ਕਰਫ਼ਿਊ ਦੌਰਾਨ ਮਾਪਿਆਂ ਤੋਂ ਫ਼ੀਸ ਮੰਗਣ ਵਾਲੇ ਪ੍ਰਾਈਵੇਟ ਸਕੂਲਾਂ ''ਤੇ ਸਿੱਖਿਆ ਮੰਤਰੀ ਦੀ ਵੱਡੀ ਕਾਰਵਾਈ

04/05/2020 7:16:51 PM

ਲੁਧਿਆਣਾ (ਵਿੱਕੀ) — ਸਿੱਖਿਆ ਮੰਤਰੀ ਪੰਜਾਬ ਸ਼੍ਰੀ ਵਿਜੈ ਇੰਦਰ ਸਿੰਗਲਾ ਵੱਲੋਂ ਕਰਫ਼ਿਊ ਦੌਰਾਨ ਮਾਪਿਆਂ ਤੋਂ ਫ਼ੀਸਾਂ ਮੰਗਣ ਵਾਲੇ ਪ੍ਰਾਈਵੇਟ ਸਕੂਲਾਂ 'ਤੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਸਖ਼ਤ ਕਾਰਵਾਈ ਕਰਨ ਲਈ ਜਾਰੀ ਕੀਤੀਆਂ ਹਦਾਇਤਾਂ ਤੋਂ ਬਾਅਦ ਵੱਖ-ਵੱਖ ਜ਼ਿਲ੍ਹਿਆਂ ਦੇ 6 ਸਕੂਲਾਂ ਨੂੰ ਕਾਰਣ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਕੋਰੋਨਾ ਵਾਇਰਸ ਦੇ ਹਮਲੇ ਤੋਂ ਪੂਰੀ ਦੁਨੀਆ ਪ੍ਰਭਾਵਿਤ ਹੋਈ ਹੈ, ਜਿਸ ਕਰ ਕੇ ਹਾਲਾਤ ਆਮ ਵਾਂਗ ਹੋਣ ਤੱਕ ਪੰਜਾਬ ਦੇ ਸਾਰੇ ਸਕੂਲਾਂ ਨੂੰ ਦਾਖ਼ਲਿਆਂ ਤੇ ਫ਼ੀਸਾਂ ਲੈਣ ਤੋਂ ਮਨਾਹੀ ਦੇ ਹੁਕਮ ਜਾਰੀ ਕੀਤੇ ਗਏ ਸਨ। ਉਨ੍ਹਾਂ ਕਿਹਾ ਕਿ ਪਰ ਕੁੱਝ ਪ੍ਰਾਈਵੇਟ ਸਕੂਲਾਂ ਵੱਲੋਂ ਇਨ੍ਹਾਂ ਹਦਾਇਤਾਂ ਦੀ ਉਲੰਘਣਾ ਕਰ ਕੇ ਵੱਖ-ਵੱਖ ਮਾਧਿਅਮਾਂ ਰਾਹੀਂ ਮਾਪਿਆਂ ਨੂੰ ਫ਼ੀਸ ਭਰਨ ਲਈ ਸੁਨੇਹੇ ਲਗਾਏ ਜਾ ਰਹੇ ਸਨ। ਉਨ੍ਹਾਂ ਕਿਹਾ ਕਿ ਅਜਿਹੇ 6 ਸਕੂਲਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਹਨ ਜਿਨ੍ਹਾਂ ਵਿਚ ਸੰਗਰੂਰ ਜ਼ਿਲ੍ਹੇ ਦਾ ਲਾ ਫਾਊਂਡੇਸ਼ਨ, ਪਟਿਆਲਾ ਜ਼ਿਲ੍ਹੇ ਦਾ ਭੁਪਿੰਦਰਾ ਰੋਡ ਸਥਿਤ ਡੀ.ਏ.ਵੀ. ਪਬਲਿਕ ਸਕੂਲ ਤੇ ਭੁਪਿੰਦਰਾ ਇੰਟਰਨੈਸ਼ਨਲ ਸਕੂਲ, ਲੁਧਿਆਣਾ ਸਥਿਤ ਦਿੱਲੀ ਪਬਲਿਕ ਸਕੂਲ, ਏਂਜਲਸ ਪੈਰਾਡਾਈਜ਼ ਸਕੂਲ ਅੰਮ੍ਰਿਤਸਰ ਅਤੇ ਫ਼ਰੀਦਕੋਟ ਜ਼ਿਲ੍ਹੇ ਦਾ ਮਾਉਂਟ ਲਿਟਰਾ ਜੀ ਸਕੂਲ ਸ਼ਾਮਲ ਹਨ।
