ਸਿੱਖਿਆ ਸਕੱਤਰ ਵਿਰੁੱਧ ਚਾਰ ਪੜਾਵਾਂ ''ਚ ਪੂਰੇ ਪੰਜਾਬ ''ਚ ਹੋਣਗੇ ਰੋਸ ਪ੍ਰਦਰਸ਼ਨ

Sunday, Sep 17, 2017 - 09:04 PM (IST)

ਸਿੱਖਿਆ ਸਕੱਤਰ ਵਿਰੁੱਧ ਚਾਰ ਪੜਾਵਾਂ ''ਚ ਪੂਰੇ ਪੰਜਾਬ ''ਚ ਹੋਣਗੇ ਰੋਸ ਪ੍ਰਦਰਸ਼ਨ

ਜਲੰਧਰ (ਪਾਂਡੇ)- ਪੰਜਾਬ ਸਿੱਖਿਆ ਵਿਭਾਗ ਮਨਿਸਟੀਰੀਅਲ ਸਟਾਫ (ਸਬ ਆਫਿਸ) ਐਸੋਸੀਏਸ਼ਨ ਦੀ ਸੂਬਾ ਪੱਧਰੀ ਇਕ ਹੰਗਾਮੀ ਮੀਟੰਗ ਲਾਇਲਪੁਰ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਜਲੰਧਰ ਵਿਚ ਸੂਬਾ ਪ੍ਰਧਾਨ ਹਰਸਿਮਰਨ ਸਿੰਘ ਅਤੇ ਜਨਰਲ ਸਕੱਤਰ ਪਵਨਜੀਤ ਸਿੰਘ ਦੀ ਪ੍ਰਧਾਨਗੀ ਵਿਚ ਹੋਈ। ਮੀਟਿੰਗ ਦੌਰਾਨ ਸਰਕਾਰ ਦੀ ਸਖਤ ਸ਼ਬਦਾਂ ਵਿਚ ਨਿੰਦਾ ਕਰਦੇ ਹੋਏ ਐਸੋਸੀਏਸ਼ਨ ਦੀਆਂ ਵੱਖ-ਵੱਖ ਸਮੱਸਿਆਵਾਂ ਨੂੰ ਲੈ ਕੇ ਕੀਤੀ ਗਈ ਮੰਗ ਨੂੰ ਸੁਲਝਾਉਣ ਲਈ ਸਿੱਖਿਆ ਸਕੱਤਰ ਵਲੋਂ ਸਮਾਂ ਨਾ ਦਿੱਤੇ ਜਾਣ ਦਾ ਵਿਰੋਧ ਕੀਤਾ ਗਿਆ। 
ਇਸ ਦੌਰਾਨ ਸਰਬਸੰਮਤੀ ਨਾਲ ਪਾਸ ਮਤੇ ਦੇ ਤਹਿਤ ਪੂਰੇ ਪੰਜਾਬ ਦੇ ਜ਼ਿਲਾ ਹੈੱਡ ਕੁਆਰਟਰਾਂ ਵਿਚ ਰੋਸ ਪ੍ਰਦਰਸ਼ਨ ਕਰਨ ਦਾ ਫੈਸਲਾ ਕੀਤਾ ਗਿਆ। ਪਾਸ ਮਤੇ ਦੇ ਤਹਿਤ ਰੋਸ ਪ੍ਰਦਰਸ਼ਨ ਨੂੰ ਸਫਲ ਬਣਾਉਣ ਲਈ ਪੂਰੇ ਸੂਬੇ ਨੂੰ ਚਾਰ ਹਿੱਸਿਆਂ ਵਿਚ ਵੰਡਿਆ ਗਿਆ ਹੈ, ਜਿਸ ਦੇ ਤਹਿਤ ਬਣਾਏ ਗਏ ਹਰੇਕ ਜ਼ੋਨ ਦੇ ਜ਼ਿਲਿਆਂ ਵਿਚ ਹੋਣ ਵਾਲੇ ਰੋਸ ਪ੍ਰਦਰਸ਼ਨ ਵਿਚ ਸੂਬਾ ਪ੍ਰਧਾਨ ਅਤੇ ਜਨਰਲ ਸਕੱਤਰ ਸ਼ਾਮਲ ਹੋਣਗੇ, ਜੋ ਡਿਪਟੀ ਕਮਿਸ਼ਨਰਾਂ ਨੂੰ ਆਪਣੀ ਮੌਜੂਦਗੀ ਵਿਚ ਮੰਗ ਪੱਤਰ ਦੇਣਗੇ। 
