ਸਿੱਖਿਆ ਕ੍ਰਾਂਤੀ ਸੂਬੇ ''ਚ ਸਿੱਖਿਆ ਦੇ ਖੇਤਰ ''ਚ ਸਭ ਤੋਂ ਵੱਡੇ ਪਰਿਵਰਤਨ ਵਜੋਂ ਉਭਰੇਗੀ : ਹਰਜੋਤ ਬੈਂਸ

Sunday, Apr 06, 2025 - 08:43 PM (IST)

ਸਿੱਖਿਆ ਕ੍ਰਾਂਤੀ ਸੂਬੇ ''ਚ ਸਿੱਖਿਆ ਦੇ ਖੇਤਰ ''ਚ ਸਭ ਤੋਂ ਵੱਡੇ ਪਰਿਵਰਤਨ ਵਜੋਂ ਉਭਰੇਗੀ : ਹਰਜੋਤ ਬੈਂਸ

ਚੰਡੀਗੜ੍ਹ : ਸੂਬੇ ਦੀ ਸਿੱਖਿਆ ਪ੍ਰਣਾਲੀ ਵਿੱਚ ਕ੍ਰਾਂਤੀਕਾਰੀ ਤਬਦੀਲੀ ਲਿਆਉਣ ਦੀ ਦਿਸ਼ਾ ਵਿੱਚ ਇੱਕ ਹੋਰ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ 7 ਅਪ੍ਰੈਲ ਤੋਂ ਸ਼ੁਰੂ ਹੋਣ ਵਾਲਾ 54 ਦਿਨਾਂ ਦਾ ਸਿੱਖਿਆ ਦਾ ਤਿਉਹਾਰ 'ਸਿੱਖਿਆ ਕ੍ਰਾਂਤੀ' ਦੇ ਆਗਾਜ਼ ਲਈ ਪੂਰੀ ਤਰ੍ਹਾਂ ਤਿਆਰ ਹੈ। ਇਸ ਤਹਿਤ ਸੂਬੇ ਭਰ ਦੇ 12,000 ਸਰਕਾਰੀ ਸਕੂਲਾਂ ਵਿੱਚ 2,000 ਕਰੋੜ ਰੁਪਏ ਦੀ ਲਾਗਤ ਵਾਲੇ ਨਵੇਂ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਜਾਵੇਗਾ।

ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਪੰਜਾਬ ਭਵਨ ਵਿਖੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਇਸ ਪਹਿਲਕਦਮੀ ਦਾ ਐਲਾਨ ਕੀਤਾ, ਜਿਸ ਵਿੱਚ ਉਨ੍ਹਾਂ ਨੇ ਸੂਬਾ ਸਰਕਾਰ ਦੀ ਬਰਾਬਰੀ ਅਤੇ ਆਧੁਨਿਕ ਸਿੱਖਿਆ ਪ੍ਰਣਾਲੀ ਵਾਲਾ ਵਾਤਾਵਰਣ ਸਿਰਜਣ ਪ੍ਰਤੀ ਵਚਨਬੱਧਤਾ 'ਤੇ ਜ਼ੋਰ ਦਿੱਤਾ ਤਾਂ ਜੋ ਵਿਦਿਆਰਥੀਆਂ ਨੂੰ ਮੌਜੂਦਾ ਸਮੇਂ ਦੇ ਹਾਣੀ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਇਹ ਵਿਆਪਕ ਬੁਨਿਆਦੀ ਢਾਂਚਾ ਵਿਕਾਸ ਪ੍ਰੋਗਰਾਮ ਆਧੁਨਿਕ ਸਿੱਖਿਆ ਸਹੂਲਤਾਂ ਨਾਲ ਲੈੱਸ ਕਰਨ ਦੇ ਉਦੇਸ਼ ਨਾਲ ਸਰਕਾਰੀ ਸਕੂਲਾਂ ਵਿੱਚ ਨਵੇਂ ਕਮਰਿਆਂ ਦੀ ਉਸਾਰੀ ਅਤੇ ਨਵੀਆਂ ਵਿੱਦਿਅਕ ਤਕਨੀਕਾਂ ‘ਤੇ ਕੇਂਦਰਿਤ ਹੈ।

ਸਿੱਖਿਆ ਮੰਤਰੀ ਨੇ ਕਿਹਾ ਕਿ ਇਹ ਪਹਿਲ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸੂਬੇ ਦੇ ਸਾਰੇ ਬੱਚਿਆਂ ਲਈ ਮਿਆਰੀ ਸਿੱਖਿਆ ਪ੍ਰਦਾਨ ਕਰਨ ਦੀ ਵਚਨਬੱਧਤਾ ਨੂੰ ਉਜਾਗਰ ਕਰਦੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਮਾਨ ਨੇ ਹੁਕਮਾਂ ਮੁਤਾਬਕ ਸਰਕਾਰੀ ਸਕੂਲਾਂ ਨੂੰ ਸਾਰੀਆਂ ਲੋੜੀਂਦੀਆਂ ਬੁਨਿਆਦੀ ਸਹੂਲਤਾਂ ਨਾਲ ਲੈਸ ਕੀਤਾ ਗਿਆ ਹੈ, ਜਿਨ੍ਹਾਂ ਵਿੱਚ ਸਾਫ਼ ਪੀਣ ਵਾਲਾ ਪਾਣੀ, ਹਾਈ-ਸਪੀਡ ਵਾਈਫਾਈ ਕੁਨੈਕਸ਼ਨ, ਲੜਕੀਆਂ ਅਤੇ ਲੜਕਿਆਂ ਲਈ ਵੱਖਰੇ ਪਖਾਨੇ, ਡੈਸਕ ਤੇ ਕੁਰਸੀਆਂ ਅਤੇ ਚਾਰਦੀਵਾਰੀ ਸ਼ਾਮਲ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੈ ਜਿੱਥੇ ਸਕੂਲਾਂ ਵਿੱਚ ਕੈਂਪਸ ਮੈਨੇਜਰ ਅਤੇ ਸੁਰੱਖਿਆ ਗਾਰਡ ਨਿਯੁਕਤ ਕੀਤੇ ਗਏ ਹਨ ਅਤੇ ਵਿਦਿਆਰਥੀਆਂ ਲਈ ਬੱਸ ਸੇਵਾ ਸ਼ੁਰੂ ਕੀਤੀ ਗਈ ਹੈ। ਦੱਸਣਯੋਗ ਹੈ ਕਿ ਮੌਜੂਦਾ ਸਮੇਂ 10,000 ਤੋਂ ਵੱਧ ਵਿਦਿਆਰਥੀ ਇਸ ਸਹੂਲਤ ਦਾ ਲਾਭ ਉਠਾ ਰਹੇ ਹਨ। ਸਿੱਖਿਆ ਮੰਤਰੀ ਨੇ ਦੱਸਿਆ ਕਿ ਸਰਕਾਰੀ ਸਕੂਲਾਂ ਦੇ ਰੱਖ-ਰਖਾਵ 'ਤੇ ਸਾਲਾਨਾ 200 ਕਰੋੜ ਰੁਪਏ ਤੋਂ ਵੱਧ ਖਰਚਾ ਕੀਤਾ ਜਾਂਦਾ ਹੈ। ਸ.  ਬੈਂਸ ਨੇ ਕਿਹਾ ਕਿ "ਸਿੱਖਿਆ ਕ੍ਰਾਂਤੀ" ਦੇ ਪਹਿਲੇ ਦਿਨ, ਕੈਬਨਿਟ ਮੰਤਰੀਆਂ ਅਤੇ ਹੋਰ ਪਤਵੰਤਿਆਂ ਵੱਲੋਂ 350 ਤੋਂ ਵੱਧ ਸਰਕਾਰੀ ਸਕੂਲਾਂ ਵਿੱਚ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਜਾਵੇਗਾ। ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ “ਆਪ” ਪੰਜਾਬ ਦੇ  ਇੰਚਾਰਜ ਸ੍ਰੀ ਮਨੀਸ਼ ਸਿਸੋਦੀਆ ਸ਼ਹੀਦ ਭਗਤ ਸਿੰਘ ਨਗਰ ਵਿਖੇ ਸਕੂਲ ਆਫ਼ ਐਮੀਨੈਂਸ ਦਾ ਉਦਘਾਟਨ ਕਰਨਗੇ। ਪੰਜਾਬ ਦੇ ਵਸਨੀਕਾਂ ਨੂੰ "ਸਿੱਖਿਆ ਕ੍ਰਾਂਤੀ" ਦਾ ਗਵਾਹ ਬਣਨ ਦਾ ਸੱਦਾ ਦਿੰਦਿਆਂ ਸ. ਬੈਂਸ ਨੇ ਕਿਹਾ ਕਿ ਸੂਬਾ ਵਾਸੀਆਂ ਨੂੰ ਸਿੱਖਿਆ ਦੇ ਇਸ ਤਿਉਹਾਰ ਦਾ ਹਿੱਸਾ ਬਣਨ ਲਈ ਆਪਣੇ ਨੇੜਲੇ ਸਕੂਲਾਂ ਦਾ ਦੌਰਾ ਕਰਨਾ ਚਾਹੀਦਾ ਹੈ।

