ਮੁਲਾਜ਼ਮਾਂ ਲਈ ਰਾਹਤ ਭਰੀ ਖਬਰ, ਪੰਜਾਬ ਸਰਕਾਰ ਨੇ ਕੀਤਾ ਵੱਡਾ ਐਲਾਨ

Monday, Aug 11, 2025 - 06:13 PM (IST)

ਮੁਲਾਜ਼ਮਾਂ ਲਈ ਰਾਹਤ ਭਰੀ ਖਬਰ, ਪੰਜਾਬ ਸਰਕਾਰ ਨੇ ਕੀਤਾ ਵੱਡਾ ਐਲਾਨ

ਚੰਡੀਗੜ੍ਹ : ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਪਾਵਰਕਾਮ ਦੇ ਹੜਤਾਲੀ ਕਰਮਚਾਰੀਆਂ  ਨੂੰ ਆਪਣੀ ਹੜਤਾਲ ਖ਼ਤਮ ਕਰਨ ਅਤੇ ਜਨਤਕ ਹਿੱਤਾਂ ਖਾਸ ਕਰਕੇ ਮੌਜੂਦਾ ਗਰਮੀਆਂ ਦੇ ਮੌਸਮ ਦੌਰਾਨ ਬਿਜਲੀ ਦੀ ਵੱਧ ਮੰਗ ਨੂੰ ਮੁੱਖ ਰੱਖਦਿਆਂ ਤੁਰੰਤ ਕੰਮ 'ਤੇ ਵਾਪਸ ਪਰਤਣ ਦੀ ਅਪੀਲ ਕੀਤੀ। ਬਿਜਲੀ ਮੰਤਰੀ ਨੇ ਕਿਹਾ ਕਿ ਘਰਾਂ, ਖੇਤੀਬਾੜੀ ਅਤੇ ਉਦਯੋਗਿਕ ਖੇਤਰਾਂ ਲਈ ਨਿਰਵਿਘਨ ਬਿਜਲੀ ਸਪਲਾਈ ਬੇਹੱਦ ਜ਼ਰੂਰੀ ਹੈ, ਇਸ ਲਈ ਹੜਤਾਲੀ ਕਰਮਚਾਰੀਆਂ ਨੂੰ ਤੁਰੰਤ ਡਿਊਟੀਆਂ 'ਤੇ ਵਾਪਸ ਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਲੰਮੀਆਂ ਹੜਤਾਲਾਂ ਕਾਰਨ ਲੱਖਾਂ ਖਪਤਕਾਰਾਂ ਨੂੰ ਅਨੇਕਾਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਉਨ੍ਹਾਂ ਮੁਲਾਜ਼ਮਾਂ ਨੂੰ ਭਰੋਸਾ ਦਿੱਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਉਨ੍ਹਾਂ ਦੇ ਮਸਲਿਆਂ ਨੂੰ ਇਮਾਨਦਾਰੀ ਨਾਲ ਹੱਲ ਕਰਨ ਲਈ ਯਤਨਸ਼ੀਲ ਹੈ। 

ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੇ ਅਧਿਆਪਕਾਂ ਦੀਆਂ ਅਸਾਮੀਆਂ ਵਾਲਾ ਇਸ਼ਤਿਹਾਰ ਲਿਆ ਵਾਪਸ

ਪੰਜਾਬ ਸਰਕਾਰ ਵੱਲੋਂ ਇਸ ਸਬੰਧੀ ਕੀਤੀਆਂ ਕੋਸ਼ਿਸ਼ਾਂ ਬਾਰੇ ਜਾਣਕਾਰੀ ਦਿੰਦਿਆਂ ਹਰਭਜਨ ਸਿੰਘ ਈ.ਟੀ.ਓ. ਨੇ ਦੱਸਿਆ ਕਿ 10 ਅਗਸਤ 2025 ਨੂੰ ਸਥਾਨਕ ਪੰਜਾਬ ਭਵਨ ਵਿਖੇ ਪੀ.ਐੱਸ.ਪੀ.ਸੀ.ਐੱਲ. ਪ੍ਰਸ਼ਾਸਨ ਅਤੇ ਪਾਵਰਕਾਮ ਕਰਮਚਾਰੀ ਸਾਂਝੇ ਮੰਚ ਅਤੇ ਬਿਜਲੀ ਮੁਲਾਜ਼ਮ ਏਕਤਾ ਮੰਚ ਦੇ ਨੁਮਾਇੰਦਿਆਂ ਦਰਮਿਆਨ ਇਕ ਅਹਿਮ ਮੀਟਿੰਗ ਬੁਲਾਈ ਗਈ, ਜਿਸਦੀ ਪ੍ਰਧਾਨਗੀ ਉਨ੍ਹਾਂ ਅਤੇ ਵਿੱਤ ਮੰਤਰੀ ਵੱਲੋਂ ਸਾਂਝੇ ਤੌਰ 'ਤੇ ਕੀਤੀ ਸੀ। ਇਸ ਮੀਟਿੰਗ ਦੌਰਾਨ, ਪੀ.ਐੱਸ.ਪੀ.ਸੀ.ਐੱਲ. ਪ੍ਰਸ਼ਾਸਨ ਨੇ ਕਰਮਚਾਰੀਆਂ ਵੱਲੋਂ ਰੱਖੀਆਂ ਲਗਭਗ ਸਾਰੀਆਂ ਮੁੱਖ ਮੰਗਾਂ ਨੂੰ ਸਵੀਕਾਰ ਕਰਨ ਲਈ ਆਪਣੀ ਸਹਿਮਤੀ ਦੇ ਦਿੱਤੀ ਸੀ। 

