ਪੰਜਾਬ ਦੇ ਸਿੱਖਿਆ ਮੰਤਰੀ ਦਾ ਅਹਿਮ ਫ਼ੈਸਲਾ, ਸਰਕਾਰੀ ਸਕੂਲਾਂ ਲਈ ਕੀਤਾ ਇਹ ਵੱਡਾ ਐਲਾਨ

Tuesday, Aug 03, 2021 - 06:44 PM (IST)

ਪੰਜਾਬ ਦੇ ਸਿੱਖਿਆ ਮੰਤਰੀ ਦਾ ਅਹਿਮ ਫ਼ੈਸਲਾ, ਸਰਕਾਰੀ ਸਕੂਲਾਂ ਲਈ ਕੀਤਾ ਇਹ ਵੱਡਾ ਐਲਾਨ

ਚੰਡੀਗੜ੍ਹ : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਕਿਹਾ ਕਿ ਸਰਕਾਰੀ ਸਕੂਲਾਂ ਵਿਚ ਮਿਆਰੀ ਸਿੱਖਿਆ ਨੂੰ ਹੋਰ ਉੱਚਾ ਚੁੱਕਣ ਦੇ ਮੰਤਵ ਨਾਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ 4,738 ਸਮਾਰਟ ਸਕੂਲਾਂ ਵਿਚ ਲੈਂਗੁਏਜ਼ ਲਿਸਨਿੰਗ ਲੈਬਜ਼ ਸਥਾਪਤ ਕਰਨ ਦਾ ਫ਼ੈਸਲਾ ਲਿਆ ਹੈ। ਸਿੰਗਲਾ ਨੇ ਦੱਸਿਆ ਕਿ ਸਿੱਖਿਆ ਵਿਭਾਗ ਵੱਲੋਂ 2,200 ਪ੍ਰਾਇਮਰੀ ਅਤੇ 2538 ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿਚ ਲੈਂਗੁਏਜ਼ ਲਿਸਨਿੰਗ ਲੈਬਜ਼ ਦੀ ਸਥਾਪਨਾ ਲਈ 4.74 ਕਰੋੜ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਹਾਲ ਹੀ ਵਿਚ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਕਾਰਗੁਜ਼ਾਰੀ ਗ੍ਰੇਡਿੰਗ ਇੰਡੈਕਸ (ਪੀਜੀਆਈ) ਅਨੁਸਾਰ ਸਕੂਲ ਸਿੱਖਿਆ ਦੇ ਖੇਤਰ ਵਿਚ ਪੰਜਾਬ ਮੋਹਰੀ ਸੂਬਾ ਬਣ ਕੇ ਉਭਰਿਆ ਹੈ ਅਤੇ ਉਨ੍ਹਾਂ ਦੀ ਸਰਕਾਰ ਆਉਣ ਵਾਲੇ ਸਾਲਾਂ ਵਿਚ ਇਸ ਸਥਾਨ ਨੂੰ ਬਰਕਰਾਰ ਰੱਖਣ ਲਈ ਲਗਾਤਾਰ ਯਤਨ ਕਰ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਮਿਆਰੀ ਸਿੱਖਿਆ ਬੱਚਿਆਂ ਦਾ ਅਧਿਕਾਰ ਹੈ ਅਤੇ ਇਸ ਲਈ ਕਾਂਗਰਸ ਸਰਕਾਰ ਵੱਲੋਂ ਸਕੂਲਾਂ ਵਿਚ ਢੁੱਕਵਾਂ ਮਾਹੌਲ ਸਿਰਜਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ, ਜਿਨ੍ਹਾਂ ਸਦਕਾ ਅਧਿਆਪਕ ਅਤੇ ਵਿਦਿਆਰਥੀ ਸਿੱਖਿਆ ਅਤੇ ਸਿੱਖਣ ਦੀ ਬਿਹਤਰ ਪ੍ਰਕਿਰਿਆ ਵਿਚ ਸ਼ਾਮਲ ਹੋ ਰਹੇ ਹਨ।

