29 ਨਵੰਬਰ ਨੂੰ ਹੋਵੇਗੀ SGPC ਦੇ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਦੀ ਚੋਣ

Saturday, Nov 06, 2021 - 10:37 PM (IST)

29 ਨਵੰਬਰ ਨੂੰ ਹੋਵੇਗੀ SGPC ਦੇ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਦੀ ਚੋਣ

ਅੰਮ੍ਰਿਤਸਰ/ਚੰਡੀਗੜ੍ਹ (ਦੀਪਕ ਸ਼ਰਮਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਅਤੇ ਕਾਰਜਕਾਰਨੀ ਕਮੇਟੀ ਦੇ ਮੈਂਬਰਾਂ ਦੀ ਸਾਲਾਨਾ ਚੋਣ 29 ਨਵੰਬਰ ਨੂੰ ਕੀਤੀ ਜਾਵੇਗੀ। ਇਸ ਸਬੰਧ ’ਚ ਜਨਰਲ ਇਜਲਾਸ ਸ਼੍ਰੋਮਣੀ ਕਮੇਟੀ ਦੇ ਸ੍ਰੀ ਅੰਮ੍ਰਿਤਸਰ ਵਿਖੇ ਮੁੱਖ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਦੁਪਹਿਰ 1:00 ਵਜੇ ਹੋਵੇਗਾ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਦੀ ਅਗਵਾਈ ’ਚ ਇਥੇ ਗੁਰਦੁਆਰਾ ਸ੍ਰੀ ਕਲਗੀਧਰ ਨਿਵਾਸ ਵਿਖੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਦੌਰਾਨ ਇਹ ਫ਼ੈਸਲਾ ਲਿਆ ਗਿਆ ਹੈ। ਮੀਟਿੰਗ ਮਗਰੋਂ ਜਾਣਕਾਰੀ ਦਿੰਦਿਆਂ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਸਿੱਖ ਗੁਰਦੁਆਰਾ ਐਕਟ ਅਨੁਸਾਰ ਹਰ ਸਾਲ ਨਵੰਬਰ ਮਹੀਨੇ ’ਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਦੀ ਚੋਣ ਕੀਤੀ ਜਾਂਦੀ ਹੈ, ਜਿਸ ਸਬੰਧ ’ਚ 21 ਦਿਨ ਪਹਿਲਾਂ ਐਲਾਨ ਜ਼ਰੂਰੀ ਹੁੰਦਾ ਹੈ। ਇਸ ਵਾਰ 29 ਨਵੰਬਰ ਨੂੰ ਜਨਰਲ ਹਾਊਸ ਦੌਰਾਨ ਇਹ ਚੋਣ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਵੱਲੋਂ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਸਿਵਲ ਹਸਪਤਾਲ ’ਚੋਂ 15 ਦਿਨਾਂ ਦੀ ਬੱਚੀ ਗਾਇਬ ਹੋਣ ਨਾਲ ਫੈਲੀ ਸਨਸਨੀ