PunjabKesari

ਇਹ ਵੀ ਪੜ੍ਹੋ : PUNJAB : 10 ਸਰਕਾਰੀ ਮੁਲਾਜ਼ਮ ਗ੍ਰਿਫ਼ਤਾਰ

ਈ.ਟੀ.ਓ. ਨੇ ਕਿਹਾ ਕਿ ਕਰਮਚਾਰੀਆਂ ਵੱਲੋਂ ਰੱਖੀਆਂ ਗਈਆਂ ਮੰਗਾਂ ਵਿਚ ਨਵੀਆਂ ਅਸਾਮੀਆਂ ਦੀ ਸਿਰਜਣਾ ਅਤੇ ਮੌਜੂਦਾ ਖਾਲੀ ਅਸਾਮੀਆਂ ਨੂੰ ਭਰਨਾ, ਐਕਸ-ਗ੍ਰੇਸ਼ੀਆ ਰਕਮ ਵਿਚ ਵਾਧਾ ਕਰਨਾ, ਅੰਤਿਮ ਫੈਸਲੇ ਤੱਕ ਤਰਸਯੋਗ ਮਾਮਲਿਆਂ ਵਿਚ ਰਿਕਵਰੀ ਨੂੰ ਰੋਕਣਾ, ਕਰਮਚਾਰੀਆਂ ਲਈ ਕੈਸ਼ਲੈੱਸ ਡਾਕਟਰੀ ਸਹੂਲਤਾਂ ਦੀ ਵਿਵਸਥਾ ਕਰਨਾ, ਲੰਬਿਤ ਭੱਤੇ ਜਾਰੀ ਕਰਨਾ, ਗਰਿੱਡ ਸਬ ਸਟੇਸ਼ਨ ਸਟਾਫ਼ ਦੇ ਓਵਰਟਾਈਮ ਭੁਗਤਾਨ ਸਬੰਧੀ ਬਕਾਏ ਜਾਰੀ ਕਰਨਾ ਅਤੇ ਪੈਨਸ਼ਨ ਵਿਚ ਸੋਧ ਸਬੰਧੀ ਕੁਝ ਮਾਮਲੇ ਸ਼ਾਮਲ ਹਨ। ਉਨ੍ਹਾਂ ਅੱਗੇ ਦੱਸਿਆ ਕਿ ਸਰਕਾਰ ਨੇ ਪੀ.ਐੱਸ.ਪੀ.ਸੀ.ਐੱਲ. ਦੀਆਂ ਇਮਾਰਤਾਂ ਦੀ ਮੁਰੰਮਤ ਅਤੇ ਰੱਖ-ਰਖਾਅ ਵੱਲ ਵਿਸ਼ੇਸ਼ ਧਿਆਨ ਦੇਣ ਦਾ ਵਾਅਦਾ ਵੀ ਕੀਤਾ ਹੈ।

