ਚੋਣ ਅਧਿਕਾਰੀ ਵੱਲੋਂ ਕਮਿਸ਼ਨਰ ਤੇ SSP ਨੂੰ ਉਮੀਦਵਾਰਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਹੁਕਮ ਜਾਰੀ

Thursday, May 09, 2024 - 05:43 PM (IST)

ਚੋਣ ਅਧਿਕਾਰੀ ਵੱਲੋਂ ਕਮਿਸ਼ਨਰ ਤੇ SSP ਨੂੰ ਉਮੀਦਵਾਰਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਹੁਕਮ ਜਾਰੀ

ਚੰਡੀਗੜ੍ਹ (ਬਿਊਰੋ) : ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਸੂਬੇ ’ਚ ਆਜ਼ਾਦ ਅਤੇ ਨਿਰਪੱਖ ਚੋਣ ਅਮਲ ਨੂੰ ਨੇਪਰੇ ਚਾੜ੍ਹਨ ਲਈ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਅੱਜ ਸਾਰੇ ਡਿਪਟੀ ਕਮਿਸ਼ਨਰਾਂ-ਕਮ-ਜ਼ਿਲ੍ਹਾ ਚੋਣ ਅਧਿਕਾਰੀਆਂ, ਪੁਲਸ ਕਮਿਸ਼ਨਰਾਂ ਅਤੇ ਸੀਨੀਅਰ ਪੁਲਸ ਕਪਤਾਨਾਂ (ਐੱਸ.ਐੱਸ.ਪੀਜ਼.) ਨੂੰ ਉਮੀਦਵਾਰਾਂ ਦੀ ਸੁਰੱਖਿਆ ਨੂੰ ਧਿਆਨ ’ਚ ਰੱਖਦਿਆਂ ਸਾਰਿਆਂ ਲਈ ਬਰਾਬਰ ਦਾ ਮਾਹੌਲ ਯਕੀਨੀ ਬਣਾਉਣ ਲਈ ਕਿਹਾ ਹੈ। ਮੁੱਖ ਚੋਣ ਅਧਿਕਾਰੀ ਨੇ ਜ਼ੋਰ ਦੇ ਕੇ ਕਿਹਾ ਕਿ ਉਮੀਦਵਾਰਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਜ਼ਿਲ੍ਹਾ ਚੋਣ ਅਮਲੇ ਦੀ ਮੁੱਢਲੀ ਜ਼ਿੰਮੇਵਾਰੀ ਹੈ ਅਤੇ ਭਾਰਤੀ ਚੋਣ ਕਮਿਸ਼ਨ ਇਸ ਮਾਮਲੇ ਪ੍ਰਤੀ ਪੂਰੀ ਤਰ੍ਹਾਂ ਗੰਭੀਰ ਹੈ। ਸਾਰੇ ਸਬੰਧਿਤ ਅਧਿਕਾਰੀਆਂ ਨੂੰ ਜਾਰੀ ਇੱਕ ਪੱਤਰ ’ਚ ਮੁੱਖ ਚੋਣ ਅਧਿਕਾਰੀ ਨੇ ਕਿਹਾ ਹੈ ਕਿ ਉਨ੍ਹਾਂ ਦੇ ਧਿਆਨ ’ਚ ਆਇਆ ਹੈ ਕਿ ਸੂਬੇ ਦੇ ਵੱਖ-ਵੱਖ ਹਿੱਸਿਆਂ ਤੋਂ ਚੋਣ ਪ੍ਰਚਾਰ ’ਚ ਵਿਘਨ ਪਾਉਣ ਦੀਆਂ ਕਈ ਘਟਨਾਵਾਂ ਸਾਹਮਣੇ ਆਈਆਂ ਹਨ। ਉਨ੍ਹਾਂ ਦੱਸਿਆ ਕਿ ਇਹ ਘਟਨਾਵਾਂ ਵੱਖ-ਵੱਖ ਸ਼ਿਕਾਇਤਾਂ ਅਤੇ ਮੀਡੀਆਂ ਰਿਪੋਰਟਾਂ ਰਾਹੀਂ ਸਾਹਮਣੇ ਆਈਆਂ ਹਨ, ਜਿਸ ’ਚ ਅੰਦੋਲਨਕਾਰੀ ਕਿਸਾਨਾਂ ਵੱਲੋਂ ਸਿਆਸੀ ਪਾਰਟੀਆਂ ਦੇ ਉਮੀਦਵਾਰਾਂ ਨੂੰ ਚੋਣ ਪ੍ਰਚਾਰ ਕਰਨ ਤੋਂ ਰੋਕਿਆ ਜਾ ਰਿਹਾ ਹੈ ਜਿਸ ਕਰਕੇ ਊਹ ਸੂਬੇ ਦੇ ਨਾਗਰਿਕਾਂ ਨੂੰ ਆਪਣੇ ਚੋਣ ਮਨੋਰਥ ਪੱਤਰ ਤੋਂ ਜਾਣੂ ਨਹੀਂ ਕਰਵਾ ਪਾ ਰਹੇ। ਉਨ੍ਹਾਂ ਕਿਹਾ ਕਿ ਅਜਿਹੀਆਂ ਕਾਰਵਾਈਆਂ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਹਨ। ਸਿਬਿਨ ਸੀ ਨੇ ਅੱਗੇ ਕਿਹਾ ਕਿ ਇਹ ਵੀ ਦੇਖਿਆ ਗਿਆ ਹੈ ਕਿ ਸੀ. ਆਰ. ਪੀ. ਸੀ. ਦੀ ਧਾਰਾ 144 ਅਧੀਨ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੁਕਮਾਂ ਦੇ ਬਾਵਜੂਦ ਪ੍ਰਦਰਸ਼ਨਕਾਰੀ ਕਿਸਾਨਾਂ ਵੱਲੋਂ ਬਿਨਾਂ ਇਜਾਜ਼ਤ ਦੇ ਇਕੱਠ ਕਰਨ ਤੋਂ ਇਲਾਵਾ ਲਾਊਡ ਸਪੀਕਰਾਂ ਦੀ ਵਰਤੋਂ ਵੀ ਕੀਤੀ ਜਾ ਰਹੀ ਹੈ।

