰ ਤਕਨੀਕੀ ਤੌਰ 'ਤੇ ਨਿਪੁੰਨ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਰਾਜ ਕਰਨ ਵਾਲੀਆਂ ਪਾਰਟੀਆਂ ਨੇ ਸਿੱਖਿਆ ਦੇ ਖੇਤਰ ਨੂੰ ਪੂਰੀ ਤਰ੍ਹਾਂ ਅਣਗੋਲਿਆਂ ਕਰਕੇ ਰੱਖਿਆ ਹੈ। ਇਸ ਕਾਰਨ ਸੂਬੇ ਦੇ ਨੌਜਵਾਨ ਸਿੱਖਿਆ ਮੁਕਾਬਲਿਆਂ ਵਿੱਚ ਪਿੱਛੜ ਕੇ ਰਹਿ ਗਏ ਹਨ। ਉਨ੍ਹਾਂ ਕਿਹਾ ਕਿ ਬੀਤੇ 5-6 ਸਾਲਾਂ ਦੌਰਾਨ ਪੰਜਾਬ ਦੇ ਤਕਰੀਬਨ 700-800 ਪਿੰਡਾਂ ਵਿੱਚ ਨਿੱਜੀ ਤੌਰ 'ਤੇ ਪਹੁੰਚ ਕੇ ਲੋਕਾਂ ਅਤੇ ਖ਼ਾਸ ਕਰਕੇ ਪਿੰਡਾਂ ਦੇ ਨੌਜਵਾਨਾਂ ਨਾਲ ਗੱਲ ਕਰਕੇ ਜੋ ਹਾਲਾਤ ਜਾਂ ਜੋ ਘਾਣ ਪੰਜਾਬ ਦੀ ਨੌਜਵਾਨੀ ਨਾਲ ਹੋ ਰਿਹਾ, ਉਸ ਨੂੰ ਖ਼ਤਮ ਕਰਨ ਲਈ ਹੀ ਰਾਜਨੀਤੀ ਵਿੱਚ ਆ ਕੇ ਇਨ੍ਹਾਂ ਨੌਜਵਾਨਾਂ ਲਈ ਕੁੱਝ ਕਰਨ ਦੀ ਕੋਸ਼ਿਸ਼ ਲਈ ਹਿੰਮਤ ਕੀਤੀ ਗਈ ਹੈ।

ਉਨ੍ਹਾਂ ਦਾਅਵਾ ਕੀਤਾ ਕਿ ਜਲਦ ਹੀ ਪੰਜਾਬ ਦੇ ਨੌਜਵਾਨਾਂ ਦਾ ਇੱਕ ਵੱਡਾ ਹਜ਼ੂਮ ਉਨ੍ਹਾਂ ਨਾਲ ਜੁੜੇਗਾ। ਉਨ੍ਹਾਂ ਕਿਹਾ ਕਿ ਸਾਡਾ ਪੰਜਾਬ ਸਾਂਝਾ ਪੰਜਾਬ ਪਾਰਟੀ ਦਾ ਟੀਚਾ ਹੈ ਕਿ ਸੂਬੇ ਦੇ ਲੋਕਾਂ ਨੂੰ ਮੌਜੂਦਾ ਤਕਨੀਕ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਈ ਜਾਵੇ ਤਾਂ ਜੋ ਉਹ ਮੁਕਾਬਲੇ ਦੇ ਇਸ ਯੁੱਗ ਵਿੱਚ ਆਪਣੀ ਜ਼ਿੰਦਗੀ ਸਫ਼ਲਤਾ ਨਾਲ ਬਿਤਾ ਸਕਣ। ਉਨ੍ਹਾਂ ਕਿਹਾ ਕਿ ਬੇਸ਼ੱਕ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਰਹੀ ਹੋਵੇ ਜਾਂ ਕਾਂਗਰਸ ਦੀ ਇਨ੍ਹਾਂ ਨੇ ਹਮੇਸ਼ਾ ਹੀ ਨੌਜਵਾਨਾਂ ਦੇ ਹਿੱਤਾਂ ਨਾਲ ਖਿਲਵਾੜ ਕੀਤਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਨੇ ਬੜੀਆਂ ਉਮੀਦਾਂ ਨਾਲ ਆਮ ਆਦਮੀ ਪਾਰਟੀ ਦੇ ਪੱਖ ਵਿੱਚ ਬਹੁਮਤ ਦਿੱਤਾ ਸੀ ਪਰ ਇਸ ਸਰਕਾਰ ਨੇ ਵੀ ਆਪਣੇ ਮੁੱਢਲੇ ਕਾਰਜਕਾਲ ਦੌਰਾਨ ਹੀ ਲੋਕਾਂ ਦੀਆਂ ਭਾਵਨਾਵਾਂ ਨੂੰ ਢਹਿ-ਢੇਰੀ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਾਡਾ ਪੰਜਾਬ ਸਾਂਝਾ ਪੰਜਾਬ ਪਾਰਟੀ ਸੂਬੇ ਦੇ ਲੋਕਾਂ ਦੀਆਂ ਉਮੀਦਾਂ 'ਤੇ ਖਰ੍ਹਾ ਉਤਰਨ ਲਈ ਹਰ ਸੰਭਵ ਯਤਨ ਕਰੇਗੀ।
 

Babita

This news is Content Editor Babita