ਸਿੱਖਿਆ ਮੰਤਰੀ ਨੇ ਚੇਤਾਵਨੀ ਜਾਰੀ ਕਰਦਿਆਂ ਕਿਹਾ ਕਿ ਜੇਕਰ ਭਵਿੱਖ ਵਿਚ ਕਿਸੇ ਸਕੂਲ ਵੱਲੋਂ ਇਨ੍ਹਾਂ ਹਦਾਇਤਾਂ ਦੀ ਉਲੰਘਣਾ ਕਰਨ ਦਾ ਮਾਮਲਾ ਸਾਹਮਣੇ ਆਇਆ ਤਾਂ ਜ਼ਿਲ੍ਹਾ ਮੈਜਿਸਟਰੇਟਾਂ ਰਾਹੀਂ ਪਹਿਲਾਂ ਸਕੂਲਾਂ ਨੂੰ ਬੰਦ ਕਰਵਾਇਆ ਜਾਵੇਗਾ ਅਤੇ ਬਾਅਦ ਵਿਚ ਉਨ੍ਹਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਜਾਵੇਗਾ।
ਕੈਬਨਿਟ ਮੰਤਰੀ ਨੇ ਦੱਸਿਆ ਕਿ 23 ਮਾਰਚ 2020 ਨੂੰ ਸਿੱਖਿਆ ਵਿਭਾਗ ਵੱਲੋਂ ਇੱਕ ਪੱਤਰ ਜਾਰੀ ਕਰ ਕੇ ਸਾਰੇ ਸਕੂਲਾਂ ਨੂੰ ਕੋਰੋਨਾ ਵਾਇਰਸ ਕਾਰਣ ਪੈਦਾ ਹੋਏ ਹਾਲਤਾਂ ਦੇ ਮੱਦੇਨਜ਼ਰ ਸਾਰੀਆਂ ਗ਼ੈਰ-ਸਰਕਾਰੀ ਵਿੱਦਿਅਕ ਸੰਸਥਾਵਾਂ ਨੂੰ ਹਦਾਇਤ ਕੀਤੀ ਗਈ ਸੀ ਕਿ ਸਾਲ 2020-21 ਲਈ ਦਾਖ਼ਲਿਆਂ ਦੀ ਅੰਤਿਮ ਮਿਤੀ ਨੂੰ ਦੁਬਾਰਾ ਮਿਥਿਆ ਜਾਵੇ ਅਤੇ ਹਾਲਾਤ ਸੁਧਰਨ ਉਪਰੰਤ ਫ਼ੀਸਾਂ ਭਰਨ ਲਈ ਇੱਕ ਮਹੀਨੇ ਦਾ ਸਮਾਂ ਜ਼ਰੂਰ ਉਪਲਬਧ ਕਰਵਾਇਆ ਜਾਵੇ। ਉਨ੍ਹਾਂ ਕਿਹਾ ਕਿ ਇਨ੍ਹਾਂ ਹੁਕਮਾਂ ਰਾਹੀਂ ਹੀ ਲੌਕਡਾਊਨ ਲਾਗੂ ਰਹਿਣ ਤੱਕ ਕੋਈ ਜੁਰਮਾਨਾ ਜਾਂ ਲੇਟ ਫ਼ੀਸ ਲਗਾਉਣ ਤੋਂ ਮਨਾਹੀ ਕੀਤੀ ਗਈ ਸੀ। ਉਨ੍ਹਾਂ ਦੱਸਿਆ ਕਿ ਇਹ ਹੁਕਮ ਜਾਰੀ ਕਰਨ ਤੋਂ ਬਾਅਦ ਉਨ੍ਹਾਂ ਖ਼ੁਦ ਵੀ ਮੀਡੀਆ ਅਤੇ ਹੋਰ ਵੱਖ-ਵੱਖ ਸਾਧਨਾਂ ਰਾਹੀਂ ਸਕੂਲਾਂ ਨੂੰ ਅਜਿਹਾ ਕਰਨ ਤੋਂ ਵਰਜਿਆ ਗਿਆ ਸੀ।
ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਸਰਕਾਰ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਵਾਲੇ ਸਕੂਲਾਂ ਕਾਰਨ ਦੱਸੋ ਨੋਟਿਸ ਜਾਰੀ ਕਰ ਕੇ ਜਵਾਬ ਦਾਖ਼ਲ ਕਰਨ ਲਈ 7 ਦਿਨ ਦਾ ਸਮਾਂ ਦਿੱਤਾ ਗਿਆ ਹੈ ਅਤੇ ਜੇਕਰ ਇਹ ਸਕੂਲ ਤਸੱਲੀਬਖ਼ਸ਼ ਜਵਾਬ ਦੇਣ ਤੋਂ ਅਸਮਰਥ ਰਹੇ ਤਾਂ ਇਨ੍ਹਾਂ ਦੀ ਮਾਨਤਾ ਜਾਂ ਇਤਰਾਜ਼ਹੀਣਤਾ ਸਰਟੀਫਿਕੇਟ (ਐਨ.ਓ.ਸੀ.) ਰੱਦ ਕਰ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਸਕੂਲਾਂ ਤੋਂ ਇਲਾਵਾ ਜੇਕਰ ਕੋਈ ਹੋਰ ਸਕੂਲ ਵੀ ਕਰਫ਼ਿਊ ਦੌਰਾਨ ਫ਼ੀਸ ਦੀ ਮੰਗ ਕੀਤੀ ਜਾਂਦੀ ਹੈ ਤਾਂ ਵਿਦਿਆਰਥੀ ਜਾਂ ਉਨ੍ਹਾਂ ਦੇ ਮਾਪੇ ਆਪਣੀ ਸ਼ਿਕਾਇਤ ਸਿੱਧਾ ਉਨ੍ਹਾਂ ਨੂੰ ਈ-ਮੇਲ, vijayindersingla0gmail.com 'ਤੇ ਭੇਜ ਸਕਦੇ ਹਨ।
ਸਿੱਖਿਆ ਮੰਤਰੀ ਨੇ ਕਿਹਾ ਕਿ ਕੋਰੋਨਾ ਵਾਇਰਸ ਫੈਲਣ ਕਾਰਨ ਪੂਰੀ ਦੁਨੀਆ 'ਤੇ ਕਾਰੋਬਾਰ ਪ੍ਰਭਾਵਿਤ ਹੋਏ ਹਨ ਜਿਸ ਕਾਰਨ ਪੰਜਾਬ ਵਿਚ ਵੀ ਮਾਪੇ ਕਰਫ਼ਿਊ ਦੌਰਾਨ ਆਨਲਾਈਨ ਬੈਂਕਿੰਗ ਜ਼ਰੀਏ ਵੀ ਫ਼ੀਸ ਨਹੀਂ ਭਰ ਸਕਦੇ। ਉਨ੍ਹਾਂ ਕਿਹਾ ਕਿ ਪ੍ਰਾਈਵੇਟ ਸਕੂਲਾਂ ਨੂੰ ਵੀ ਮੁਸ਼ਕਿਲ ਦੀ ਇਸ ਘੜੀ ਵਿਚ ਪੰਜਾਬ ਸਰਕਾਰ ਅਤੇ ਸੂਬਾ ਵਾਸੀਆਂ ਨਾਲ ਖੜ੍ਹਨਾ ਚਾਹੀਦਾ ਹੈ ਤਾਂ ਜੋ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਿਆ ਜਾ ਸਕੇ।


Inder Prajapati

Content Editor

Related News