ਉਕਤ ਜਾਣਕਾਰੀ ਦਿੰਦੇ ਹੋਏ ਪ੍ਰਧਾਨ ਹਰਸਿਮਰਨ ਸਿੰਘ, ਜਨਰਲ ਸਕੱਤਰ ਪਵਨਜੀਤ ਸਿੰਘ ਨੇ ਦੱਸਿਆ ਕਿ 22 ਸਤੰਬਰ ਨੂੰ ਅੰਮ੍ਰਿਤਸਰ, ਪਠਾਨਕੋਟ, ਗੁਰਦਾਸਪੁਰ, ਤਰਨਤਾਰਨ, ਕਪੂਰਥਲਾ, ਜਲੰਧਰ, ਇਸੇ ਤਰ੍ਹਾਂ 25 ਸਤੰਬਰ ਨੂੰ ਹੁਸ਼ਿਆਰਪੁਰ, ਨਵਾਂਸ਼ਹਿਰ, ਰੋਪੜ, ਲੁਧਿਆਣਾ, ਮੋਗਾ, ਫਰੀਦਕੋਟ, 26 ਸਤੰਬਰ ਨੂੰ ਫਿਰੋਜ਼ਪੁਰ, ਫਾਜ਼ਿਲਕਾ, ਮੁਕਤਸਰ, ਬਠਿੰਡਾ, ਮਾਨਸਾ, ਬਰਨਾਲਾ ਅਤੇ 27 ਸਤੰਬਰ ਨੂੰ ਸੰਗਰੂਰ, ਫਤਿਹਗੜ੍ਹ ਸਾਹਿਬ, ਪਟਿਆਲਾ, ਮੋਹਾਲੀ ਵਿਚ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ ਅਤੇ ਮੰਗ ਪੱਤਰ ਦਿੱਤਾ ਜਾਵੇਗਾ। 
ਉਨ੍ਹਾਂ ਕਿਹਾ ਕਿ ਜੇ ਫਿਰ ਵੀ ਐਸੋਸੀਏਸ਼ਨ   ਦੀਆਂ ਮੰਗਾਂ ਨੂੰ ਲੈ ਕੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨੇ ਐਸੋਸੀਏਸ਼ਨ ਨੂੰ ਗੱਲਬਾਤ ਲਈ ਸਮਾਂ ਨਾ ਦਿੱਤਾ ਤਾਂ ਸੂਬਾ ਪੱਧਰੀ ਜ਼ਿਲਾ ਹੈੱਡ ਕੁਆਰਟਰਾਂ 'ਤੇ ਪੁਤਲਾ ਫੂਕ ਪ੍ਰਦਰਸ਼ਨ ਕੀਤਾ ਜਾਵੇਗਾ।  ਉਨ੍ਹਾਂ ਦੱਸਿਆ ਕਿ ਉਕਤ ਰੋਸ ਪ੍ਰਦਰਸ਼ਨਾਂ ਨਾਲ ਪਹਿਲਾਂ 19 ਅਤੇ 20 ਸਤੰਬਰ ਨੂੰ ਸੂਬੇ ਭਰ ਦੇ ਐਸੋਸੀਏਸ਼ਨ ਕਰਮਚਾਰੀ ਆਪਣੇ-ਆਪਣੇ ਦਫਤਰਾਂ ਵਿਚ ਕਾਲੇ ਬਿੱਲੇ ਲਗਾ ਕੇ ਰੋਸ ਵਜੋਂ ਕੰਮ ਕਰਨਗੇ।


Related News