ਸਿੱਖਿਆ ਮੰਤਰੀ ਦੀ ਅਧਿਆਪਕਾਂ ਨੂੰ ਸ਼ਰੇਆਮ ਧਮਕੀ! (ਵੀਡੀਓ)

07/12/2018 3:32:43 PM

ਚੰਡੀਗੜ੍ਹ : ਪੰਜਾਬ ਦੇ ਸਿੱਖਿਆ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਬੀਤੇ ਦਿਨ ਸਿੱਖਿਆ ਵਿਭਾਗ ਅਤੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਕੀਤੀ। ਇਸ ਮੀਟਿੰਗ 'ਚ ਸਿੱਖਿਆ ਮੰਤਰੀ ਨੇ ਸ਼ਰੇਆਮ ਅਧਿਆਪਕਾਂ ਨੂੰ ਧਮਕੀ ਦਿੰਦੇ ਹੋਏ ਕਿਹਾ ਕਿ ਜੇਕਰ ਕਿਸੇ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਘਿਰਾਓ ਕੀਤਾ ਤਾਂ ਉਹ ਉਸ ਨੂੰ ਡਿਸਮਿਸ ਕਰ ਦੇਣਗੇ।
ਤੁਹਾਨੂੰ ਦੱਸ ਦੇਈਏ ਕਿ ਉਕਤ ਮੀਟਿੰਗ ਦੌਰਾਨ ਅਧਿਆਪਕਾਂ ਦੀਆਂ ਮੰਗਾਂ ਨੂੰ ਲੈ ਕੇ ਗੱਲ ਚੱਲ ਰਹੀ ਸੀ ਅਤੇ ਇਹ ਮੰਗਾਂ ਪੂਰੀਆਂ ਨਾ ਹੋਣ ਦੀ ਸੂਰਤ 'ਚ ਕੈਪਟਨ ਦਾ ਘਿਰਾਓ ਕਰਨ ਦੀ ਗੱਲ ਕਹੀ ਗਈ ਸੀ, ਜਿਸ ਦਾ ਜਵਾਬ ਦਿੰਦਿਆਂ ਸਿੱਖਿਆ ਮੰਤਰੀ ਨੇ ਕਿਹਾ ਕਿ ਜੇਕਰ ਕਿਸੇ ਵੀ ਅਧਿਆਪਕ ਵਲੋਂ ਅਜਿਹਾ ਕੀਤਾ ਗਿਆ ਤਾਂ ਉਸ ਨੂੰ ਡਿਸਮਿਸ ਕਰ ਦਿੱਤਾ ਜਾਵੇਗਾ। 
ਜ਼ਿਕਰਯੋਗ ਹੈ ਕਿ ਸਿੱਖਿਆ ਮੰਤਰੀ ਨੇ ਅਧਿਆਪਕਾਂ ਨੂੰ ਸਖਤ ਚਿਤਾਵਨੀ ਦਿੰਦਿਆਂ ਕਿਹਾ ਹੈ ਕਿ ਸਕੂਲ ਦੇ ਦਿਨ 'ਚ ਉਹ ਚੰਡੀਗੜ੍ਹ 'ਚ ਆ ਕੇ ਕਿਸੇ ਤਰ੍ਹਾਂ ਦਾ ਪ੍ਰਦਰਸ਼ਨ ਨਹੀਂ ਕਰਨਗੇ ਕਿਉਂਕਿ ਅਜਿਹਾ ਕਰਨ ਨਾਲ ਬੱਚਿਆਂ ਦੀ ਪੜ੍ਹਾਈ ਖਰਾਬ ਹੁੰਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਅਧਿਆਪਕਾਂ ਵਲੋਂ ਅਜਿਹਾ ਕੀਤਾ ਜਾਂਦਾ ਹੈ ਤਾਂ ਫਿਰ ਉਨ੍ਹਾਂ ਖਿਲਾਫ ਕਾਰਵਾਈ ਕੀਤੀ ਜਾਵੇਗੀ। ਇਸ ਦੇ ਨਾਲ ਹੀ ਸਿੱਖਿਆ ਮੰਤਰੀ ਨੇ ਅਧਿਆਪਕਾਂ ਨੂੰ ਉਨ੍ਹਾਂ ਦੀਆਂ ਮੰਗਾਂ ਮੰਨੇ ਜਾਣ ਦਾ ਭਰੋਸਾ ਵੀ ਦੁਆਇਆ ਹੈ।