ਇਹ ਖ਼ਬਰ ਵੀ ਪੜ੍ਹੋ : ਹੁਣ ਮੈਨੂੰ ਬੋਲਣ ਦੀ ਲੋੜ ਨਹੀਂ, ਜਨਤਾ ਦੀ ਆਵਾਜ਼ ਹੀ ਦੱਸਦੀ ਹੈ ਕਿ ‘ਆਪ’ 13-0 ਨਾਲ ਜਿੱਤੇਗੀ : ਭਗਵੰਤ ਮਾਨ

ਮੁੱਖ ਚੋਣ ਅਧਿਕਾਰੀ ਨੇ ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਇਹ ਬਹੁਤ ਮਹੱਤਵਪੂਰਨ ਹੈ ਕਿ ਉਮੀਦਵਾਰਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਂਦਿਆਂ ਇਨ੍ਹਾਂ ਦਿਸ਼ਾ-ਨਿਰਦੇਸ਼ਾਂ ਦੀ ਇੰਨ-ਬਿੰਨ ਪਾਲਣਾ ਕੀਤੀ ਜਾਵੇ ਤਾਂ ਜੋ ਉਮੀਦਵਾਰਾਂ ਨੂੰ ਚੋਣ ਪ੍ਰਚਾਰ ਲਈ ਬਰਾਬਰ ਦਾ ਮਾਹੌਲ ਪ੍ਰਦਾਨ ਕੀਤਾ ਜਾ ਸਕੇ। ਸਿਬਿਨ ਸੀ ਨੇ ਦੁਹਰਾਇਆ ਕਿ ਜ਼ਿਲ੍ਹਿਆਂ ’ਚ ਤਾਇਨਾਤ ਸਮੂਹ ਚੋਣ ਅਮਲੇ ਦਾ ਫਰਜ਼ ਹੈ ਕਿ ਉਹ ਇਨ੍ਹਾਂ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਕਾਨੂੰਨ ਆਪਣੇ ਹੱਥ ’ਚ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਸਿਬਿਨ ਸੀ ਨੇ ਸਾਰੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਇਨ੍ਹਾਂ ਨਿਰਦੇਸ਼ਾਂ ਨੂੰ ਸਹੀ ਅਰਥਾਂ ’ਚ ਲਾਗੂ ਕਰਨਾ ਯਕੀਨੀ ਬਣਾਉਣ ਅਤੇ ਜੇਕਰ ਚੋਣ ਪ੍ਰਚਾਰ ’ਚ ਵਿਘਨ ਪਾਉਣ ਦੀ ਕੋਈ ਘਟਨਾ ਸਾਹਮਣੇ ਆਉਂਦੀ ਹੈ ਤਾਂ ਉਸ ਨੂੰ ਗੰਭੀਰਤਾ ਨਾਲ ਲੈਂਦਿਆਂ ਚੋਣ ਕਮਿਸ਼ਨ ਦੇ ਧਿਆਨ ’ਚ ਲਿਆਂਦਾ ਜਾਵੇ। ਦੱਸਣਯੋਗ ਹੈ ਕਿ ਅੱਜ ਕਿਸਾਨਾਂ ਦੇ ਇੱਕ ਵਫ਼ਦ ਵੱਲੋਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨਾਲ ਉਨ੍ਹਾਂ ਦੇ ਦਫ਼ਤਰ ਵਿਖੇ ਮੁਲਾਕਾਤ ਕੀਤੀ ਗਈ ਹੈ। ਮੀਟਿੰਗ ਦੌਰਾਨ ਸਿਬਿਨ ਸੀ ਨੇ ਕਿਸਾਨ ਜਥੇਬੰਦੀਆਂ ਨੂੰ ਅਮਨ-ਕਾਨੂੰਨ ਦੀ ਸਥਿਤੀ ਬਣਾਈ ਰੱਖਣ ਅਤੇ ਸੂਬੇ ਭਰ ’ਚ ਚੋਣ ਲੜ ਰਹੇ ਉਮੀਦਵਾਰਾਂ ਦੀਆਂ ਚੋਣ ਮੁਹਿੰਮਾਂ ’ਚ ਵਿਘਨ ਨਾ ਪਾਉਣ ਦੀ ਅਪੀਲ ਕੀਤੀ ਹੈ। 

ਇਹ ਖ਼ਬਰ ਵੀ ਪੜ੍ਹੋ : ਖ਼ਰਚਾ ਆਬਜ਼ਰਵਰ ਵੱਲੋਂ ਨਿਗਰਾਨ ਟੀਮਾਂ ਨੂੰ ਨਕਦੀ ਉੱਪਰ ਕਰੜੀ ਨਜ਼ਰ ਰੱਖਣ ਦੇ ਹੁਕਮ 

‘ਜਗ ਬਾਣੀ’ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Anuradha

Content Editor

Related News