ਕਰਮਚਾਰੀ ਯੂਨੀਅਨ ਵੱਲੋਂ ਸਿੱਖਿਆ ਮੰਤਰੀ ਦੀ ਕੋਠੀ ਅੱਗੇ ਧਰਨਾ

Friday, Sep 29, 2017 - 12:15 AM (IST)

ਕਰਮਚਾਰੀ ਯੂਨੀਅਨ ਵੱਲੋਂ ਸਿੱਖਿਆ ਮੰਤਰੀ ਦੀ ਕੋਠੀ ਅੱਗੇ ਧਰਨਾ

ਦੀਨਾਨਗਰ, (ਕਪੂਰ)-  ਸਰਵ ਸਿੱਖਿਆ ਅਭਿਆਨ ਦਫਤਰੀ ਕਰਮਚਾਰੀ ਯੂਨੀਅਨ ਵੱਲੋਂ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਵਾਉਣ ਦੀ ਮੰਗ ਨੂੰ ਲੈ ਕੇ ਸ਼ੁਰੂ ਕੀਤੇ ਗਏ ਸੰਘਰਸ਼ ਤਹਿਤ ਅੱਜ ਦੀਨਾਨਗਰ ਵਿਖੇ ਰੋਸ ਰੈਲੀ ਆਯੋਜਿਤ ਕਰਨ ਤੋਂ ਬਾਅਦ ਸਿੱਖਿਆ ਮੰਤਰੀ ਅਤੇ ਹਲਕੇ ਦੀ ਵਿਧਾਇਕਾ ਅਰੁਣਾ ਚੌਧਰੀ  ਦੀ ਕੋਠੀ ਅੱਗੇ ਧਰਨਾ ਦਿੱਤਾ ਗਿਆ, ਜਦਕਿ ਪੁਲਸ ਵਿਭਾਗ ਵੱਲੋਂ ਸਿੱਖਿਆ ਮੰਤਰੀ ਦੀ ਕੋਠੀ ਨੂੰ ਜਾਂਦੀ ਗਲੀ ਦੇ ਬਾਹਰ ਭਾਰੀ ਪੁਲਸ ਤਾਇਨਾਤ ਕਰ ਦਿੱਤੀ ਗਈ ਸੀ।ਇਸ ਮੌਕੇ ਕਰਮਚਾਰੀਆਂ ਦੇ ਵਿਸ਼ਾਲ ਸਮੂਹ ਨੂੰ ਸੰਬੋਧਨ ਕਰਦੇ ਹੋਏ ਰਾਜਿੰਦਰ ਸਿੰਘ ਸੂਬਾ ਵਾਈਸ ਪ੍ਰਧਾਨ, ਜਸਬੀਰ ਸਿੰਘ ਜ਼ਿਲਾ ਪ੍ਰਧਾਨ ਨੇ ਕਿਹਾ ਕਿ ਸਿੱਖਿਆ ਵਿਭਾਗ ਵੱਲੋਂ ਸਾਲ 2015 ਦੌਰਾਨ ਸਿੱਖਿਆ ਵਿਭਾਗ ਦੇ ਸਾਰੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਇਕ ਵਿਭਾਗੀ ਕਮੇਟੀ ਦਾ ਗਠਨ ਕੀਤਾ ਗਿਆ ਸੀ ਅਤੇ ਸਾਲ 2016 'ਚ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਪੰਜਾਬ ਵਿਧਾਨ ਸਭਾ 'ਚ ਬਿੱਲ ਵੀ ਪਾਸ ਕਰ ਦਿੱਤਾ ਗਿਆ ਪਰ ਦੁੱਖ ਦੀ ਗੱਲ ਹੈ ਕਿ ਪੰਜਾਬ ਸਰਕਾਰ ਇਸ ਬਿੱਲ ਨੂੰ ਲਾਗੂ ਕਰਵਾਉਣ ਵਿਚ ਟਾਲ ਮਟੋਲ ਕਰ ਰਹੀ ਹੈ। 
ਯੂਨੀਅਨ ਨੇਤਾਵਾਂ ਨੇ ਕਿਹਾ ਕਿ ਵਿਧਾਨ ਸਭਾ ਦੇ ਬਿੱਲ ਅਨੁਸਾਰ 3 ਸਾਲ ਦੀ ਸੇਵਾ ਪੂਰੀ ਕਰਨ ਵਾਲੇ ਕਰਮਚਾਰੀਆਂ ਨੂੰ ਪੱਕਾ ਕੀਤਾ ਜਾਵੇਗਾ ਪਰ ਪੰਜਾਬ ਸਰਕਾਰ ਇਸ ਐਕਟ 'ਚ ਸੋਧ ਕਰਨ ਦੀ ਤਿਆਰੀ ਵਿਚ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕੀਤੀ ਜਾਣ ਵਾਲੀ ਸੋਧ ਜੇਕਰ ਕਰਮਚਾਰੀ ਵਿਰੋਧੀ ਹੋਈ ਤਾਂ ਉਹ ਇਸ ਨੂੰ ਸਹਿਣ ਨਹੀਂ ਕਰਨਗੇ। ਯੂਨੀਅਨ ਨੇਤਾਵਾਂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਅਪਣੇ ਚੋਣ ਮੈਨੀਫੈਸਟੋ 'ਚ ਕੱਚੇ ਕਰਮਚਾਰੀਆਂ ਨੂੰ ਰੈਗੁਲਰ ਕਰਨ ਦਾ ਭਰੋਸਾ ਦਿੱਤਾ ਸੀ ਅਤੇ ਪੰਜਾਬ ਵਿਧਾਨ ਸਭਾ ਦੇ ਪਹਿਲੇ ਸੈਸ਼ਨ ਵਿਚ ਇਨ੍ਹਾਂ ਨੂੰ ਰੈਗੂਲਰ ਕਰਨ ਦੀ ਗੱਲ ਕਹੀ ਸੀ ਪਰ 6 ਮਹੀਨੇ ਬੀਤਣ ਦੇ ਬਾਵਜੂਦ ਕੈਪਟਨ ਸਰਕਾਰ ਇਨ੍ਹਾਂ ਕਰਮਚਾਰੀਆਂ ਨੂੰ ਰੈਗੂਲਰ ਕਰਨ ਦੀ ਮੰਗ ਪੂਰੀ ਨਹੀਂ ਕਰ ਪਾਈ ਹੈ, ਜਿਸਦੇ ਕਾਰਨ ਸਮੂਹ ਕਰਮਚਾਰੀਆਂ ਵਿਚ ਭਾਰੀ ਰੋਸ ਹੈ। 
ਯੂਨੀਅਨ ਆਗੂਆਂ ਨੇ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਐਕਟ 2016 ਨੂੰ ਜਲਦੀ ਹੀ ਲਾਗੂ ਨਹੀਂ ਕੀਤਾ ਗਿਆ ਤਾਂ ਉਹ ਸੰਘਰਸ਼ ਨੂੰ ਹੋਰ ਤੇਜ਼ ਕਰ ਦੇਣਗੇ ਅਤੇ ਯੂਨੀਅਨ ਇਸ ਗੱਲ 'ਤੇ ਅੜੀ ਰਹੀ ਕਿ ਉਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਕਰਨ ਲਈ ਸਿੱਖਿਆ ਮੰਤਰੀ ਪੈਨਲ ਕਮੇਟੀ ਦਾ ਸਮਾਂ ਤੈਅ ਕਰਨ।


Related News