ਕਰੰਟ ਲੱਗਣ ਨਾਲ ਬਿਜਲੀ ਮੁਲਾਜ਼ਮ ਦੀ ਮੌਤ, ਪਰਿਵਾਰ ਨੇ ਸੜਕ ਕੀਤੀ ਜਾਮ

Saturday, Jun 13, 2026 - 07:12 AM (IST)

ਕਰੰਟ ਲੱਗਣ ਨਾਲ ਬਿਜਲੀ ਮੁਲਾਜ਼ਮ ਦੀ ਮੌਤ, ਪਰਿਵਾਰ ਨੇ ਸੜਕ ਕੀਤੀ ਜਾਮ

ਸੁਲਤਾਨਪੁਰ ਲੋਧੀ (ਗੁਰਪ੍ਰੀਤ) : ਡਿਊਟੀ ਦੌਰਾਨ ਕਰੰਟ ਲੱਗਣ ਕਾਰਨ ਬਿਜਲੀ ਵਿਭਾਗ ਦੇ ਇੱਕ ਨੌਜਵਾਨ ਲਾਈਨਮੈਨ ਦੀ ਮੌਤ ਹੋ ਜਾਣ ਤੋਂ ਬਾਅਦ ਇਲਾਕੇ ਵਿੱਚ ਗੁੱਸੇ ਦੀ ਲਹਿਰ ਫੈਲ ਗਈ। ਮ੍ਰਿਤਕ ਦੇ ਪਿੰਡ ਵਾਸੀਆਂ, ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਅਤੇ ਜਥੇਬੰਦੀਆਂ ਨੇ 66 ਕੇਵੀ ਬਿਜਲੀ ਸਬ ਸਟੇਸ਼ਨ ਲੋਹੀਆਂ ਖਾਸ ਦੇ ਬਾਹਰ ਧਰਨਾ ਲਗਾ ਕੇ ਸੜਕ ਜਾਮ ਕਰ ਦਿੱਤੀ ਅਤੇ ਸੰਬੰਧਿਤ ਅਧਿਕਾਰੀਆਂ ਖ਼ਿਲਾਫ਼ ਮਾਮਲਾ ਦਰਜ ਕਰਨ ਦੀ ਮੰਗ ਕੀਤੀ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਵੱਲੋਂ ਵਿਭਾਗ ਦੇ ਖਿਲਾਫ ਜ਼ਬਰਦਸਤ ਨਾਅਰੇਬਾਜ਼ੀ ਵੀ ਕੀਤੀ ਜਾ ਰਹੀ ਹੈ।

ਮ੍ਰਿਤਕ ਦੀ ਪਹਿਚਾਣ ਓਂਕਾਰ ਸਿੰਘ (ਕਰੀਬ 30 ਸਾਲ) ਪੁੱਤਰ ਪਰਮਜੀਤ ਸਿੰਘ ਵਾਸੀ ਪਿੰਡ ਰਾਮਪੁਰ ਜਗੀਰ ਸੁਲਤਾਨਪੁਰ ਲੋਧੀ ਵਜੋਂ ਹੋਈ ਹੈ। ਉਹ ਲੋਹੀਆਂ ਬਿਜਲੀ ਦਫ਼ਤਰ ਵਿੱਚ ਲਾਈਨਮੈਨ ਵਜੋਂ ਤਾਇਨਾਤ ਸੀ ਅਤੇ ਆਪਣੇ ਬਜ਼ੁਰਗ ਮਾਪਿਆਂ ਦਾ ਇਕਲੌਤਾ ਸਹਾਰਾ ਸੀ। ਜਾਣਕਾਰੀ ਅਨੁਸਾਰ ਓਂਕਾਰ ਸਿੰਘ ਪਿੰਡ ਟੁਰਨਾ ਵਿਖੇ ਬਿਜਲੀ ਲਾਈਨ ਦੀ ਮੁਰੰਮਤ ਦਾ ਕੰਮ ਕਰ ਰਿਹਾ ਸੀ। ਇਸ ਦੌਰਾਨ ਉਸ ਨੂੰ ਅਚਾਨਕ ਕਰੰਟ ਲੱਗ ਗਿਆ, ਜਿਸ ਕਾਰਨ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਉਸ ਨੂੰ ਤੁਰੰਤ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਪਰ ਡਾਕਟਰਾਂ ਵੱਲੋਂ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।

