ਚੋਣਾਂ ਬਾਰੇ ਕਿਸੇ ਤਰ੍ਹਾਂ ਦੀ ਵੀ ਸ਼ਿਕਾਇਤ ਕਰਨ ਲਈ ਵਟਸਐਪ ਨੰਬਰ ਜਾਰੀ

Tuesday, May 07, 2024 - 12:32 PM (IST)

ਚੋਣਾਂ ਬਾਰੇ ਕਿਸੇ ਤਰ੍ਹਾਂ ਦੀ ਵੀ ਸ਼ਿਕਾਇਤ ਕਰਨ ਲਈ ਵਟਸਐਪ ਨੰਬਰ ਜਾਰੀ

ਪਟਿਆਲਾ (ਜੋਸਨ) : ਲੋਕ ਸਭਾ ਚੋਣਾਂ ਦੌਰਾਨ ਜ਼ਿਲ੍ਹੇ ਦੇ ਵੋਟਰਾਂ ਦੀਆਂ ਚੋਣ ਜ਼ਾਬਤੇ ਸਬੰਧੀ ਸ਼ਿਕਾਇਤਾਂ ਦਰਜ ਕਰਵਾਉਣ ਲਈ ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਵਟਸਐਪ ਨੰਬਰ 70095-50957 ਜਾਰੀ ਕੀਤਾ ਗਿਆ ਹੈ। ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਕੋਈ ਵੀ ਨਾਗਰਿਕ ਆਪਣੀ ਚੋਣਾਂ ਨਾਲ ਸਬੰਧਤ ਸ਼ਿਕਾਇਤ ਇਸ ਵਟਸਐਪ ਨੰਬਰ ਉੱਪਰ ਦਰਜ ਕਰਵਾ ਸਕਦਾ ਹੈ। ਇਸ ਤੋਂ ਭਾਰਤੀ ਚੋਣ ਕਮਿਸ਼ਨ ਦੀ ਐਂਡਰਾਇਡ ਤੇ ਆਈ. ਓ. ਐੱਸ. ਪਲੇਟਫ਼ਾਰਮ ਆਧਾਰਿਤ ਆਨਲਾਈਨ ਸ਼ਿਕਾਇਤ ਪ੍ਰਣਾਲੀ ਐਪ ਸੀ-ਵਿਜਿਲ ਤੋਂ ਇਲਾਵਾ ਟੋਲ ਫਰੀ ਨੰਬਰ 1950 ਨੰਬਰ ਉੱਪਰ ਵੀ ਚੋਣ ਸਬੰਧੀ ਕਿਸੇ ਤਰ੍ਹਾਂ ਦੀ ਪੁੱਛ-ਗਿੱਛ ਦੇ ਨਾਲ-ਨਾਲ ਸ਼ਿਕਾਇਤ ਵੀ ਦਰਜ ਕੀਤੀ ਜਾ ਸਕਦੀ ਹੈ। ਜ਼ਿਲ੍ਹਾ ਚੋਣ ਅਫ਼ਸਰ ਨੇ ਅੱਗੇ ਦੱਸਿਆ ਕਿ ਭਾਰਤ ਦੇ ਚੋਣ ਕਮਿਸ਼ਨ ਵੱਲੋਂ ਸ਼ਿਕਾਇਤਾਂ ਦੇ ਨਿਪਟਾਰੇ, ਸੁਝਾਓ ਤੇ ਫੀਡਬੈਕ ਪ੍ਰਾਪਤੀ ਲਈ ਸਿੰਗਲ ਵਿੰਡੋ (ਐੱਨ. ਜੀ. ਐੱਸ. ਪੀ.) ਨੈਸ਼ਨਲ ਗ੍ਰੀਵਾਂਸ ਸਰਵਿਸ ਪੋਰਟਲ ਵੀ ਕੰਮ ਕਰ ਰਿਹਾ ਹੈ। ਇਸ ਤੋਂ ਬਿਨ੍ਹਾਂ ਪਟਿਆਲਾ ਵਿਖੇ ਸਥਾਪਤ ਸ਼ਿਕਾਇਤ ਸੈੱਲ ਦੇ ਫੋਨ ਨੰਬਰ 0175-2923084 ਅਤੇ ਈ-ਮੇਲ ਆਈ. ਡੀ. complaintcellpta2024@gmail.com ਕੰਪਲੇਂਟਸੈਲਪੀਟੀਏ2024 ਐਟ ਦੀ ਰੇਟ ਜੀਮੇਲ ਡਾਟ ਕਾਮ ਉਪਰ ਵੀ ਕੋਈ ਵੋਟਰ ਆਪਣੀ ਸ਼ਿਕਾਇਤ ਦਰਜ ਕਰਵਾ ਸਕਦਾ ਹੈ।

