ਵਾਹਨ ਦੀ ਲਪੇਟ ’ਚ ਆ ਕੇ ਸਾਈਕਲ ਸਵਾਰ ਬਜ਼ੁਰਗ ਦੀ ਮੌਤ
Sunday, Jul 29, 2018 - 01:25 AM (IST)
ਹੁਸ਼ਿਆਰਪੁਰ, (ਅਮਰਿੰਦਰ)- ਚੰਡੀਗਡ਼੍ਹ ਰੋਡ ’ਤੇ ਬੀਤੀ ਦੇਰ ਰਾਤ ਅਣਪਛਾਤੇ ਵਾਹਨ ਦੀ ਲਪੇਟ ’ਚ ਆ ਕੇ ਇਕ 62 ਸਾਲਾ ਸਾਈਕਲ ਸਵਾਰ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ। ਲੋਕਾਂ ਨੇ ਉਸਨੂੰ ਨੇਡ਼ਲੇ ਹਸਪਤਾਲ ਪਹੁੰਚਾਇਆ, ਜਿਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਉਕਤ ਵਿਅਕਤੀ ਦੀ ਪਛਾਣ ਪਰਮਜੀਤ ਸਿੰਘ ਪੁੱਤਰ ਪ੍ਰੀਤਮ ਸਿੰਘ ਵਜੋਂ ਹੋਈ ਹੈ। ਇਸ ਦੌਰਾਨ ਸੂਚਨਾ ਮਿਲਦਿਆਂ ਹੀ ਥਾਣਾ ਸਦਰ ਦੀ ਪੁਲਸ ਵੀ ਮੌਕੇ ’ਤੇ ਪਹੁੰਚ ਗਈ ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਸਥਿਤ ਲਾਸ਼ ਘਰ ’ਚ ਪਹੁੰਚਾ ਦਿੱਤਾ।
ਸੰਪਰਕ ਕਰਨ ’ਤੇ ਥਾਣਾ ਸਦਰ ਦੇ ਏ. ਐੱਸ. ਆਈ. ਸੇਵਾ ਸਿੰਘ ਨੇ ਦੱਸਿਆ ਕਿ ਮ੍ਰਿਤਕ ਪਰਮਜੀਤ ਸਿੰਘ ਚੰਡੀਗਡ਼੍ਹ ਰੋਡ ’ਤੇ ਚਾਹ ਵੇਚਣ ਦਾ ਕੰਮ ਕਰਦਾ ਸੀ ਤੇ ਬੀਤੀ ਦੇਰ ਰਾਤ ਕਰੀਬ 10 ਵਜੇ ਦੁਕਾਨ ਬੰਦ ਕਰਕੇ ਘਰ ਜਾ ਰਿਹਾ ਸੀ। ਪੁਲਸ ਟੋਲ ਪਲਾਜ਼ਾ ’ਚ ਲੱਗੇ ਸੀ. ਸੀ. ਟੀ. ਵੀ. ਦੀ ਫੁਟੇਜ਼ ਰਾਹੀਂ ਸ਼ੱਕੀ ਗੱਡੀ ਨੰਬਰ ਦੇ ਅਧਾਰ ’ਤੇ ਮਾਮਲੇ ਦੀ ਜਾਂਚ ਕਰ ਰਹੀ ਹੈ। ਪੁਲਸ ਨੇ ਫਿਲਹਾਲ ਅਣਪਛਾਤੇ ਵਾਹਨ ਚਾਲਕ ਖਿਲਾਫ਼ ਧਾਰਾ 279, 304 ਏ ਤਹਿਤ ਮਾਮਲਾ ਦਰਜ ਕਰ ਲਿਆ ਹੈ।
