ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨ ਧਾਰਕਾਂ ਲਈ ਖ਼ੁਸਖ਼ਬਰੀ, ਪੰਜਾਬ ਮੰਤਰੀ ਮੰਡਲ ਨੇ ਲਿਆ ਵੱਡਾ ਫ਼ੈਸਲਾ
Friday, Feb 14, 2025 - 06:27 PM (IST)

ਚੰਡੀਗੜ੍ਹ : ਸੂਬਾ ਦੇ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਇਕ ਵੱਡਾ ਤੋਹਫ਼ਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੇ ਪੰਜਾਬ ਮੰਤਰੀ ਮੰਡਲ ਨੇ ਉਨ੍ਹਾਂ ਦੇ 14,000 ਕਰੋੜ ਰੁਪਏ ਦੇ ਬਕਾਏ ਜਾਰੀ ਕਰਨ ਨੂੰ ਸਹਿਮਤੀ ਦੇ ਦਿੱਤੀ। ਇਸ ਸਬੰਧੀ ਫੈਸਲਾ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਪੰਜਾਬ ਸਿਵਲ ਸਕੱਤਰੇਤ-1 ਸਥਿਤ ਉਨ੍ਹਾਂ ਦੇ ਦਫ਼ਤਰ ਵਿਖੇ ਹੋਈ ਮੰਤਰੀ ਮੰਡਲ ਦੀ ਬੈਠਕ ਵਿਚ ਲਿਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫਤਰ ਦੇ ਬੁਲਾਰੇ ਨੇ ਦੱਸਿਆ ਕਿ ਸੂਬਾ ਸਰਕਾਰ ਦੇ ਤਿੰਨ ਲੱਖ ਮੁਲਾਜ਼ਮਾਂ ਅਤੇ ਤਿੰਨ ਲੱਖ ਪੈਨਸ਼ਨਰਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਮੰਤਰੀ ਮੰਡਲ ਨੇ ਇਕ ਜਨਵਰੀ, 2016 ਤੋਂ 30 ਜੂਨ, 2022 ਤੱਕ ਦੇ ਸਮੇਂ ਦੀ ਸੋਧੀ ਹੋਈ ਤਨਖਾਹ/ਪੈਨਸ਼ਨ ਤੇ ਲੀਵ ਇਨਕੈਸ਼ਮੈਂਟ ਦਾ ਬਕਾਇਆ ਅਤੇ ਇਕ ਜੁਲਾਈ, 2021 ਤੋਂ 31 ਮਾਰਚ, 2024 ਤੱਕ ਦੇ ਡੀ.ਏ./ਡੀ.ਆਰ. ਦਾ ਬਕਾਇਆ ਜਾਰੀ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਬਕਾਏ ਲਈ 14000 ਕਰੋੜ ਦੀ ਰਾਸ਼ੀ ਪੜਾਅਵਾਰ ਜਾਰੀ ਕੀਤੀ ਜਾਵੇਗੀ ਜਿਸ ਨਾਲ ਮੁਲਾਜ਼ਮਾਂ ਅਤੇ ਪੈਨਸ਼ਰਾਂ ਨੂੰ ਅਤਿ ਲੋੜੀਂਦੀ ਰਾਹਤ ਮਿਲੇਗੀ।
