ਬਿਜਲੀ ਦਰਾਂ ਬਾਰੇ ਗੱਲਬਾਤ ਲਈ ''ਆਪ'' ਨੇ ਕੈਪਟਨ ਤੋਂ ਮੰਗਿਆ ਸਮਾਂ

06/22/2019 9:38:38 AM

ਚੰਡੀਗੜ੍ਹ (ਰਮਨਜੀਤ)— ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਮਹਿੰਗੀਆਂ ਬਿਜਲੀ ਦਰਾਂ ਦੇ ਮੁੱਦੇ 'ਤੇ ਮੁੱਖ ਮੰਤਰੀ ਕੈ. ਅਮਰਿੰਦਰ ਸਿੰਘ ਤੋਂ ਮੁਲਾਕਾਤ ਦਾ ਸਮਾਂ ਮੰਗਿਆ ਹੈ। 'ਆਪ' ਮੁੱਖ ਦਫ਼ਤਰ ਵੱਲੋਂ ਜਾਰੀ ਪੱਤਰ ਮੁਤਾਬਕ ਪਾਰਟੀ ਦੇ ਵਿਧਾਨਕਾਰ ਗਰੁੱਪ ਦੇ ਜ਼ਰੀਏ ਸੀਨੀਅਰ ਆਗੂ ਅਤੇ ਵਿਧਾਇਕ ਅਮਨ ਅਰੋੜਾ ਨੇ ਲਿਖਿਆ ਹੈ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਨਾਲ ਵੱਡੇ-ਵੱਡੇ ਵਾਅਦੇ ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੀ ਕਾਂਗਰਸ ਪਾਰਟੀ ਨੇ ਕੀਤੇ ਸਨ, ਜਿਨ੍ਹਾਂ 'ਚ ਘਰੇਲੂ ਵਪਾਰਕ ਅਤੇ ਉਦਯੋਗਿਕ ਖੇਤਰ ਸਮੇਤ ਸਾਰੇ ਵਰਗਾਂ ਦੇ ਬਿਜਲੀ ਖਪਤਕਾਰਾਂ ਨੂੰ ਵਾਜਬ ਦਰਾਂ ਉੱਤੇ ਸਸਤੀ ਬਿਜਲੀ ਦੇਣ ਦਾ ਵੀ ਇਕ ਅਹਿਮ ਵਾਅਦਾ ਸੀ।

ਇਹ ਵਾਅਦਾ ਯਾਦ ਕਰਾਉਂਦੇ ਹੋਏ ਅਮਨ ਅਰੋੜਾ ਨੇ ਦੱਸਿਆ ਕਿ ਪੰਜਾਬ ਅੱਜ ਦੂਸਰਿਆਂ ਸੂਬਿਆਂ ਦੇ ਮੁਕਾਬਲੇ ਪੰਜਾਬ 'ਚ ਅੱਜ ਸਭ ਤੋਂ ਮਹਿੰਗੀ ਬਿਜਲੀ ਮਿਲ ਰਹੀ ਹੈ, ਜਿਸ ਦਾ ਮੁੱਖ ਕਾਰਣ ਪਿਛਲੀ ਬਾਦਲ ਸਰਕਾਰ ਵੱਲੋਂ ਪ੍ਰਾਈਵੇਟ ਥਰਮਲ ਪਲਾਂਟਾਂ ਨਾਲ ਕੀਤੇ ਗਏ ਮਹਿੰਗੇ ਬਿਜਲੀ ਖ਼ਰੀਦ ਸਮਝੌਤੇ (ਪੀਪੀਏਜ਼) ਹਨ। ਜਿਨ੍ਹਾਂ ਬਾਰੇ ਚੋਣਾਂ ਮੌਕੇ ਤੁਸੀਂ (ਕੈਪਟਨ) ਅਤੇ ਕਾਂਗਰਸ ਨੇ ਵਾਅਦਾ ਕੀਤਾ ਸੀ ਕਿ ਸਰਕਾਰ ਬਣਨ 'ਤੇ ਇਹ ਮਹਿੰਗੇ ਬਿਜਲੀ ਖ਼ਰੀਦ ਸਮਝੌਤੇ ਰੱਦ ਕਰ ਦਿੱਤੇ ਜਾਣਗੇ ਅਤੇ ਨਵੇਂ ਸਿਰਿਓਂ ਸਸਤੇ ਅਤੇ ਵਾਜਬ ਦਰਾਂ 'ਤੇ ਬਿਜਲੀ ਖਰੀਦੀ ਜਾਵੇਗੀ ਪਰ ਕੈਪਟਨ ਸਰਕਾਰ ਅਜਿਹਾ ਕਰਨ 'ਚ ਅਸਫਲ ਰਹੀ ਹੈ। ਨਤੀਜੇ ਵਜੋਂ ਅਗਲੇ 25 ਸਾਲਾਂ 'ਚ ਪੰਜਾਬ ਇਨ੍ਹਾਂ ਨਿੱਜੀ ਥਰਮਲ ਪਲਾਂਟਾਂ ਨੂੰ 25 ਹਜ਼ਾਰ ਕਰੋੜ ਰੁਪਏ ਦਾ ਬਿਨਾਂ ਵਜ੍ਹਾ ਭੁਗਤਾਨ ਕਰੇਗਾ, ਜੋ ਸੂਬੇ ਅਤੇ ਸੂਬੇ ਦੇ ਲੋਕਾਂ ਦੀ ਅੰਨ੍ਹੀ ਲੁੱਟ ਹੈ। ਅਮਨ ਅਰੋੜਾ ਨੇ ਇਹ ਵੀ ਦੱਸਿਆ ਕਿ ਉਨ੍ਹਾਂ ਸਮੇਤ ਆਮ ਆਦਮੀ ਪਾਰਟੀ ਨੇ ਪੰਜਾਬ ਵਿਧਾਨ ਸਭਾ 'ਚ ਇਹ ਮੁੱਦਾ ਪ੍ਰਮੁੱਖਤਾ ਨਾਲ ਉਠਾਇਆ ਸੀ ਪਰ ਕੈਪਟਨ ਸਰਕਾਰ ਨੇ ਪੰਜਾਬ ਦੇ ਖ਼ਜ਼ਾਨੇ ਅਤੇ ਸਾਰੇ ਬਿਜਲੀ ਖਪਤਕਾਰਾਂ ਨੂੰ ਰਾਹਤ ਦੇਣ ਲਈ ਕੋਈ ਠੋਸ ਕਦਮ ਨਹੀਂ ਉਠਾਇਆ।

Shyna

This news is Content Editor Shyna