ਬਿਜਲੀ ਮੰਤਰੀ ਹਰਭਜਨ ਸਿੰਘ ਦਾ ਵੱਡਾ ਦਾਅਵਾ, 25 ਲੱਖ ਪਰਿਵਾਰਾਂ ਦਾ ਬਿੱਲ ਆਇਆ ‘ਜ਼ੀਰੋ’

09/03/2022 5:09:26 PM

ਅੰਮ੍ਰਿਤਸਰ (ਗੁਰਿੰਦਰ ਸਾਗਰ)-ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ., ਜਿਨ੍ਹਾਂ ਕੋਲ ਹੋਰ ਵਿਭਾਗਾਂ ਦੇ ਨਾਲ-ਨਾਲ ਬਿਜਲੀ ਵਿਭਾਗ ਦੀ ਜ਼ਿੰਮੇਵਾਰੀ ਵੀ ਹੈ, ਨੇ ਪੰਜਾਬ ਸਰਕਾਰ ਵੱਲੋਂ ਘਰੇਲੂ ਖਪਤਕਾਰਾਂ ਦੀ ਕੀਤੀ ਗਈ ਬਿੱਲ ਮੁਆਫ਼ੀ ਬਾਰੇ ਖ਼ੁਲਾਸਾ ਕਰਦਿਆਂ ਦੱਸਿਆ ਕਿ ਇਸ ਵਾਰ ਸਰਕਾਰ ਵੱਲੋਂ 300 ਯੂਨਿਟ ਪ੍ਰਤੀ ਮਹੀਨਾ ਦਿੱਤੀ ਗਈ ਛੋਟ ਕਾਰਨ ਸੂਬੇ ਦੇ 25 ਲੱਖ ਘਰੇਲੂ ਖਪਤਕਾਰਾਂ ਦੇ ਬਿਜਲੀ ਬਿੱਲ ਜ਼ੀਰੋ ਆਏ ਹਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਰਭਜਨ ਸਿੰਘ ਨੇ ਕਿਹਾ ਕਿ ਪਹਿਲੀ ਵਾਰ ਹੈ ਕਿ ਸਰਕਾਰ ਸ਼ੁਰੂਆਤੀ ਸਾਲ ਵਿਚ ਹੀ ਆਪਣੇ ਚੋਣ ਵਾਅਦੇ ਪੂਰੇ ਕਰ ਰਹੀ ਹੈ, ਨਹੀਂ ਤਾਂ ਸਰਕਾਰਾਂ ਨਿੱਕੇ-ਨਿੱਕੇ ਚੋਣ ਵਾਅਦੇ ਆਪਣੀ ਸੱਤਾ ਦੇ ਆਖਰੀ ਸਾਲ ’ਚ ਹੀ ਪੂਰੇ ਕਰਦੀਆਂ ਰਹੀਆਂ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਬਿਜਲੀ ਮੁਆਫੀ ਵਿਚ ਕੋਈ ਜਾਤ-ਧਰਮ ਨਾਲ ਵਿਤਕਰਾ ਨਹੀਂ ਕੀਤਾ ਗਿਆ, ਹਰੇਕ ਘਰ ਜੋ 600 ਯੂਨਿਟ ਤੱਕ ਬਿਜਲੀ ਖਪਤ ਕਰੇਗਾ, ਦਾ ਬਿਜਲੀ ਬਿੱਲ ਜ਼ੀਰੋ ਆਵੇਗਾ। ਇਸ ਤੋਂ ਵੱਧ ਜੋ ਬਿਜਲੀ ਵਰਤੇਗਾ, ਉਸ ਨੂੰ ਬਿਜਲੀ ਬਿੱਲ ਦੇਣਾ ਪਵੇਗਾ।

ਇਹ ਖ਼ਬਰ ਵੀ ਪੜ੍ਹੋ : ਵਿੱਤ ਵਿਭਾਗ ਨੇ ਤਿੰਨ ਉੱਚ ਸਿੱਖਿਆ ਸੰਸਥਾਵਾਂ ਨੂੰ 15 ਕਰੋੜ ਰੁਪਏ ਜਾਰੀ ਕਰਨ ਦੀ ਦਿੱਤੀ ਪ੍ਰਵਾਨਗੀ

