ਘਰੇਲੂ ਬਿਜਲੀ ਕੁਨੈਕਸ਼ਨ ਬਾਰੇ ਰਿਪੋਰਟ ਭੇਜਣ ਬਦਲੇ ਮੰਗੀ ਰਿਸ਼ਵਤ, ਰੰਗੇ ਹੱਥੀਂ ਗ੍ਰਿਫ਼ਤਾਰ

Thursday, Jun 06, 2024 - 05:18 PM (IST)

ਘਰੇਲੂ ਬਿਜਲੀ ਕੁਨੈਕਸ਼ਨ ਬਾਰੇ ਰਿਪੋਰਟ ਭੇਜਣ ਬਦਲੇ ਮੰਗੀ ਰਿਸ਼ਵਤ, ਰੰਗੇ ਹੱਥੀਂ ਗ੍ਰਿਫ਼ਤਾਰ

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਵੀਰਵਾਰ ਨੂੰ ਪੀ. ਐੱਸ. ਪੀ. ਸੀ. ਐੱਲ. ਦਫ਼ਤਰ, ਫੋਕਲ ਪੁਆਇੰਟ ਬਟਾਲਾ, ਜ਼ਿਲ੍ਹਾ ਗੁਰਦਾਸਪੁਰ ਵਿਖੇ ਤਾਇਨਾਤ ਲਾਈਨਮੈਨ ਸੁਖਵਿੰਦਰ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਲਾਈਨਮੈਨ ਨੂੰ ਬਲਕਾਰ ਸਿੰਘ ਵਾਸੀ ਫੈਜ਼ਪੁਰਾ, ਤਹਿਸੀਲ ਬਟਾਲਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਪਰੋਕਤ ਲਾਈਨਮੈਨ ਨੇ ਉਸਦੇ ਨਵੇਂ ਲੱਗਣ ਵਾਲੇ ਘਰੇਲੂ ਬਿਜਲੀ ਕੁਨੈਕਸ਼ਨ ਬਾਰੇ ਠੀਕ ਰਿਪੋਰਟ ਭੇਜਣ ਬਦਲੇ 5,000 ਰੁਪਏ ਦੀ ਮੰਗ ਕੀਤੀ ਹੈ।

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਵੱਲੋਂ ਜਾਲ ਵਿਛਾਇਆ ਗਿਆ ਅਤੇ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿਚ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਚ ਮੁਲਜ਼ਮ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਮੁਲਜ਼ਮ ਨੂੰ ਭਲਕੇ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ ਅਤੇ ਹੋਰ ਪੁੱਛਗਿੱਛ ਜਾਰੀ ਹੈ।


author

Gurminder Singh

Content Editor

Related News