ਇਹ ਵੀ ਪੜ੍ਹੋ : ਪੰਜਾਬ ਪੁਲਸ ਦੀ ਗੱਡੀ ਨਾਲ ਵੱਡਾ ਹਾਦਸਾ, ਦੋ ਦੀ ਮੌਤ

ਬਿਜਲੀ ਮੰਤਰੀ ਨੇ ਕਿਹਾ ਕਿ ਜ਼ਿਆਦਾਤਰ ਮੰਗਾਂ ਦਾ ਹੱਲ ਹੋ ਜਾਣ ਨਾਲ ਹੁਣ ਕਰਮਚਾਰੀਆਂ ਲਈ ਹੜਤਾਲ ਜਾਰੀ ਰੱਖਣਾ ਵਾਜਬ ਨਹੀਂ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਆਪਣੇ ਕਰਮਚਾਰੀਆਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਉਨ੍ਹਾਂ ਦੇ ਮਸਲਿਆਂ ਨੂੰ ਹਮੇਸ਼ਾ ਸੁਹਿਰਦਤਾ ਨਾਲ ਹੱਲ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਨੇ ਮੁਲਾਜ਼ਮਾਂ ਨੂੰ ਹੜਤਾਲ ਛੱਡ ਕੇ ਜਨਤਕ ਭਲਾਈ 'ਤੇ ਵਿਚਾਰ ਕਰਨ ਦੀ ਅਪੀਲ ਕੀਤੀ। ਉਨ੍ਹਾਂ ਦੁਹਰਾਉਂਦਿਆਂ ਕਿਹਾ ਕਿ ਪੰਜਾਬ ਦੇ ਬਿਜਲੀ ਖੇਤਰ ਨੂੰ ਹੋਰ ਮਜ਼ਬੂਤ, ਕੁਸ਼ਲ ਅਤੇ ਖਪਤਕਾਰ-ਅਨੁਕੂਲ ਬਣਾਉਣ ਲਈ ਕਰਮਚਾਰੀਆਂ ਅਤੇ ਪ੍ਰਸ਼ਾਸਨ ਦਰਮਿਆਨ ਏਕਤਾ ਬੇਹੱਦ ਜ਼ਰੂਰੀ ਹੈ। ਬਿਜਲੀ ਮੰਤਰੀ ਨੇ ਆਸ ਪ੍ਰਗਟਾਈ ਕਿ ਹੜਤਾਲ ਕਰ ਰਹੇ ਕਰਮਚਾਰੀ ਸਰਕਾਰ ਦੀ ਸਦਭਾਵਨਾ ਭਰੀ ਪਹਿਲ ਪ੍ਰਤੀ ਸਕਾਰਾਤਮਕ ਹੁੰਗਾਰਾ ਭਰਨਗੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਕਰਮਚਾਰੀਆਂ ਦੀਆਂ ਜ਼ਿਆਦਾਤਰ ਜਾਇਜ਼ ਮੰਗਾਂ ਨੂੰ ਮੰਨਣ ਨਾਲ, ਉਨ੍ਹਾਂ ਨੂੰ ਉਮੀਦ ਹੈ ਕਿ ਕਰਮਚਾਰੀ ਹੜਤਾਲ ਖਤਮ ਕਰਕੇ ਅਤੇ ਬਿਨਾਂ ਕਿਸੇ ਦੇਰੀ ਤੋਂ ਆਪਣੀਆਂ ਡਿਊਟੀਆਂ ‘ਤੇ ਵਾਪਸ ਪਰਤਣਗੇ। ਹਰਭਜਨ ਸਿੰਘ ਈ.ਟੀ.ਓ. ਨੇ ਅੱਗੇ ਕਿਹਾ ਕਿ ਕਰਮਚਾਰੀਆਂ ਵੱਲੋਂ ਵਾਪਸ ਡਿਊਟੀਆਂ ਸੰਭਾਲਣ ਨਾਲ ਨਾ ਸਿਰਫ਼ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਏਗੀ ਬਲਕਿ ਕਰਮਚਾਰੀਆਂ ਅਤੇ ਪ੍ਰਸ਼ਾਸਨ ਦਰਮਿਆਨ ਆਪਸੀ ਵਿਸ਼ਵਾਸ ਵੀ ਮਜ਼ਬੂਤ ਹੋਵੇਗਾ, ਜਿਸ ਨਾਲ ਪੰਜਾਬ ਦੇ ਬਿਜਲੀ ਖੇਤਰ ਵਿੱਚ ਪ੍ਰਗਤੀ ਦਾ ਰਾਹ ਪੱਧਰਾ ਹੋਵੇਗਾ।

ਇਹ ਵੀ ਪੜ੍ਹੋ : ਸਮੂਹਿਕ ਛੁੱਟੀ 'ਤੇ ਗਏ ਮੁਲਾਜ਼ਮਾਂ 'ਤੇ ਪੀ. ਐੱਸ. ਪੀ. ਸੀ. ਐੱਲ. ਦੀ ਵੱਡੀ ਕਾਰਵਾਈ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News