ਕੈਬਨਿਟ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੀਤੇ ਗਏ 300 ਯੂਨਿਟ ਬਿਜਲੀ ਮੁਆਫ਼ੀ ਨਾਲ ਬਿੱਲ ਸਰਕਲ ਦੋ ਮਹੀਨਿਆਂ ਦਾ ਹੋਣ ਕਾਰਨ ਖਪਤਕਾਰਾਂ ਨੂੰ 600 ਯੂਨਿਟ ਮੁਫ਼ਤ ਬਿਜਲੀ ਮਿਲੀ, ਜੋ ਇਕ ਆਮ ਘਰ ਦੀ ਲੋੜ ਤੋਂ ਵੱਧ ਹੈ। ਉਨ੍ਹਾਂ ਦੱਸਿਆ ਕਿ ਇਕ ਜੁਲਾਈ ਤੋਂ ਦਿੱਤੀ ਗਈ ਬਿਜਲੀ ਮੁਆਫ਼ੀ ਕਾਰਨ ਅਗਸਤ ਮਹੀਨੇ ਜੋ ਬਿੱਲ ਆਏ ਹਨ, ਉਨ੍ਹਾਂ ਵਿਚੋਂ 25 ਲੱਖ ਖਪਤਕਾਰਾਂ ਨੂੰ ਬਿੱਲ ਨਹੀਂ ਭਰਨਾ ਪਵੇਗਾ। ਉਨ੍ਹਾਂ ਦੱਸਿਆ ਕਿ ਬੀਤੇ ਦਿਨ ਤੱਕ ਕੁੱਲ 72 ਲੱਖ ਘਰੇਲੂ ਖਪਤਕਾਰਾਂ ’ਚੋਂ 42 ਲੱਖ ਖਪਤਕਾਰਾਂ ਨੂੰ ਬਿੱਲ ਭੇਜ ਦਿੱਤਾ ਗਿਆ ਸੀ, ਜਿਸ ’ਚੋਂ 25 ਲੱਖ ਪਰਿਵਾਰਾਂ ਨੂੰ ਜ਼ੀਰੋ ਬਿੱਲ ਆਇਆ ਹੈ। ਇਸ ਤੋਂ ਇਲਾਵਾ 34 ਲੱਖ ਪਰਿਵਾਰਾਂ ਨੂੰ ਤਿੰਨ ਰੁਪਏ ਪ੍ਰਤੀ ਯੂਨਿਟ ਨਾਲ ਰਿਆਇਤੀ ਬਿਜਲੀ ਦਾ ਲਾਭ ਮਿਲਿਆ ਹੈ। ਹਰਭਜਨ ਸਿੰਘ ਨੇ ਕਿਹਾ ਕਿ ਇਨ੍ਹਾਂ ਦੋ ਮਹੀਨਿਆਂ ’ਚ ਸਖ਼ਤ ਗਰਮੀ ਕਾਰਨ ਖਪਤ ਆਮ ਮਹੀਨਿਆਂ ਨਾਲੋਂ ਵੱਧ ਰਹਿੰਦੀ ਹੈ, ਸੋ ਗਰਮੀ ਘੱਟ ਹੋਣ ਕਾਰਨ ਆਉਣ ਵਾਲੇ ਮਹੀਨਿਆਂ ’ਚ ਤਕਰੀਬਨ 85 ਫੀਸਦੀ ਖਪਤਕਾਰਾਂ ਨੂੰ ਬਿਜਲੀ ਮੁਆਫੀ ਦਾ ਲਾਭ ਮਿਲੇਗਾ। ਇਸ ਮੌਕੇ ਬਿਜਲੀ ਅਧਿਕਾਰੀ ਜਤਿੰਦਰ ਸਿੰਘ ਤੇ ਹੋਰ ਪਤਵੰਤੇ ਵੀ ਹਾਜ਼ਰ ਸਨ।


Manoj

Content Editor

Related News