ਜ਼ਿਲ੍ਹਾ ਚੋਣ ਅਫ਼ਸਰ ਸ਼ੌਕਤ ਅਹਿਮਦ ਪਰੈ ਅਨੁਸਾਰ ਜ਼ਿਲ੍ਹੇ ’ਚ ਆਦਰਸ਼ ਚੋਣ ਜ਼ਾਬਤੇ ਦੇ ਲਾਗੂ ਹੋਣ ਬਾਅਦ ਚੋਣ ਅਮਲ ਨਾਲ ਸਬੰਧਤ ਸ਼ਿਕਾਇਤਾਂ/ਮਾਮਲਿਆਂ ਲਈ ਪ੍ਰਤੀਬੱਧ ਪ੍ਰਣਾਲੀ ਕੰਮ ਕਰ ਰਹੀ ਹੈ ਤਾਂ ਜੋ ਚੋਣ ਅਮਲ ਨੂੰ ਨਿਰਪੱਖ, ਸੁਤੰਤਰ, ਸ਼ਾਂਤਮਈ ਤੇ ਨਿਰਵਿਘਨ ਬਣਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ ਪਟਿਆਲਾ ਵਿਖੇ ਜ਼ਿਲ੍ਹਾ ਪੱਧਰ ’ਤੇ ਸ਼ਿਕਾਇਤ ਸੈੱਲ ਪੂਰੀ ਪ੍ਰਤੀਬੱਧਤਾ ਨਾਲ 24 ਘੰਟੇ ਨਿਰੰਤਰ ਕੰਮ ਕਰ ਰਿਹਾ ਹੈ। ਇਸ ਸੈੱਲ ਵੱਲੋਂ ਸ਼ਿਕਾਇਤਾਂ ਦਾ ਨਿਪਟਾਰਾ ਨਿਰਧਾਰਤ ਸਮੇਂ ਦੇ ਅੰਦਰ ਕਰਨ ਲਈ ਤੁਰੰਤ ਕਾਰਵਾਈ ਕੀਤੀ ਜਾਂਦੀ ਹੈ।

ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਕੁਝ ਸ਼ਿਕਾਇਤਾਂ ਸਿੱਧੇ ਤੌਰ ’ਤੇ ਮੁੱਖ ਚੋਣ ਅਫ਼ਸਰ ਦੇ ਦਫ਼ਤਰ ਵੀ ਪੁੱਜਦੀਆਂ ਹਨ, ਜਿਨ੍ਹਾਂ ਨੂੰ ਨਿਪਟਾ ਕੇ ਮੁੱਖ ਚੋਣ ਅਫ਼ਸਰ ਨੂੰ ਸੂਚਿਤ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਦਾ ਇੱਕੋ-ਇਕ ਏਜੰਡਾ ਚੋਣ ਅਮਲ ਦੌਰਾਨ ਕਿਸੇ ਵੀ ਤਰ੍ਹਾਂ ਦੇ ਚੋਣ ਜ਼ਾਬਤੇ ਦੀ ਉਲੰਘਣਾ ਨੂੰ ਰੋਕ ਕੇ, ਹਰ ਇਕ ਪਾਰਟੀ ਵਾਸਤੇ ਬਰਾਬਰ ਦੇ ਮੌਕੇ ਪ੍ਰਦਾਨ ਕਰਨਾ, ਵੋਟਰਾਂ ਨੂੰ ਭਰਮਾਉਣ ਦੀ ਕਿਸੇ ਵੀ ਤਰ੍ਹਾਂ ਦੀ ਕੋਸ਼ਿਸ਼ ਨੂੰ ਰੋਕਣਾ, ਉਨ੍ਹਾਂ ’ਚ ਭਰੋਸੇ, ਨਿੱਡਰਤਾ ਅਤੇ ਨਿਰਪੱਖਤਾ ਦਾ ਮਾਹੌਲ ਸਿਰਜਣਾ ਹੈ। ਇਸ ਲਈ ਫਲਾਇੰਗ ਸਕੂਐੱਡ ਤੇ ਸਟੈਟਿਕ ਸਰਵੇਲੈਂਸ ਟੀਮਾਂ 24 ਘੰਟੇ ਨਿਰੰਤਰ ਸਰਗਰਮ ਹਨ।


author

Gurminder Singh

Content Editor

Related News