ਇਹ ਵੀ ਪੜ੍ਹੋ : ਪੰਜਾਬ ਵਿਚ ਮੌਸਮ ਨੂੰ ਲੈ ਕੇ ਭਵਿੱਖ ਬਾਣੀ, ਜਾਣੋ ਕਿਹੋ ਜਿਹਾ ਰਹੇਗਾ ਮੌਸਮ

ਲੈਂਗੁਏਜ਼ ਲਿਸਨਿੰਗ ਲੈਬਜ਼ ਦੀਆਂ ਸਹੂਲਤਾਂ ਸਬੰਧੀ ਵੇਰਵੇ ਦਿੰਦਿਆਂ ਸਿੰਗਲਾ ਨੇ ਕਿਹਾ ਕਿ ਇਹ ਲੈਬਜ਼ ਦੇ ਸੁਚਾਰੂ ਕੰਮਕਾਜ ਨੂੰ ਯਕੀਨੀ ਬਣਾਉਣ ਲਈ ਬਲੂਟੁੱਥ ਐਂਪਲੀਫਾਇਰ, ਹੈੱਡਫੋਨਜ਼, ਬੈਟਨ, ਪੈੱਨ-ਡਰਾਈਵ ਅਤੇ ਆਕਸ ਕੇਬਲ ਨਾਲ ਲੈੱਸ ਹੋਣਗੀਆਂ। ਉਨ੍ਹਾਂ ਕਿਹਾ ਕਿ ਇਸ ਸਬੰਧੀ ਜ਼ਿਲ੍ਹਾ ਅਧਿਕਾਰੀਆਂ ਨੂੰ ਵਿਸਥਾਰਤ ਦਿਸ਼ਾ ਨਿਰਦੇਸ਼ ਵੀ ਜਾਰੀ ਕੀਤੇ ਗਏ ਹਨ ਅਤੇ ਇਸ ਸਮੱਗਰੀ ਦੀ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਖ਼ਰੀਦ ਕਰਨ ਲਈ ਸਖ਼ਤ ਹਦਾਇਤ ਕੀਤੀ ਗਈ ਹੈ।

ਇਹ ਵੀ ਪੜ੍ਹੋ : ਵਿਦਿਆਰਥੀਆਂ ਲਈ ਅਹਿਮ ਖ਼ਬਰ, ਮੈਰੀਟੋਰੀਅਸ ਸਕੂਲਾਂ ’ਚ ਦਾਖ਼ਲੇ ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ

ਸਿੰਗਲਾ ਨੇ ਦੱਸਿਆ ਕਿ ਇਨ੍ਹਾਂ ਕਲਾਸਾਂ ਵਿਚ ਹੋਰ ਸੁਣਨਯੋਗ ਸਮੱਗਰੀ ਚਲਾਉਣ ਦੇ ਨਾਲ-ਨਾਲ ਅਧਿਆਪਕਾਂ ਨੂੰ ਉਨ੍ਹਾਂ ਦੀ ਆਵਾਜ਼ ਰਿਕਾਰਡ ਕਰਨ ਅਤੇ ਇਨ੍ਹਾਂ ਸਮਾਰਟ ਲਿਸਨਿੰਗ ਲੈਬਜ਼ ਵਿਚ ਅਧਿਆਪਨ ਦੇ ਮੰਤਵ ਲਈ ਉਸਦੀ ਵਰਤੋਂ ਕਰਨ ਦੀ ਆਗਿਆ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸਕੂਲਾਂ ਦੇ ਵਿਦਿਆਰਥੀਆਂ ਦੇ ਗਿਆਨ ਦਾ ਨਿਯਮਤ ਅੰਤਰਾਲ ’ਤੇ ਮੁਲਾਂਕਣ ਕੀਤਾ ਜਾਵੇਗਾ ਅਤੇ ਸਕਾਰਾਤਮਕ ਨਤੀਜੇ ਆਉਣ ਉਪਰੰਤ ਸੂਬੇ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਸਮਾਰਟ ਲੈਂਗੁਏਜ਼ ਲਿਸਨਿੰਗ ਲੈਬਜ਼ ਦਾ ਵਿਸਥਾਰ ਕੀਤਾ ਜਾਵੇਗਾ।

ਇਹ ਵੀ ਪੜ੍ਹੋ : ਪ੍ਰਕਾਸ਼ ਸਿੰਘ ਬਾਦਲ, ਸਿੱਧੂ, ਮਜੀਠੀਆ ਸਣੇ 93 ਵਿਧਾਇਕਾਂ ’ਤੇ ਆਰ. ਟੀ. ਆਈ. ’ਚ ਖ਼ੁਲਾਸਾ, ਸਾਹਮਣੇ ਆਈ ਇਹ ਗੱਲ

ਨੋਟ - ਸਿੱਖਿਆ ਦੇ ਖੇਤਰ ਵਿਚ ਪੰਜਾਬ ਸਰਕਾਰ ਵਲੋਂ ਚੁੱਕੇ ਜਾ ਰਹੇ ਕਦਮਾਂ ਨੂੰ ਤੁਸੀਂ ਕਿਵੇਂ ਦੇਖਦੇ ਹੋ?


author

Gurminder Singh

Content Editor

Related News