ਇਸੇ ਦੌਰਾਨ ਅੰਤ੍ਰਿੰਗ ਕਮੇਟੀ ਵੱਲੋਂ ਲਏ ਗਏ ਹੋਰ ਅਹਿਮ ਫ਼ੈਸਲਿਆਂ ਬਾਰੇ ਜਾਣਕਾਰੀ ਦਿੰਦਿਆਂ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਰਨਤਾਰਨ ਵਿਖੇ 200 ਲੜਕੀਆਂ ਨੂੰ ਮੁਫ਼ਤ ਵਿੱਦਿਆ ਦੇਣ ਲਈ ਕੇਂਦਰ ਖੋਲ੍ਹਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਕੇਂਦਰ ’ਚ ਮਾਝਾ ਖੇਤਰ ਦੀਆਂ ਲੋੜਵੰਦ ਅਤੇ ਹੁਸ਼ਿਆਰ ਸਿੱਖ ਲੜਕੀਆਂ ਨੂੰ ਦਾਖ਼ਲਾ ਦਿੱਤਾ ਜਾਵੇਗਾ ਅਤੇ ਇਸੇ ਤਰ੍ਹਾਂ ਹੀ ਦੁਆਬਾ ਖੇਤਰ ’ਚ ਮਾਤਾ ਗੁਜਰੀ ਜੀ ਕਾਲਜ ਕਰਤਾਰਪੁਰ ਵਿਖੇ 200 ਬੱਚੀਆਂ ਨੂੰ ਮੁਫ਼ਤ ਪੜ੍ਹਾਈ ਕਰਵਾਈ ਜਾਵੇਗੀ। ਇਸ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਵੱਲੋਂ ਮਾਲਵਾ ਇਲਾਕੇ ’ਚ ਤਖ਼ਤ ਸ੍ਰੀ ਦਮਦਮਾ ਸਾਹਬ ਵਿਖੇ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ 200 ਲੜਕੀਆਂ ਨੂੰ ਮੁਫ਼ਤ ਵਿੱਦਿਆ ਦਿੱਤੀ ਜਾ ਰਹੀ ਹੈ, ਜਿਨ੍ਹਾਂ ’ਚ ਜ਼ਿਆਦਾਤਰ ਜੰਮੂ-ਕਸ਼ਮੀਰ ਨਾਲ ਸਬੰਧਤ ਹਨ। ਉਨ੍ਹਾਂ ਦੱਸਿਆ ਕਿ ਜਿਨ੍ਹਾਂ ਬੱਚੀਆਂ ਨੂੰ ਮੁਫ਼ਤ ਪੜ੍ਹਾਈ ਕਰਵਾਈ ਜਾਵੇਗੀ, ਉਨ੍ਹਾਂ ਦੇ ਹੋਸਟਲ ਅਤੇ ਖਾਣੇ ਦਾ ਪ੍ਰਬੰਧ ਵੀ ਸ਼੍ਰੋਮਣੀ ਕਮੇਟੀ ਕਰੇਗੀ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਅੰਤ੍ਰਿੰਗ ਕਮੇਟੀ ਵੱਲੋਂ ਲਏ ਗਏ ਇਕ ਹੋਰ ਅਹਿਮ ਫ਼ੈਸਲੇ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿੱਖ ਸੰਸਥਾ ਵੱਲੋਂ ਕੈਨੇਡਾ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਪਾਈ ਲਈ ਪ੍ਰਿੰਟਿੰਗ ਪ੍ਰੈੱਸ ਜਲਦ ਸਥਾਪਿਤ ਕੀਤੀ ਜਾਵੇਗੀ।

ਇਹ ਵੀ ਪੜ੍ਹੋ : AG ਦਿਓਲ ਵੱਲੋਂ ਸਿੱਧੂ ’ਤੇ ਸ਼ਬਦੀ ਹਮਲੇ ਮਗਰੋਂ ਭਾਜਪਾ ਆਗੂ ਤਰੁਣ ਚੁੱਘ ਦਾ ਆਇਆ ਵੱਡਾ ਬਿਆਨ

ਉਨ੍ਹਾਂ ਦੱਸਿਆ ਕਿ ਇਸ ਸਬੰਧ ’ਚ ਸ਼੍ਰੋਮਣੀ ਕਮੇਟੀ ਦੇ ਕੈਨੇਡਾ ਭੇਜੇ ਗਏ ਵਫ਼ਦ ਨੇ ਆਪਣੀ ਰਿਪੋਰਟ ਦਿੱਤੀ ਹੈ, ਜਿਸ ਅਨੁਸਾਰ ਜਲਦ ਹੀ ਪ੍ਰੈੱਸ ਲਗਾਉਣ ਲਈ ਅਮਲ ਆਰੰਭਿਆ ਜਾਵੇਗਾ। ਬੀਬੀ ਜਗੀਰ ਕੌਰ ਨੇ ਦੱਸਿਆ ਕਿ ਕੈਨੇਡਾ ਵਿਚ ਸ਼੍ਰੋਮਣੀ ਕਮੇਟੀ ਦੇ ਵਫ਼ਦ ਨੇ 70 ਤੋਂ ਜ਼ਿਆਦਾ ਗੁਰਦੁਆਰਾ ਕਮੇਟੀਆਂ ਨਾਲ ਗੱਲਬਾਤ ਕੀਤੀ ਹੈ, ਜਿਨ੍ਹਾਂ ਦੀ ਹਰ ਰਾਇ ਨੂੰ ਵਾਚਣ ਉਪਰੰਤ ਪ੍ਰੈੱਸ ਲਗਾਉਣ ਲਈ ਸਥਾਨ ਨਿਰਧਾਰਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਕੈਨੇਡਾ ਵਿਚ ਚਾਰ ਥਾਵਾਂ ਤੋਂ ਪ੍ਰੈੱਸ ਲਈ ਜ਼ਮੀਨ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਦੇਣ ਦੀ ਪੇਸ਼ਕਸ਼ ਕੀਤੀ ਗਈ ਹੈ, ਜਿਨ੍ਹਾਂ ਬਾਰੇ ਜਥੇਦਾਰ ਸ੍ਰੀ ਅਕਾਲ ਤਖ਼ਤ ਨਾਲ ਵਿਚਾਰ-ਵਟਾਂਦਰੇ ਮਗਰੋਂ ਫੈਸਲਾ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਕੈਨੇਡਾ ਤੋਂ ਬਾਅਦ ਯੂਰਪ, ਆਸਟ੍ਰੇਲੀਆ ਅਤੇ ਅਮਰੀਕਾ ਆਦਿ ਦੇਸ਼ਾਂ ਵਿਚ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਪਾਈ ਲਈ ਯਤਨ ਕੀਤੇ ਜਾਣਗੇ।ਬੀਬੀ ਜਗੀਰ ਕੌਰ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਟਿਕਰੀ ਬਾਰਡਰ ਵਿਖੇ ਬੀਤੇ ਦਿਨੀਂ ਟਿੱਪਰ ਹੇਠ ਆ ਕੇ ਚਲਾਣਾ ਕਰ ਗਈਆਂ ਤਿੰਨ ਕਿਸਾਨ ਬੀਬੀਆਂ ਦੇ ਪਰਿਵਾਰਾਂ ਨੂੰ ਇਕ-ਇਕ ਲੱਖ ਰੁਪਏ ਦਿੱਤੇ ਜਾਣਗੇ।

