ਬਿਜਲੀ ਦੇ ਲੰਬੇ-ਲੰਬੇ ਕੱਟਾਂ ਤੋਂ ਦੁਕਾਨਦਾਰ ਅਤੇ ਲੋਕ ਪਰੇਸ਼ਾਨ

11/18/2017 11:44:56 AM

ਘੋਗਰਾ (ਸੁਰਜੀਤ)— ਕੁਝ ਮਹੀਨੇ ਪਹਿਲਾਂ ਬਣੀ ਸੂਬਾ ਸਰਕਾਰ ਲੋਕਾਂ ਨੂੰ 24 ਘੰਟੇ ਬਿਜਲੀ ਸਪਲਾਈ ਦੇਣ ਦੇ ਦਾਅਵੇ ਕਰਦੀ ਹੈ ਪਰ ਦੂਜੇ ਪਾਸੇ ਇਨ੍ਹਾਂ ਦਾਅਵਿਆਂ ਦੇ ਉਲਟ ਘੋਗਰਾ ਦੇ ਆਸ-ਪਾਸ ਇਲਾਕੇ ਅੰਦਰ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਬਿਜਲੀ ਦੇ ਕੱਟ ਲੱਗ ਰਹੇ ਹਨ। ਇਲਾਕੇ ਦੇ ਦੁਕਾਨਦਾਰਾਂ ਨੇ ਦੱਸਿਆ ਕਿ ਪਿਛਲੇ ਕੁਝ ਦਿਨਾਂ ਤੋਂ ਇਲਾਕੇ 'ਚ ਬਿਜਲੀ ਦੇ ਲਗਾਤਾਰ ਲੰਬੇ-ਲੰਬੇ ਕੱਟ ਲੱਗ ਰਹੇ ਹਨ, ਜਿਸ ਕਰ ਕੇ ਉਨ੍ਹਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕੁਝ ਦੁਕਾਨਦਾਰਾਂ ਦਾ ਕਹਿਣਾ ਹੈ ਕਿ ਪਹਿਲਾਂ ਸਰਕਾਰ ਨੇ ਨੋਟਬੰਦੀ ਨਾਲ ਲੋਕਾਂ ਦਾ ਕਚੂੰਮਰ ਕੱਢ ਕੇ ਰੱਖ ਦਿੱਤਾ, ਫਿਰ ਜੀ. ਐੱਸ. ਟੀ. ਪ੍ਰਣਾਲੀ ਲਾਗੂ ਹੋਣ ਨਾਲ ਛੋਟੇ ਕਾਰੋਬਾਰ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਪਰ ਹੁਣ ਕੰਮਾਂਕਾਰਾਂ ਦਾ ਸੀਜ਼ਨ ਹੋਣ ਕਰ ਕੇ ਬਿਜਲੀ ਦੇ ਕੱਟ ਲੱਗਣ ਕਰ ਕੇ ਕੰਮ ਪੂਰੀ ਤਰ੍ਹਾਂ ਠੱਪ ਹੋ ਰਹੇ ਹਨ। ਜੇਕਰ ਸਰਕਾਰ ਸਾਡੇ ਨਾਲ ਇਸ ਤਰ੍ਹਾਂ ਹੀ ਕਰਦੀ ਰਹੀ ਤਾਂ ਉਹ ਇਕ ਦਿਨ ਬੇਰੋਜ਼ਗਾਰ ਹੋ ਜਾਣਗੇ।
ਇਸ ਸਬੰਧੀ ਸਬ-ਡਿਵੀਜ਼ਨ ਘੋਗਰਾ ਵਿਖੇ ਫੋਨ 'ਤੇ ਸੰਪਰਕ ਕੀਤਾ ਤਾਂ ਐੱਸ. ਡੀ. ਓ. ਜਤਿੰਦਰਪਾਲ ਨੇ ਦੱਸਿਆ ਕਿ ਨਵੀਂ ਲਾਈਨ ਪਾਈ ਜਾ ਰਹੀ ਹੈ, ਜਿਸ ਕਰਕੇ ਬਿਜਲੀ ਸਪਲਾਈ ਬੰਦ ਕੀਤੀ ਜਾ ਰਹੀ ਹੈ। ਜਲਦ ਨਵੀਂ ਲਾਈਨ ਦਾ ਕੰਮ ਖਤਮ ਕਰਕੇ ਸਪਲਾਈ 24 ਘੰਟੇ ਬਹਾਲ ਕੀਤੀ ਜਾਵੇਗੀ।