ਇਸ ਵਿਸ਼ੇਸ਼ ਪ੍ਰੋਗਰਾਮ ਦੇ ਮਹੱਤਵਪੂਰਨ ਪਹਿਲੂਆਂ ਨੂੰ ਉਜਾਗਰ ਕਰਦਿਆਂ ਸ. ਬੈਂਸ ਨੇ ਕਿਹਾ ਕਿ 6,812 ਸਕੂਲਾਂ ਵਿੱਚ ਹੁਣ ਨਵੀਆਂ ਚਾਰਦੀਵਾਰੀਆਂ ਦੀ ਉਸਾਰੀ ਕੀਤੀ ਗਈ ਹੈ ਜਾਂ ਮੁਰੰਮਤ ਕੀਤੀ ਗਈ, ਜਿਸ ਨਾਲ ਲਗਭਗ 1,000 ਕਿਲੋਮੀਟਰ ਦਾ ਕਵਰ ਖੇਤਰ ਸੂਕਲਾਂ ਦੀ ਸੁਰੱਖਿਆ ਯਕੀਨੀ ਬਣਾਉਂਦਾ ਹਨ। ਕਲਾਸਰੂਮ ਸਹੂਲਤਾਂ ਵਿੱਚ ਵਾਧਾ ਕਰਦਿਆਂ 5,399 ਨਵੇਂ ਕਲਾਸਰੂਮ ਬਣਾਏ ਗਏ ਹਨ। ਇਸ ਤੋਂ ਇਲਾਵਾ 2,934 ਸਕੂਲਾਂ ਵਿੱਚ 2,976 ਪਖਾਨੇ ਬਣਾਏ ਗਏ ਹਨ, ਜਦੋਂ ਕਿ 4,889 ਸਕੂਲਾਂ ਵਿੱਚ 7,166 ਪਖਾਨਿਆਂ ਦੀ ਮੁਰੰਮਤ ਕੀਤੀ ਗਈ ਹੈ। ਵਿਦਿਆਰਥੀਆਂ ਦੀਆਂ ਸਿੱਖਣ ਪ੍ਰਕਿਰਿਆ ਸਬੰਧੀ ਜ਼ਰੂਰਤਾਂ ਪੂਰੀਆਂ ਕਰਨ ਦੇ ਉਦੇਸ਼ ਨਾਲ 1,16,901 ਡਬਲ ਡੈਸਕ, ਮੇਜ਼ ਅਤੇ ਕੁਰਸੀਆਂ ਮੁਹੱਈਆ ਕਰਵਾਈਆਂ ਗਈਆਂ ਹਨ, ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਹਰੇਕ ਵਿਦਿਆਰਥੀ ਕੋਲ ਸਕੂਲ ਵਿੱਚ ਬੈਠਣ ਲਈ ਇੱਕ ਨਿਰਧਾਰਤ ਜਗ੍ਹਾ ਹੋਵੇ। ਇਸ ਤੋਂ ਇਲਾਵਾ ਸਰੀਰਕ ਗਤੀਵਿਧੀ ਨੂੰ ਉਤਸ਼ਾਹਿਤ ਕਰਨ ਲਈ 359 ਖੇਡ ਦੇ ਮੈਦਾਨ ਤਿਆਰ ਕੀਤੇ ਗਏ ਹਨ। 1,886 ਸਕੂਲਾਂ ਵਿੱਚ 2,261 ਸਮਾਰਟ ਕਲਾਸਰੂਮ ਸਮਾਰਟ ਇੰਟਰਐਕਟਿਵ ਪੈਨਲਾਂ ਨਾਲ ਲੈਸ ਕੀਤੇ ਗਏ ਹਨ, ਜੋ ਕਿ ਵਧੇਰੇ ਦਿਲਚਸਪ ਸਿੱਖਣ ਦੇ ਅਨੁਭਵ ਲਈ ਸਿੱਖਿਆ ਨੂੰ ਤਕਨਾਲੋਜੀ ਨਾਲ ਜੋੜਦੇ ਹਨ।

