ਬਿਜਲੀ ਦੀ ਹਾਈ ਵੋਲਟੇਜ ਲਾਈਨ ਦੀ ਲਪੇਟ ''ਚ ਆਉਣ ਕਾਰਨ ਵਿਅਕਤੀ ਦੀ ਮੌਤ

Monday, Nov 16, 2026 - 05:53 PM (IST)

ਬਿਜਲੀ ਦੀ ਹਾਈ ਵੋਲਟੇਜ ਲਾਈਨ ਦੀ ਲਪੇਟ ''ਚ ਆਉਣ ਕਾਰਨ ਵਿਅਕਤੀ ਦੀ ਮੌਤ

ਸੁਨਾਮ ਊਧਮ ਸਿੰਘ ਵਾਲਾ (ਬਾਂਸਲ)- ਪਿੰਡ ਛਾਹੜ ਵਿਖੇ ਖੇਤਾਂ ’ਚ ਮੋਟਰ ਕੱਢਣ ਸਮੇਂ ਵਾਪਰੇ ਦਰਦਨਾਕ ਹਾਦਸੇ ਦੌਰਾਨ ਕਰੰਟ ਲੱਗਣ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਖੇਤ ’ਚੋਂ ਮੋਟਰ ਕੱਢਦੇ ਸਮੇਂ ਪਾਈਪ ਉੱਪਰੋਂ ਲੰਘਦੀ ਬਿਜਲੀ ਦੀ ਹਾਈ ਵੋਲਟੇਜ ਲਾਈਨ ਨਾਲ ਟਕਰਾ ਗਿਆ, ਜਿਸ ਕਾਰਨ ਪਾਈਪ ’ਚ ਕਰੰਟ ਆ ਗਿਆ ਅਤੇ ਇਸ ਦੀ ਲਪੇਟ ’ਚ ਆਉਣ ਨਾਲ ਵਿਅਕਤੀ ਬੁਰੀ ਤਰ੍ਹਾਂ ਝੁਲਸ ਕੇ ਹੇਠਾਂ ਡਿੱਗ ਪਿਆ। ਬਾਅਦ ’ਚ ਉਸ ਨੂੰ ਇਲਾਜ ਲਈ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਜਾਣਕਾਰੀ ਦਿੰਦਿਆਂ ਪਿੰਡ ਛਾਹੜ ਦੇ ਵਸਨੀਕ ਜਸਵਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦਰਸ਼ਨ ਖਾਨ ਮਜ਼ਦੂਰੀ ਕਰ ਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਚਲਾਉਂਦਾ ਸੀ। ਉਹ ਖੇਤ ’ਚੋਂ ਮੋਟਰ ਕੱਢਣ ਦਾ ਕੰਮ ਕਰ ਰਿਹਾ ਸੀ ਕਿ ਅਚਾਨਕ ਪਾਈਪ ਉੱਪਰੋਂ ਲੰਘਦੀ ਬਿਜਲੀ ਦੀ ਲਾਈਨ ਨਾਲ ਲੱਗ ਗਈ ਅਤੇ ਉਸ ਨੂੰ ਕਰੰਟ ਲੱਗ ਗਿਆ। ਉਨ੍ਹਾਂ ਦੱਸਿਆ ਕਿ ਦਰਸ਼ਨ ਖਾਨ ਆਪਣੇ ਪਿੱਛੇ ਦੋ ਬੱਚੇ ਛੱਡ ਗਿਆ ਹੈ। ਇਸ ਦੁਖਦਾਈ ਘਟਨਾ ਕਾਰਨ ਪਰਿਵਾਰ ’ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ।

ਜਸਵਿੰਦਰ ਸਿੰਘ ਨੇ ਪ੍ਰਸ਼ਾਸਨ ਤੇ ਸਰਕਾਰ ਨੂੰ ਅਪੀਲ ਕੀਤੀ ਕਿ ਮ੍ਰਿਤਕ ਦਾ ਪਰਿਵਾਰ ਬੇਹੱਦ ਗਰੀਬ ਹੈ ਅਤੇ ਪਰਿਵਾਰ ਦੀ ਰੋਜ਼ੀ-ਰੋਟੀ ਚਲਾਉਣ ਵਾਲਾ ਵਿਅਕਤੀ ਵੀ ਇਸ ਦੁਨੀਆ ਤੋਂ ਚਲਾ ਗਿਆ ਹੈ। ਇਸ ਲਈ ਪੀੜਤ ਪਰਿਵਾਰ ਦੀ ਆਰਥਿਕ ਹਾਲਤ ਨੂੰ ਦੇਖਦਿਆਂ ਉਨ੍ਹਾਂ ਦੀ ਵੱਧ ਤੋਂ ਵੱਧ ਮਾਲੀ ਸਹਾਇਤਾ ਕੀਤੀ ਜਾਵੇ, ਤਾਂ ਜੋ ਦੋ ਬੱਚਿਆਂ ਦਾ ਭਵਿੱਖ ਸੁਰੱਖਿਅਤ ਹੋ ਸਕੇ।


author

Anmol Tagra

Content Editor

Related News