ਇਹ ਵੀ ਪੜ੍ਹੋ : ਵਾਹਨ ਚਾਲਕਾਂ ਲਈ ਖ਼ਤਰੇ ਦੀ ਘੰਟੀ ! ਇਸ ਰਿਪੋਰਟ ਨੂੰ ਪੜ੍ਹਨ ਤੋਂ ਬਾਅਦ ਉਡਣਗੇ ਹੋਸ਼
ਸਰਕਾਰੀ ਤੇ ਪ੍ਰਾਈਵੇਟ ਖ਼ੇਤਰ ਵਿਚ 60 ਹਜ਼ਾਰ ਆਸਾਮੀਆਂ ਸਿਰਜਣ ਨੂੰ ਪ੍ਰਵਾਨਗੀ
ਮੰਤਰੀ ਮੰਡਲ ਨੇ ਲੋਕਾਂ ਨੂੰ ਇਨਸਾਫ਼ ਦਿਵਾਉਣ ਲਈ ਸੂਬੇ ਵਿਚ 22 ਨਵੀਆਂ ਲੋਕ ਅਦਾਲਤਾਂ ਸਥਾਪਤ ਕਰਨ ਲਈ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵਿਚ ਨਵੀਆਂ ਅਸਾਮੀਆਂ ਸਿਰਜਣ ਲਈ ਪ੍ਰਵਾਨਗੀ ਦੇ ਦਿੱਤੀ। ਮੰਤਰੀ ਮੰਡਲ ਨੇ ਨਵੇਂ ਬਣੇ ਜ਼ਿਲ੍ਹਾ ਮਲੇਰਕੋਟਲਾ ਵਿਚ ਸਹਾਇਕ ਡਾਇਰੈਕਟਰ, ਸੀਨੀਅਰ ਸਹਾਇਕ ਅਤੇ ਸੇਵਾਦਾਰ ਦੀਆਂ ਤਿੰਨ ਨਵੀਆਂ ਅਸਾਮੀਆਂ ਸਿਰਜਣ ਨੂੰ ਵੀ ਪ੍ਰਵਾਨਗੀ ਦੇ ਦਿੱਤੀ। ਕਰ ਵਿਭਾਗ ਵਿਚ ਮਨੁੱਖੀ ਵਸੀਲਿਆਂ ਦੀ ਸਹੀ ਵਰਤੋਂ ਕਰਕੇ ਸੂਬੇ ਵਿਚ ਟੈਕਸਾਂ ਦੀ ਚੋਰੀ ਰੋਕਣ ਲਈ ਮੰਤਰੀ ਮੰਡਲ ਨੇ ਵਿਭਾਗ ਵਿਚ 476 ਨਵੀਆਂ ਅਸਾਮੀਆਂ ਦੀ ਸਿਰਜਣਾ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ।
ਇਹ ਵੀ ਪੜ੍ਹੋ : ਸ੍ਰੀ ਹਰਿਮੰਦਰ ਸਾਹਿਬ ਆਉਣ ਵਾਲੀ ਸੰਗਤ ਲਈ ਚੁੱਕਿਆ ਗਿਆ ਵੱਡਾ ਕਦਮ, ਦਿੱਤੀ ਗਈ ਚਿਤਾਵਨੀ
ਇਸ ਦੇ ਨਾਲ ਹੀ ਮੰਤਰੀ ਮੰਡਲ ਨੇ ਵਿਭਾਗ ਵਿਚ ਇੰਸਪੈਕਟਰਾਂ ਦੀਆਂ ਅਸਾਮੀਆਂ ਦਾ ਨਾਮ ਬਦਲਣ ਨੂੰ ਹਰੀ ਝੰਡੀ ਦੇ ਦਿੱਤੀ, ਜਿਸ ਨਾਲ ਹੁਣ ਵਿਭਾਗ ਦੇ ਇੰਸਪੈਕਟਰਾਂ ਨੂੰ ਸਟੇਟ ਟੈਕਸੇਸ਼ਨ ਅਫਸਰ (ਰਾਜ ਕਰ ਅਧਿਕਾਰੀ) ਵਜੋਂ ਜਾਣਿਆ ਜਾਵੇਗਾ। ਮੰਤਰੀ ਮੰਡਲ ਨੇ ਆਬਕਾਰੀ ਵਿਭਾਗ ਵਿਚ ਰੈਗੂਲਰ ਆਧਾਰ `ਤੇ 53 ਡਰਾਈਵਰਾਂ ਦੀ ਭਰਤੀ ਲਈ ਵੀ ਸਹਿਮਤੀ ਦੇ ਦਿੱਤੀ। ਮੰਤਰੀ ਮੰਡਲ ਨੇ ਐਲੀਮੈਂਟਰੀ ਸਿੱਖਿਆ ਵਿਭਾਗ ਵਿਚ ਸਰੀਰਕ ਸਿਖਲਾਈ ਇੰਸਟ੍ਰਕਟਰਾਂ (ਪੀ.ਟੀ.ਆਈ. ਅਧਿਆਪਕਾਂ) ਦੀ ਸਿੱਧੀ ਭਰਤੀ ਲਈ ਨਿਯਮਾਂ ਅਤੇ ਯੋਗਤਾਵਾਂ ਵਿਚ ਸੋਧ ਕਰਨ ਲਈ ਵੀ ਹਰੀ ਝੰਡੀ ਦੇ ਦਿੱਤੀ। ਇਸ ਨਾਲ ਆਉਣ ਵਾਲੇ ਦਿਨਾਂ ਵਿਚ ਸੂਬੇ ਭਰ ਵਿਚ ਅਜਿਹੇ 2000 ਅਧਿਆਪਕਾਂ ਦੀ ਭਰਤੀ ਲਈ ਰਾਹ ਪੱਧਰਾ ਹੋਵੇਗਾ।
ਇਹ ਵੀ ਪੜ੍ਹੋ : ਲੁਧਿਆਣਾ ਵਾਸੀਆਂ ਲਈ Good News, ਆਖਿਰ ਮਿਲ ਗਈ ਵੱਡੀ ਖ਼ੁਸ਼ਖਬਰੀ
ਸੂਬੇ ਦੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਮੰਤਰੀ ਮੰਡਲ ਨੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵਿਚ ਗਰੁੱਪ-ਸੀ ਕਾਡਰ ਦੀਆਂ 822 ਅਸਾਮੀਆਂ ਨੂੰ ਸੁਰਜੀਤ ਕਰਨ ਲਈ ਵੀ ਪ੍ਰਵਾਨਗੀ ਦੇ ਦਿੱਤੀ ਹੈ। ਇਹ ਵਿਭਾਗ ਦੀ ਕਾਰਜ-ਕੁਸ਼ਲਤਾ ਨੂੰ ਵਧਾਉਣ ਵਿਚ ਮਦਦ ਕਰੇਗਾ, ਜਿਸ ਨਾਲ ਲੋਕਾਂ ਨੂੰ ਮਿਆਰੀ ਸਿਹਤ ਸੰਭਾਲ ਸੇਵਾਵਾਂ ਮਿਲਣ ਨਾਲ ਵੱਡਾ ਲਾਭ ਹੋਵੇਗਾ। ਮੰਤਰੀ ਮੰਡਲ ਨੇ ਡਾ. ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼, ਐਸ.ਏ.ਐਸ. ਨਗਰ ਵਿੱਚ ਵੱਖ-ਵੱਖ ਕਾਡਰਾਂ ਦੀਆਂ 97 ਅਸਾਮੀਆਂ ਸਿਰਜਣ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ। ਇਹ ਕਦਮ ਲੋਕਾਂ ਨੂੰ ਮਿਆਰੀ ਡਾਕਟਰੀ ਸੇਵਾਵਾਂ ਪ੍ਰਦਾਨ ਕਰਨ ਲਈ ਸੰਸਥਾ ਦੇ ਕੰਮਕਾਜ ਨੂੰ ਹੋਰ ਅਸਰਦਾਰ ਬਣਾਉਣ ਵਿੱਚ ਸਹਾਈ ਹੋਵੇਗਾ।