ਉਨ੍ਹਾਂ ਅੱਗੇ ਦੱਸਿਆ ਕਿ ਪਹਿਲੇ ਪੜਾਅ ਵਿੱਚ 118 ਮੌਜੂਦਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਨੂੰ ਸਕੂਲ ਆਫ਼ ਐਮੀਨੈਂਸ ਵਿੱਚ ਅਪਗ੍ਰੇਡ ਕੀਤਾ ਜਾ ਰਿਹਾ ਹੈ, ਜਦੋਂ ਕਿ 14 ਸਕੂਲ ਆਫ਼ ਐਮੀਨੈਂਸ ਸਕੂਲ ਪਹਿਲਾਂ ਹੀ ਲੋਕ ਅਰਪਣ ਕੀਤੇ ਜਾ ਚੁੱਕੇ ਹਨ। ਇਹ ਸਕੂਲ ਉੱਤਮਤਾ ਦੇ ਕੇਂਦਰ ਹੋਣਗੇ, ਜੋ ਸੰਸਥਾਵਾਂ ਵਿੱਚ ਪੀਅਰ ਲਰਨਿੰਗ ਨੂੰ ਸਮਰੱਥ ਬਣਾਉਣ ਲਈ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਹੋਣਗੇ ਅਤੇ ਸਕੂਲ ਸਿੱਖਿਆ ਪ੍ਰਣਾਲੀ ਵਿੱਚ ਸਮਕਾਲੀ ਸਿੱਖਣ ਦੇ ਨਵੇਂ ਅਭਿਆਸਾਂ ਰਾਹੀਂ ਸਾਡੇ ਬੱਚਿਆਂ ਦੇ ਸਿੱਖਣ ਸਬੰਧੀ ਤਜ਼ਰਬਿਆਂ ਵਿੱਚ ਵਾਧਾ ਕਰਨਗੇ। ਸਕੂਲ ਆਫ਼ ਐਮੀਨੈਂਸ 9ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਤਿਆਰ ਕੀਤੇ ਜਾ ਰਹੇ ਹਨ। ਇਨ੍ਹਾਂ ਸਕੂਲਾਂ ਵਿੱਚ ਸਾਰੇ ਵਿਦਿਅਕ ਵਿਸ਼ਿਆਂ ਸਬੰਧੀ ਸਿੱਖਿਆ ਦੇਣੀ ਸ਼ੁਰੂ ਕੀਤੀ ਗਈ ਹੈ। ਵਿਦਿਆਰਥੀਆਂ ਨੂੰ ਮੁਫ਼ਤ ਵਰਦੀਆਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ ਹਥਿਆਰਬੰਦ ਬਲਾਂ ਵਿੱਚ ਨੌਕਰੀ ਲਈ ਤਿਆਰੀ, ਨੀਟ, ਜੇ.ਈ.ਈ., ਸੀ.ਐਲ.ਏ.ਟੀ., ਐਨ.ਆਈ.ਐਫ.ਟੀ. ਆਦਿ ਵਰਗੀਆਂ ਵੱਖ-ਵੱਖ ਪ੍ਰਤੀਯੋਗੀ ਪ੍ਰੀਖਿਆਵਾਂ ਲਈ ਆਨਲਾਈਨ/ਆਫਲਾਈਨ ਕੋਚਿੰਗ ਵੀ ਪ੍ਰਦਾਨ ਕੀਤੀ ਜਾ ਰਹੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Baljit Singh

Content Editor

Related News