ਇਸ ਤਰ੍ਹਾਂ ਜ਼ਖ਼ਮੀਆਂ ਨੂੰ ਪੰਜਾਹ-ਪੰਜਾਹ ਰੁਪਏ ਦੀ ਰਾਸ਼ੀ ਦਿੱਤੀ ਜਾਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਅੰਤ੍ਰਿਗ ਕਮੇਟੀ ਵੱਲੋਂ ਜਥੇਦਾਰ ਕੁਲਦੀਪ ਸਿੰਘ ਵਡਾਲਾ ਸਾਬਕਾ ਜਨਰਲ ਸਕੱਤਰ ਸ਼੍ਰੋਮਣੀ ਕਮੇਟੀ ਦੀ ਤਸਵੀਰ ਕੇਂਦਰੀ ਸਿੱਖ ਅਜਾਇਬਘਰ ਵਿਚ ਲਗਾਉਣ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਇਸ ਦੌਰਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ 100 ਸਾਲਾ ਸਥਾਪਨਾ ਦਿਵਸ ਸਬੰਧੀ 15 ਨਵੰਬਰ 2021 ਨੂੰ ਸ੍ਰੀ ਅੰਮ੍ਰਿਤਸਰ ਵਿਖੇ ਵਿਸ਼ਾਲ ਸਮਾਗਮ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਿੱਖ ਸੰਸਥਾ ਦਾ 100 ਸਾਲਾ ਸਫ਼ਰ ਸ਼ਾਨਾਮੱਤਾ ਰਿਹਾ ਹੈ ਅਤੇ ਇਸ ਦੌਰਾਨ ਸੰਸਥਾ ਨੇ ਬੜੀ ਬਿਹਤਰੀ ਦੇ ਨਾਲ ਸਿੱਖ ਮਸਲਿਆਂ ਦੀ ਪੈਰਵਾਈ ਕਰਨ ਦੇ ਨਾਲ-ਨਾਲ ਗੁਰਦੁਆਰਾ ਪ੍ਰਬੰਧਾਂ ਨੂੰ ਪੰਥਕ ਭਾਵਨਾਵਾਂ ਨਾਲ ਅੱਗੇ ਵਧਾਇਆ ਹੈ। ਅੱਜ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਸਮੇਂ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਬੀਤੇ ਇਕ ਸਾਲ ਦੇ ਕਾਰਜਕਾਲ ਦੌਰਾਨ ਸਹਿਯੋਗ ਕਰਨ ਲਈ ਕਮੇਟੀ ਮੈਂਬਰ ਅਤੇ ਅਧਿਕਾਰੀਆਂ ਦਾ ਧੰਨਵਾਦ ਕੀਤਾ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸਮੂਹ ਕਾਰਜਕਾਰਨੀ ਮੈਂਬਰਾਂ ਨੇ ਬੀਬੀ ਜਗੀਰ ਕੌਰ ਵੱਲੋਂ ਬੀਤੇ ਇਕ ਸਾਲ ਵਿਚ ਕੀਤੇ ਗਏ ਬਿਹਤਰ ਕਾਰਜਾਂ ਦੀ ਭਰਵੀਂ ਪ੍ਰਸ਼ੰਸਾ ਕੀਤੀ ਅਤੇ ਕਿਸਾਨੀ ਸੰਘਰਸ਼ ਦੇ ਨਾਲ-ਨਾਲ ਕੋਰੋਨਾ ਸਮੇਂ ਨਿਭਾਈਆਂ ਸੇਵਾਵਾਂ ਨੂੰ ਯਾਦਗਾਰੀ ਦੱਸਿਆ।   


author

Manoj

Content Editor

Related News