ਇਹ ਵੀ ਪੜ੍ਹੋ : ਪੇਪਰਾਂ ਤੋਂ ਪਹਿਲਾਂ ਸੀ. ਬੀ. ਐੱਸ. ਈ. ਵਲੋਂ ਸਖ਼ਤੀ, ਨਵੇਂ ਹੁਕਮ ਜਾਰੀ
ਨੌਜਵਾਨਾਂ ਲਈ ਰੋਜ਼ਗਾਰ ਦੇ 50,00 ਤੋਂ ਵੱਧ ਮੌਕੇ ਪੈਦਾ ਕਰਨ ਦੇ ਉਦੇਸ਼ ਨਾਲ ਮੰਤਰੀ ਮੰਡਲ ਨੇ ਅੰਮ੍ਰਿਤਸਰ ਕੋਲਕਾਤਾ ਇੰਡਸਟਰੀਅਲ ਕੋਰੀਡੋਰ (ਏ.ਕੇ.ਆਈ.ਸੀ.) ਪ੍ਰਾਜੈਕਟ ਦੇ ਹਿੱਸੇ ਵਜੋਂ ਰਾਜਪੁਰਾ ਵਿਖੇ ਇੰਟੇਗ੍ਰੇਟਿਡ ਮੈਨੂਫੈਕਚਰਿੰਗ ਕਲਸਟਰ (ਆਈ.ਐਮ.ਸੀ.) ਸਥਾਪਤ ਕੀਤਾ ਜਾ ਰਿਹਾ ਹੈ। ਇਸ ਪ੍ਰਾਜੈਕਟ ਨੂੰ ਲਾਗੂ ਕਰਨ ਲਈ ਬਣਾਇਆ ਗਿਆ ਸਪੈਸ਼ਲ ਪਰਪਜ਼ ਵਹੀਕਲ (ਐਸ.ਪੀ.ਵੀ.), “ਐਨ.ਆਈ.ਸੀ.ਡੀ.ਸੀ. ਪੰਜਾਬ ਇੰਡਸਟਰੀਅਲ ਕੋਰੀਡੋਰ ਡਿਵੈਲਪਮੈਂਟ ਕਾਰਪੋਰੇਸ਼ਨ ਲਿਮਟਿਡ" ਨੂੰ ਜ਼ਮੀਨ ਦੇ ਤਬਾਦਲੇ ਲਈ ਸਟੈਂਪ ਡਿਊਟੀ, ਰਜਿਸਟ੍ਰੇਸ਼ਨ ਫੀਸ ਅਤੇ ਹੋਰ ਵਾਧੂ ਖਰਚਿਆਂ ਦੀ ਛੋਟ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਪ੍ਰਾਜੈਕਟ ਦਾ ਉਦੇਸ਼ ਸਥਾਨਕ ਵਪਾਰ, ਵਿਸ਼ਵ-ਵਿਆਪੀ ਮੁਕਾਬਲੇਬਾਜ਼ੀ ਵਾਲੇ ਕਾਰੋਬਾਰ ਅਤੇ ਨਿਵੇਸ਼ ਲਈ ਢੁਕਵਾਂ ਮਾਹੌਲ ਬਣਾਉਣ ਲਈ ਵਿਸ਼ੇਸ਼ ਵਿਵਸਥਾ ਕਾਇਮ ਕਰਨਾ ਹੈ। ਇਹ ਪ੍ਰਾਜੈਕਟ ਉਦਯੋਗਿਕ ਖੇਤਰ ਵਿੱਚ ਲਗਭਗ 32724 ਅਤੇ ਗੈਰ-ਉਦਯੋਗਿਕ ਲਈ 14880 ਲੋਕਾਂ ਲਈ ਰੁਜ਼ਗਾਰ ਪੈਦਾ ਕਰੇਗਾ।
ਇਹ ਵੀ ਪੜ੍ਹੋ : ਪੰਜਾਬ 'ਚ ਵਧੀ ਸਖ਼ਤੀ, ਡਿਫਾਲਟਰਾਂ ਖ਼ਿਲਾਫ਼ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e