ਪੰਜਾਬ ''ਚ ਬਿਜਲੀ ਵਾਲੇ ਮੀਟਰਾਂ ਨੂੰ ਲੈ ਕੇ ਵੱਡੀ ਖ਼ਬਰ, ਹੁਣ ਚਿੱਪ ਵਾਲੇ ਮੀਟਰ...

Wednesday, Jan 21, 2026 - 06:19 PM (IST)

ਪੰਜਾਬ ''ਚ ਬਿਜਲੀ ਵਾਲੇ ਮੀਟਰਾਂ ਨੂੰ ਲੈ ਕੇ ਵੱਡੀ ਖ਼ਬਰ, ਹੁਣ ਚਿੱਪ ਵਾਲੇ ਮੀਟਰ...

ਟਾਂਡਾ ਉੜਮੁੜ (ਪੰਡਿਤ) : ਕਿਸਾਨ ਮਜ਼ਦੂਰ ਮੋਰਚਾ ਦੇ ਸੱਦੇ 'ਤੇ ਬਿਜਲੀ ਸੋਧ ਐਕਟ ਦਾ ਵਿਰੋਧ ਕਰਦੇ ਹੋਏ ਕਿਸਾਨ ਜਥੇਬੰਦੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਅੱਜ ਵੱਖ-ਵੱਖ ਪਿੰਡਾਂ ਵਿਚ ਬਿਜਲੀ ਦੇ ਚਿੱਪ ਵਾਲੇ ਮੀਟਰ ਉਤਾਰ ਕੇ ਮਹਿਕਮੇ ਦੇ ਦਫਤਰ ਦਿੱਤੇ ਗਏ ਹਨ| ਸੂਬਾਈ ਆਗੂ ਸਵਿੰਦਰ ਸਿੰਘ ਚੁਤਾਲਾ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਭੁੱਲਾ, ਜੋਨ ਆਗੂ ਗਣੇਸ਼ ਦੋਸਾਂਝ ਨੱਥੂਪੁਰੀਆਂ ਅਤੇ ਗੁਰਜੀਤ ਸਿੰਘ ਕੰਗ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਜਥੇਬੰਦੀ ਦੀ ਟੀਮ ਵੱਲੋਂ ਪਿੰਡ ਅਬਦੁੱਲਾਪੁਰ,ਮਿਆਣੀ ਅਤੇ ਗੁਰੂ ਨਾਨਕ ਦਰਬਾਰ ਕਲੋਨੀ ਵਿਚੋਂ ਅਨੇਕਾਂ ਬਿਜਲੀ ਦੇ ਚਿੱਪ ਵਾਲੇ ਮੀਟਰ ਉਤਾਰ ਕੇ ਬਿਜਲੀ ਘਰ ਮਿਆਣੀ ਆ ਕੇ ਅਧਿਕਾਰੀਆਂ ਦੇ ਸਪੁਰਦ ਦਰਜ ਕਰਦੇ ਹੋਏ ਚਿੱਪ ਵਾਲੇ ਮੀਟਰਾਂ ਅਤੇ ਬਿਜਲੀ ਦੇ ਸੰਭਾਵਿਤ ਨਿੱਜੀਕਰਨ ਖਿਲਾਫ ਵਿਰੋਧ ਦਰਜ ਕਰਵਾਇਆ। 

ਇਹ ਵੀ ਪੜ੍ਹੋ : ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਵਿਧਾਨ ਸਭਾ ਚੋਣਾਂ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਐਲਾਨ

