ਪੰਜਾਬ ਦੇ ਇਸ ਸਕੂਲ ਲਈ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਦਿੱਤਾ ਵੱਡਾ ਤੋਹਫ਼ਾ

Monday, Mar 24, 2025 - 06:07 PM (IST)

ਪੰਜਾਬ ਦੇ ਇਸ ਸਕੂਲ ਲਈ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਦਿੱਤਾ ਵੱਡਾ ਤੋਹਫ਼ਾ

ਰੋਪੜ/ਚੰਡੀਗੜ੍ਹ- ਸੂਬੇ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ 'ਸਿੱਖਿਆ ਤੱਕ ਸਫ਼ਰ' ਨੂੰ ਹੋਰ ਆਸਾਨ ਬਣਾਉਣ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ 31 ਸੀਟਾਂ ਵਾਲੀ ਨਵੀਂ ਬੱਸ ਰੋਪੜ ਜ਼ਿਲ੍ਹੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਸੁਖਸਾਲ ਦੇ ਬੱਚਿਆਂ ਨੂੰ ਸਮਰਪਿਤ ਕੀਤੀ। ਐੱਸ. ਐੱਮ. ਐੱਲ. ਇਸੂਜ਼ੂ ਦੇ ਮੁੱਖ ਵਿੱਤੀ ਅਧਿਕਾਰੀ (ਸੀ. ਐੱਫ਼. ਓ) ਰਾਕੇਸ਼ ਭੱਲਾ ਵੱਲੋਂ ਕੰਪਨੀ ਦੀ ਕਾਰਪੋਰੇਟ ਸੋਸ਼ਲ ਰਿਸਪਾਂਸਬਿਲਿਟੀ (ਸੀ. ਐੱਸ. ਆਰ) ਪਹਿਲਕਦਮੀ ਦੇ ਹਿੱਸੇ ਵਜੋਂ ਸਕੂਲ ਸਿੱਖਿਆ ਵਿਭਾਗ ਨੂੰ ਨਵੀਂ ਬੱਸ ਭੇਟ ਕੀਤੀ ਗਈ ਹੈ। ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਹ ਨੇਕ ਉਪਰਾਲਾ ਸਕੂਲੀ ਵਿਦਿਆਰਥੀਆਂ ਦੀ ਆਵਾਜਾਈ ਨੂੰ ਸੁਖਾਲਾ ਕਰੇਗਾ, ਜਿਸ ਨਾਲ ਸਾਰੇ ਵਿਦਿਆਰਥੀਆਂ ਲਈ ਸਕੂਲ ਤੱਕ ਸੁਰੱਖਿਅਤ ਅਤੇ ਆਰਾਮਦਾਇਕ ਯਾਤਰਾ ਯਕੀਨੀ ਬਣਾਈ ਜਾ ਸਕੇਗੀ।

ਇਹ ਵੀ ਪੜ੍ਹੋ : IAS ਅਧਿਕਾਰੀ ਡਾ. ਰਵੀ ਭਗਤ ਨੇ CM ਭਗਵੰਤ ਮਾਨ ਦੇ ਪ੍ਰਮੁੱਖ ਸਕੱਤਰ ਵਜੋਂ ਸੰਭਾਲਿਆ ਅਹੁਦਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਕੂਲ ਸਿੱਖਿਆ ਦੇ ਮਿਆਰ ਨੂੰ ਵਿਸ਼ਵ ਪੱਧਰੀ ਬਣਾਉਣ ਦੀ ਵਚਨਬੱਧਤਾ ਦੋਹਰਾਉਂਦਿਆਂ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸਕੂਲ ਸਿੱਖਿਆ ਵਿਭਾਗ ਕੋਲ ਪਹਿਲਾਂ ਹੀ 230 ਬੱਸਾਂ ਹਨ ਅਤੇ 12,000 ਤੋਂ ਵੱਧ ਸਰਕਾਰੀ ਸਕੂਲੀ ਵਿਦਿਆਰਥੀ ਇਸ ਆਵਾਜਾਈ ਸਹੂਲਤ ਦਾ ਲਾਭ ਲੈ ਰਹੇ ਹਨ। ਇਹ ਕਦਮ ਸਾਰੇ ਵਿਦਿਆਰਥੀਆਂ ਦੀ ਮਿਆਰੀ ਸਿੱਖਿਆ ਤੱਕ ਆਸਾਨ ਪਹੁੰਚ ਯਕੀਨੀ ਬਣਾਉਣ ਪ੍ਰਤੀ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਨੂੰ ਦਰਸਾਉਂਦਾ ਹੈ।

