ਸਿੱਖਿਆ ਪ੍ਰੋਵਾਈਡਰਜ਼ ਨੂੰ ਪੱਕੇ ਕਰਨ ਨੂੰ ਲੈ ਕੇ ਸਿੱਖਿਆ ਮੰਤਰੀ ਹਰਜੋਤ ਬੈਂਸ ਦਾ ਅਹਿਮ ਬਿਆਨ
Saturday, Sep 24, 2022 - 12:46 AM (IST)
ਚੰਡੀਗੜ੍ਹ (ਬਿਊਰੋ) : ਪੰਜਾਬ ਸਰਕਾਰ ਵੱਲੋਂ ਸਿੱਖਿਆ ਵਿਭਾਗ ’ਚ ਕੰਮ ਕਰਦੇ ਸਿੱਖਿਆ ਪ੍ਰੋਵਾਈਡਰਜ਼ ਨੂੰ ਪੱਕੇ ਕਰਨ ਦੀ ਪ੍ਰਕਿਰਿਆ ਨੂੰ ਤਿੰਨ ਮਹੀਨਿਆਂ ’ਚ ਮੁਕੰਮਲ ਕਰ ਲਿਆ ਜਾਵੇਗਾ। ਉਕਤ ਪ੍ਰਗਟਾਵਾ ਅੱਜ ਇਥੇ ਸਕੂਲ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਕੀਤਾ। ਉਨ੍ਹਾਂ ਕਿਹਾ ਕਿ ਸਿੱਖਿਆ ਪ੍ਰੋਵਾਈਡਰਜ਼ ਦੀਆਂ ਸੇਵਾਵਾਂ ਰੈਗੂਲਰ ਕਰਨ ਸਬੰਧੀ ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਲਦ ਜਾਰੀ ਕੀਤਾ ਜਾ ਰਿਹਾ ਹੈ। ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਇਸ ਫ਼ੈਸਲੇ ਉਪਰੰਤ ਸਿੱਖਿਆ ਵਿਭਾਗ ’ਚ ਕੰਮ ਕਰਦੇ ਮੁਲਾਜ਼ਮ ਜਿਵੇਂ-ਜਿਵੇਂ ਰੈਗੂਲਰ ਕਰਨ ਸਬੰਧੀ ਲੋੜੀਂਦੀਆਂ ਸ਼ਰਤਾਂ ਪੂਰੀਆਂ ਕਰਦੇ ਜਾਣਗੇ, ਉਵੇਂ ਹੀ ਮੁਲਾਜ਼ਮਾਂ ਨੂੰ ਪੱਕੇ ਕਰ ਦਿੱਤਾ ਜਾਵੇਗਾ। ਸਕੂਲ ਸਿੱਖਿਆ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਦਿਲੀ ਇੱਛਾ ਹੈ ਕਿ ਸਕੂਲ ਸਿੱਖਿਆ ਵਿਭਾਗ ’ਚ ਕੰਮ ਕਰਦੇ ਸਾਰੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕੀਤਾ ਜਾਵੇ ਅਤੇ ਉਨ੍ਹਾਂ ਨੂੰ ਬਣਦਾ ਮਾਣ ਦਿੱਤਾ ਜਾਵੇ।
ਇਹ ਖ਼ਬਰ ਵੀ ਪੜ੍ਹੋ : ਪੰਜਾਬ ਸਰਕਾਰ ਨੂੰ ਲੱਗੇ ਦੋ ਵੱਡੇ ਝਟਕੇ, ਉਥੇ ਵਕੀਲ ਨੇ ਲਾਰੈਂਸ ਬਿਸ਼ਨੋਈ ਦੇ ਕਤਲ ਦਾ ਜਤਾਇਆ ਖ਼ਦਸ਼ਾ, ਪੜ੍ਹੋ Top 10
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਅਧਿਆਪਕ ਦਿਵਸ ਦੇ ਮੌਕੇ ’ਤੇ 8736 ਅਧਿਆਪਕਾਂ ਦੀਆਂ ਸੇਵਾਵਾਂ ਨੂੰ ਪੱਕਾ ਕਰਕੇ ਇਸ ਗੱਲ ਦਾ ਪ੍ਰਮਾਣ ਵੀ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਹੁਣ ਕੰਪਿਊਟਰ ਅਧਿਆਪਕਾਂ ਦੇ ਮਸਲੇ ਨੂੰ ਜਲਦ ਹੱਲ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ ਸਕੂਲ ਸਿੱਖਿਆ ਨੂੰ ਸਭ ਤੋਂ ਵੱਧ ਤਰਜੀਹੀ ਮਾਮਲੇ ਵਜੋਂ ਰੱਖਿਆ ਹੈ। ਬੈਂਸ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਲਈ ਬਣਾਈ ਗਈ ਸਬ-ਕਮੇਟੀ ਦੀ ਇਸ ਪਹਿਲੀ ਸਿਫਾਰਿਸ਼ ਹੂਬਹੂ ਲਾਗੂ ਕਰਕੇ ਸਿੱਖਿਆ ਵਿਭਾਗ ਦੇ ਕੱਚੇ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀ ਮੰਗ ਨੂੰ ਪੂਰਾ ਕੀਤਾ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ : ਵਿਦੇਸ਼ ਜਾਣ ਦੀ ਮਨਜ਼ੂਰੀ ਨਾ ਮਿਲਣ ’ਤੇ ਅਮਨ ਅਰੋੜਾ ਨੇ ਕੇਂਦਰ ਸਰਕਾਰ ’ਤੇ ਵਿੰਨ੍ਹੇ ਤਿੱਖੇ ਨਿਸ਼ਾਨੇ