ਇਸ ਦੌਰਾਨ ਪਿੰਡ ਅਬਦੁੱਲਾਪੁਰ ਵਿਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਇਕਾਈ ਵੱਲੋਂ ਬਿਜਲੀ ਵਿਭਾਗ ਦੀਆਂ ਨੀਤੀਆਂ ਅਤੇ ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਬਿਜਲੀ ਸੋਧ ਐਕਟ ਦੇ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਰੋਸ ਪ੍ਰਦਰਸ਼ਨ ਨੂੰ ਸੰਬੋਧਨ ਕਰਦਿਆਂ ਸੰਘਰਸ਼ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ਭੁੱਲਾ ਨੇ ਕਿਹਾ ਕਿ ਚਿੱਪ ਵਾਲੇ ਮੀਟਰ ਲਗਾਉਣਾ ਕਿਸਾਨਾਂ ਅਤੇ ਗਰੀਬ ਮਜ਼ਦੂਰ ਵਰਗ ਦੇ ਹੱਕਾਂ ਉੱਤੇ ਸਿੱਧਾ ਹਮਲਾ ਹੈ। ਉਨ੍ਹਾਂ ਦਾ ਕਹਿਣਾ ਸੀ ਕਿ ਇਹ ਮੀਟਰ ਪ੍ਰੀਪੇਡ ਪ੍ਰਣਾਲੀ ਵੱਲ ਧੱਕਦੇ ਹਨ, ਜਿਸ ਨਾਲ ਬਿਜਲੀ ਮਹਿੰਗੀ ਹੋਵੇਗੀ ਅਤੇ ਕਿਸਾਨਾਂ ਨੂੰ ਖੇਤੀਬਾੜੀ ਦੇ ਕੰਮਾਂ ਲਈ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇਗਾ। ਆਗੂਆਂ ਨੇ ਦੋਸ਼ ਲਗਾਇਆ ਕਿ ਸਰਕਾਰ ਕਾਰਪੋਰੇਟ ਘਰਾਣਿਆਂ ਨੂੰ ਫ਼ਾਇਦਾ ਪਹੁੰਚਾਉਣ ਲਈ ਬਿਜਲੀ ਖੇਤਰ ਨੂੰ ਨਿੱਜੀਕਰਨ ਵੱਲ ਧੱਕ ਰਹੀ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਸ਼ੁੱਕਰਵਾਰ ਨੂੰ ਰਾਖਵੀਂ ਛੁੱਟੀ

ਉਨ੍ਹਾਂ ਕਿਹਾ ਕਿ ਬਿਜਲੀ ਸੋਧ ਐਕਟ ਲਾਗੂ ਹੋਣ ਨਾਲ ਮੁਫ਼ਤ ਜਾਂ ਸਸਤੀ ਬਿਜਲੀ ਦੀ ਸਹੂਲਤ ਖ਼ਤਮ ਹੋ ਜਾਵੇਗੀ ਅਤੇ ਕਿਸਾਨਾਂ ਦੀ ਲਾਗਤ ਵਿਚ ਵਾਧਾ ਹੋਵੇਗਾ, ਜਿਸ ਨਾਲ ਪਹਿਲਾਂ ਹੀ ਕਰਜ਼ੇ ਦੇ ਬੋਝ ਹੇਠ ਦੱਬੇ ਕਿਸਾਨ ਹੋਰ ਮੁਸੀਬਤ ਵਿਚ ਫਸ ਜਾਣਗੇ। ਬਿਜਲੀ ਮਹਿਕਮੇ ਵਿਚ ਸਰਕਾਰੀ ਭਰਤੀਆਂ ਬੰਦ ਹੋ ਜਾਣਗੀਆਂ। ਸੰਘਰਸ਼ ਕਮੇਟੀ ਨੇ ਮੰਗ ਕੀਤੀ ਕਿ ਚਿੱਪ ਵਾਲੇ ਮੀਟਰ ਤੁਰੰਤ ਹਟਾਏ ਜਾਣ ਅਤੇ ਬਿਜਲੀ ਸੋਧ ਐਕਟ ਨੂੰ ਰੱਦ ਕਰਕੇ ਲੋਕਾਂ ਦੇ ਹਿੱਤਾਂ ਅਨੁਸਾਰ ਨੀਤੀ ਬਣਾਈ ਜਾਵੇ। ਇਸ ਮੌਕੇ ਕਿਸਾਨਾਂ ਅਤੇ ਮਜ਼ਦੂਰਾਂ ਨੇ ਇਕਜੁਟਤਾ ਦਾ ਪ੍ਰਗਟਾਵਾ ਕਰਦੇ ਹੋਏ ਐਲਾਨ ਕੀਤਾ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨੂੰ ਅਣਡਿੱਠਾ ਕੀਤਾ ਤਾਂ ਆਉਣ ਵਾਲੇ ਦਿਨਾਂ ਵਿਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ ਅਤੇ ਵੱਡੇ ਪੱਧਰ ‘ਤੇ ਅੰਦੋਲਨ ਛੇੜਿਆ ਜਾਵੇਗਾ। ਰੋਸ ਪ੍ਰਦਰਸ਼ਨ ਦੌਰਾਨ ਵੱਡੀ ਗਿਣਤੀ ਵਿੱਚ ਕਿਸਾਨ, ਮਜ਼ਦੂਰ ਅਤੇ ਪਿੰਡ ਵਾਸੀ ਹਾਜ਼ਰ  ਸਨ। 

ਇਹ ਵੀ ਪੜ੍ਹੋ : ਪਾਵਰਕਾਮ ਨੇ ਡਿਫਾਲਟਰਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਕੀਤੀ ਕਾਰਵਾਈ, ਕੁਨੈਕਸ਼ਨ ਕੱਟਣਗੀਆਂ 13 ਟੀਮਾਂ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News