ਘਟਨਾ ਤੋਂ ਬਾਅਦ ਪਰਿਵਾਰਕ ਮੈਂਬਰਾਂ ਅਤੇ ਮੁਲਾਜ਼ਮ ਜਥੇਬੰਦੀਆਂ ਦੇ ਆਗੂਆਂ ਨੇ ਬਿਜਲੀ ਵਿਭਾਗ ਦੇ ਕੁਝ ਅਧਿਕਾਰੀਆਂ 'ਤੇ ਗੰਭੀਰ ਲਾਪਰਵਾਹੀ ਦੇ ਦੋਸ਼ ਲਗਾਏ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਜੇਈ ਦੀ ਕਥਿਤ ਲਾਪਰਵਾਹੀ ਅਤੇ ਸੁਰੱਖਿਆ ਪ੍ਰਬੰਧਾਂ ਵਿੱਚ ਕਮੀ ਕਾਰਨ ਇਹ ਦਰਦਨਾਕ ਹਾਦਸਾ ਵਾਪਰਿਆ ਹੈ। ਪ੍ਰਦਰਸ਼ਨਕਾਰੀਆਂ ਨੇ ਮੰਗ ਕੀਤੀ ਕਿ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਤੁਰੰਤ ਪਰਚਾ ਦਰਜ ਕੀਤਾ ਜਾਵੇ ਅਤੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿੱਤਾ ਜਾਵੇ। ਧਰਨਾਕਾਰੀਆਂ ਨੇ ਇਹ ਵੀ ਮੰਗ ਕੀਤੀ ਕਿ ਮ੍ਰਿਤਕ ਦੇ ਪਰਿਵਾਰ ਨੂੰ ਯੋਗ ਮੁਆਵਜ਼ਾ ਦਿੱਤਾ ਜਾਵੇ ਅਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਨੌਕਰੀ ਦੇ ਕੇ ਆਰਥਿਕ ਸਹਾਇਤਾ ਪ੍ਰਦਾਨ ਕੀਤੀ ਜਾਵੇ। ਕਈ ਘੰਟਿਆਂ ਤੱਕ ਚੱਲੇ ਧਰਨੇ ਕਾਰਨ ਆਵਾਜਾਈ ਵੀ ਪ੍ਰਭਾਵਿਤ ਹੋਈ।

ਦੂਜੇ ਪਾਸੇ, ਸੰਬੰਧਤ ਬਿਜਲੀ ਵਿਭਾਗ ਦੀ ਐੱਸਡੀਓ ਨੇ ਕਿਹਾ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜਾਂਚ ਦੌਰਾਨ ਜੇਕਰ ਕਿਸੇ ਵੀ ਅਧਿਕਾਰੀ ਜਾਂ ਕਰਮਚਾਰੀ ਦੀ ਲਾਪਰਵਾਹੀ ਸਾਹਮਣੇ ਆਉਂਦੀ ਹੈ ਤਾਂ ਉਸ ਨੂੰ ਕਿਸੇ ਵੀ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਬਣਦੀ ਵਿਭਾਗੀ ਕਾਰਵਾਈ ਕੀਤੀ ਜਾਵੇਗੀ।

ਉਧਰ, ਮਾਮਲੇ ਦੀ ਸੂਚਨਾ ਮਿਲਦੇ ਹੀ ਪੁਲਸ ਵੀ ਮੌਕੇ 'ਤੇ ਪਹੁੰਚ ਗਈ। ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਬਿਜਲੀ ਵਿਭਾਗ ਦੇ ਅਧਿਕਾਰੀਆਂ ਨਾਲ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ ਅਤੇ ਪੀੜਤ ਪਰਿਵਾਰ ਦੇ ਬਿਆਨਾਂ ਦੇ ਆਧਾਰ 'ਤੇ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਫਿਲਹਾਲ, ਨੌਜਵਾਨ ਲਾਈਨਮੈਨ ਦੀ ਮੌਤ ਨੇ ਪਰਿਵਾਰ ਨੂੰ ਗਹਿਰਾ ਸਦਮਾ ਦਿੱਤਾ ਹੈ। ਆਪਣਾ ਇਕਲੌਤਾ ਸਹਾਰਾ ਗੁਆ ਬੈਠੇ ਪਰਿਵਾਰ ਦੀਆਂ ਅੱਖਾਂ ਇਨਸਾਫ਼ ਦੀ ਉਡੀਕ ਵਿੱਚ ਹਨ, ਜਦਕਿ ਪ੍ਰਸ਼ਾਸਨ ਅਤੇ ਵਿਭਾਗੀ ਅਧਿਕਾਰੀ ਮਾਮਲੇ ਨੂੰ ਸ਼ਾਂਤੀਪੂਰਨ ਢੰਗ ਨਾਲ ਸੁਲਝਾਉਣ ਲਈ ਯਤਨ ਕਰ ਰਹੇ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 


author

Baljit Singh

Content Editor

Related News