ਦੋ ਹੋਰ ਬਜ਼ੁਰਗਾਂ ਦੀ ਕੋਰੋਨਾ ਨਾਲ ਮੌਤ, 28 ਨਵੇਂ ਮਾਮਲੇ ਵੀ ਆਏ
Monday, Oct 05, 2020 - 05:50 PM (IST)
ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ, ਖੁਰਾਣਾ) : ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਅੰਦਰ ਕੋਰੋਨਾ ਲਗਾਤਾਰ ਲੋਕਾਂ ਨੂੰ ਆਪਣੀ ਚਪੇਟ ਵਿਚ ਲੈਂਦਾ ਜਾ ਰਿਹਾ ਹੈ। ਅੱਜ ਫਿਰ ਜ਼ਿਲ੍ਹੇ ਅੰਦਰ ਕੋਰੋਨਾ ਨਾਲ ਦੋ ਮੌਤਾਂ ਹੋ ਗਈਆਂ ਹਨ, ਜਦਕਿ 28 ਨਵੇਂ ਮਾਮਲਿਆਂ ਦੀ ਪੁਸ਼ਟੀ ਵੀ ਸਿਹਤ ਵਿਭਾਗ ਵੱਲੋਂ ਕੀਤੀ ਗਈ ਹੈ। ਸਿਹਤ ਵਿਭਾਗ ਵੱਲੋਂ ਜਾਰੀ ਕੀਤੀ ਗਈ ਰਿਪੋਰਟ ਤਹਿਤ 10 ਮਾਮਲੇ ਸ੍ਰੀ ਮੁਕਤਸਰ ਸਾਹਿਬ ਤੋਂ ਸਾਹਮਣੇ ਆਏ ਹਨ, ਜਦੋਂਕਿ 10 ਮਲੋਟ, 2 ਗਿੱਦੜਬਾਹਾ, 1 ਡੱਬਵਾਲੀ ਮੱਲਕੋ, 1 ਪਿੰਡ ਜੰਡਵਾਲਾ ਚੜ੍ਹਤ ਸਿੰਘ, 1 ਖੁੱਡੀਆਂ ਗੁਲਾਬ ਸਿੰਘ ਵਾਲਾ, 2 ਸਰਾਵਾਂ ਬੋਦਲਾਂ ਅਤੇ 1 ਕੋਟਭਾਈ ਤੋਂ ਸਾਹਮਣੇ ਆਇਆ ਹੈ, ਜਿਨ੍ਹਾਂ ਨੂੰ ਹੁਣ ਵਿਭਾਗ ਵੱਲੋਂ ਆਈਸੋਲੇਟ ਕੀਤਾ ਜਾ ਰਿਹਾ ਹੈ।
ਇਸ ਤੋਂ ਇਲਾਵਾ ਅੱਜ 45 ਮਰੀਜ਼ਾਂ ਨੂੰ ਠੀਕ ਕਰਕੇ ਘਰ ਵੀ ਭੇਜਿਆ ਗਿਆ ਹੈ। ਅੱਜ 390 ਨਮੂਨਿਆਂ ਦੀ ਰਿਪੋਰਟ ਨੈਗੇਟਿਵ ਆਈ ਹੈ, ਜਦੋਂਕਿ ਹੁਣ 874 ਨਮੂਨੇ ਬਕਾਇਆ ਹਨ। ਅੱਜ ਜ਼ਿਲ੍ਹੇ ਭਰ ਅੰਦਰੋਂ 400 ਨਵੇਂ ਨਮੂਨੇ ਇਕੱਤਰ ਕਰਕੇ ਜਾਂਚ ਲਈ ਭੇਜੇ ਗਏ ਹਨ। ਹੁਣ ਜ਼ਿਲ੍ਹੇ ਅੰਦਰ ਕੋਰੋਨਾ ਪਾਜ਼ੇਟਿਵ ਮਾਮਲਿਆਂ ਦਾ ਅੰਕੜਾ 2605 ਹੋ ਗਿਆ ਹੈ, ਜਿਸ ਵਿਚੋਂ 2059 ਮਰੀਜ਼ਾਂ ਨੂੰ ਛੁੱਟੀ ਦਿੱਤੀ ਜਾ ਚੁੱਕੀ ਹੈ, ਜਦੋਂਕਿ ਹੁਣ 499 ਮਾਮਲੇ ਸਰਗਰਮ ਹਨ। ਜ਼ਿਲ੍ਹੇ ਅੰਦਰ ਅੱਜ ਫਿਰ ਦੋ ਹੋਰ ਬਜ਼ੁਰਗਾਂ ਦੀ ਕੋਰੋਨਾ ਨਾਲ ਮੌਤ ਹੋ ਗਈ ਹੈ। ਮ੍ਰਿਤਕਾਂ ਵਿਚੋਂ ਇਕ 80 ਸਾਲਾ ਬਜ਼ੁਰਗ ਔਰਤ ਅਤੇ 85 ਸਾਲਾ ਵਿਅਕਤੀ ਸ਼ਾਮਲ ਹੈ।