ਉਨ੍ਹਾਂ ਕਿਹਾ ਕਿ ਇਹ ਬੱਸ ਵਿਦਿਆਰਥੀਆਂ ਦੀ ਸਕੂਲ ਤੱਕ ਪਹੁੰਚ, ਪਾਠਕ੍ਰਮ ਤੋਂ ਬਾਹਰਲੀਆਂ ਗਤੀਵਿਧੀਆਂ ਅਤੇ ਵਿੱਦਿਅਕ ਸੈਰ-ਸਪਾਟੇ ਨੂੰ ਸੁਚਾਰੂ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਏਗੀ। ਉਨ੍ਹਾਂ ਅੱਗੇ ਕਿਹਾ ਕਿ ਆਵਾਜਾਈ ਦਾ ਇਹ ਨਵਾਂ ਸਾਧਨ ਇਹ ਯਕੀਨੀ ਬਣਾਏਗਾ ਕਿ ਵਿਦਿਆਰਥੀ ਸਿੱਖਣ ਦੇ ਬਿਹਤਰ ਅਨੁਭਵਾਂ ਵਿੱਚ ਆਸਾਨੀ ਨਾਲ ਹਿੱਸਾ ਲੈ ਸਕਣ, ਜਿਸ ਨਾਲ ਸਿੱਖਣ ਦੇ ਵਧੇਰੇ ਅਨੁਕੂਲ ਮਾਹੌਲ ਨੂੰ ਹੁਲਾਰਾ ਮਿਲੇਗਾ।

ਇਹ ਵੀ ਪੜ੍ਹੋ : Punjab: ਪਾਦਰੀ ਬਜਿੰਦਰ ਸਿੰਘ ਨੇ ਔਰਤ ਦੇ ਜੜੇ ਥੱਪੜ! ਵਾਇਰਲ ਹੋਈ ਵੀਡੀਓ ਦੀ ਕੀ ਹੈ ਸੱਚਾਈ

ਸਕੂਲ ਲਈ ਨਵੀਂ ਬੱਸ ਪ੍ਰਾਪਤ ਕਰਨ 'ਤੇ ਖ਼ੁਸ਼ੀ ਪ੍ਰਗਟ ਕਰਦਿਆਂ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਸੁਖਸਾਲ ਦੇ ਪ੍ਰਿੰਸੀਪਲ ਸ੍ਰੀ ਗੁਰਦੀਪ ਕੁਮਾਰ ਸ਼ਰਮਾ ਨੇ ਸਰਕਾਰੀ ਸਕੂਲਾਂ ਵਿੱਚ ਮਿਆਰੀ ਸਿੱਖਿਆ ਯਕੀਨੀ ਬਣਾਉਣ ਸਬੰਧੀ ਸਿੱਖਿਆ ਮੰਤਰੀ ਦੇ ਅਣਥੱਕ ਯਤਨਾਂ ਲਈ ਉਨ੍ਹਾਂ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਨਵੀਂ ਬੱਸ ਦੀ ਮਹੱਤਤਾ ਅਤੇ ਵਿਦਿਆਰਥੀਆਂ 'ਤੇ ਇਸ ਦੇ ਸਕਾਰਾਤਮਕ ਪ੍ਰਭਾਵ ਬਾਰੇ ਵੀ ਚਾਨਣਾ ਪਾਇਆ। ਇਸ ਮੌਕੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਡਾ. ਅਮਰਪਾਲ ਸਿੰਘ, ਸਕੂਲ ਸਿੱਖਿਆ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ, ਐੱਸ. ਐੱਮ. ਐੱਲ. ਇਸੂਜ਼ੂ ਦੇ ਸਕੱਤਰ ਪਰਵੇਸ਼ ਮਦਾਨ ਅਤੇ ਮੁੱਖ ਪ੍ਰਬੰਧਕ ਵਿਵੇਕ ਚਾਨਣਾ ਵੀ ਮੌਜੂਦ ਸਨ।

ਇਹ ਵੀ ਪੜ੍ਹੋ : ਪੰਜਾਬ ਵਿਧਾਨ ਸਭਾ 'ਚ ਗੂੰਜਿਆ ਪੁਲਾਂ ਨੂੰ ਚੌੜ੍ਹਾ ਕਰਨ ਦਾ ਮੁੱਦਾ, ਮੰਤਰੀ ਹਰਭਜਨ ਸਿੰਘ ETO ਨੇ ਦਿੱਤਾ ਜਵਾਬ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

shivani attri

Content Editor

Related News