ਵੱਡੀ ਖ਼ਬਰ : ਪੰਜਾਬ ਵਿਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਦੀਆਂ ਤਾਰੀਖਾਂ ਦਾ ਐਲਾਨ

Friday, Nov 28, 2025 - 07:29 PM (IST)

ਵੱਡੀ ਖ਼ਬਰ : ਪੰਜਾਬ ਵਿਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਦੀਆਂ ਤਾਰੀਖਾਂ ਦਾ ਐਲਾਨ

ਚੰਡੀਗੜ੍ਹ : ਪੰਜਾਬ ਰਾਜ ਚੋਣ ਕਮਿਸ਼ਨ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀਆਂ ਦੀਆਂ ਚੋਣਾਂ ਦਾ ਐਲਾਨ ਕਰ ਦਿੱਤਾ ਹੈ। ਚੋਣ ਕਮਿਸ਼ਨ ਦੇ ਐਲਾਨ ਮੁਤਾਬਕ ਇਹ ਚੋਣਾਂ 14 ਦਸੰਬਰ ਦਿਨ ਐਤਵਾਰ ਨੂੰ ਕਰਵਾਈਆਂ ਜਾਣਗੀਆਂ ਅਤੇ 17 ਦਸੰਬਰ ਚੋਣਾਂ ਦੀ ਗਿਣਤੀ ਹੋਵੇਗੀ। ਪੰਜਾਬ ਚੋਣ ਕਮਿਸ਼ਨ ਨੇ ਪੰਚਾਇਤੀ ਚੋਣਾਂ ਨੂੰ ਲੈ ਕੇ ਮਹੱਤਵਪੂਰਨ ਐਲਾਨ ਕਰਦਿਆਂ ਦੱਸਿਆ ਹੈ ਕਿ ਰਾਜ ਵਿਚ ਵੋਟਿੰਗ ਬੈਲੇਟ ਪੇਪਰ ਰਾਹੀਂ ਕਰਵਾਈ ਜਾਵੇਗੀ ਅਤੇ ਇਸ ਲਈ ਕੁੱਲ 19,181 ਪੋਲਿੰਗ ਬੂਥ ਸਥਾਪਿਤ ਕੀਤੇ ਜਾਣਗੇ।

ਇਹ ਵੀ ਪੜ੍ਹੋ : ਬਲਾਕ ਸੰਮਤੀ ਚੋਣਾਂ ਲਈ ਰਾਖਵੇਂਕਰਨ ਦੀ ਸੂਚੀ ਜਾਰੀ

ਚੋਣਾਂ ਵਿਚ 1 ਕਰੋੜ 36 ਲੱਖ 4 ਹਜ਼ਾਰ 650 ਵੋਟਰ ਆਪਣਾ ਲੋਕਤੰਤਰਕ ਅਧਿਕਾਰ ਦੀ ਵਰਤੋਂ ਕਰਨਗੇ ਜਦ ਕਿ ਔਰਤਾਂ ਨੂੰ ਵੱਧ ਹਿੱਸੇਦਾਰੀ ਦੇਣ ਲਈ 50 ਫੀਸਦੀ ਸੀਟਾਂ ਰਾਖਵੀਆਂ ਕੀਤੀਆਂ ਗਈਆਂ ਹਨ। ਚੋਣ ਪ੍ਰਕਿਰਿਆ ਲਈ ਰਾਜ ਭਰ ਵਿਚ 23 ਜ਼ਿਲ੍ਹਾ ਪ੍ਰੀਸ਼ਦਾਂ ਅਤੇ 155 ਪੰਚਾਇਤ ਸੰਮਤੀਆਂ ਵਿਚ ਚੋਣਾਂ ਹੋਣਗੀਆਂ। ਚੋਣ ਕਮਿਸ਼ਨ ਦੇ ਐਲਾਨ ਮੁਤਾਬਕ ਜ਼ਿਲਾ ਪ੍ਰੀਸ਼ਦ ਉਮੀਦਵਾਰਾਂ ਲਈ ਫੀਸ 400 ਰੁਪਏ, ਜਦਕਿ ਪੰਚਾਇਤ ਸੰਮਤੀ ਲਈ 200 ਰੁਪਏ ਫੀਸ ਰੱਖੀ ਗਈ ਹੈ। ਸੁਚਾਰੂ ਅਤੇ ਸ਼ਾਂਤਮਈ ਚੋਣਾਂ ਲਈ 5 ਹਜ਼ਾਰ ਪੁਲਸ ਮੁਲਾਜ਼ਮਾਂ ਨੂੰ ਡਿਊਟੀ 'ਤੇ ਤੈਨਾਤ ਕੀਤਾ ਜਾਵੇਗਾ।

ਇਹ ਵੀ ਪੜ੍ਹੋ : ਪੰਜਾਬ ਮੰਤਰੀ ਮੰਡਲ ਦਾ ਵੱਡਾ ਫ਼ੈਸਲਾ, ਸਰਕਾਰੀ ਪੈਨਲ 'ਚ ਲਿਆਂਦੇ ਜਾਣਗੇ ਪ੍ਰਾਈਵੇਟ ਡਾਕਟਰ

ਪੰਜਾਬ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣ ਲਈ ਨਾਮਜ਼ਦਗੀ 1 ਦਸੰਬਰ ਤੋਂ 4 ਦਸੰਬਰ ਤੱਕ ਕੀਤੀਆਂ ਜਾਣਗੀਆਂ। ਜੋ ਕਿ ਰੋਜ਼ਾਨਾ ਸਵੇਰੇ 11:00 ਵਜੇ ਤੋਂ ਦੁਪਹਿਰ 3:00 ਵਜੇ ਤੱਕ ਹੋਣਗੀਆਂ। 5 ਦਸੰਬਰ ਨੂੰ ਨਾਮਜ਼ਦਗੀਆਂ ਦੀ ਪੜਤਾਲ ਕੀਤੀ ਜਾਵੇਗੀ। ਜਦੋਂ ਕਿ 6 ਦਸੰਬਰ ਨੂੰ ਨਾਮਜ਼ਦਗੀਆਂ ਵਾਪਸ ਲੈਣ ਦੀ ਆਖਰੀ ਮਿਤੀ ਹੋਵੇਗੀ ਅਤੇ 14 ਦਸੰਬਰ ਨੂੰ ਵੋਟਿੰਗ ਹੋਵੇਗੀ ਅਤੇ ਨਤੀਜੇ 17 ਦਸੰਬਰ ਨੂੰ ਐਲਾਨੇ ਜਾਣਗੇ।


author

Gurminder Singh

Content Editor

Related News