ਮੁਲਾਜ਼ਮਾਂ ਨੇ ਨਾਅਰੇਬਾਜ਼ੀ ਕਰ ਕੇ ਕੱਢਿਆ ਗੁੱਸਾ
Monday, Mar 12, 2018 - 03:42 AM (IST)
ਬਠਿੰਡਾ, (ਪਰਮਿੰਦਰ)- ਗੁਰੂ ਨਾਨਕ ਦੇਵ ਥਰਮਲ ਪਲਾਂਟ ਬਠਿੰਡਾ ਨੂੰ ਬੰਦ ਕਰਨ ਦੇ ਵਿਰੋਧ ਵਿਚ 70 ਦਿਨਾਂ ਤੋਂ ਸੰਘਰਸ਼ ਕਰ ਰਹੇ ਮੁਲਾਜ਼ਮਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੇ ਐਤਵਾਰ ਨੂੰ ਵੀ ਸਰਕਾਰ ਖਿਲਾਫ ਨਾਅਰੇਬਾਜ਼ੀ ਕਰ ਕੇ ਗੁੱਸਾ ਕੱਢਿਆ। ਕੋਆਰਡੀਨੇਸ਼ਨ ਕਮੇਟੀ ਦੇ ਪ੍ਰਧਾਨ ਰਾਜਿੰਦਰ ਸਿੰਘ ਢਿੱਲੋਂ, ਕਮੇਟੀ ਮੈਂਬਰ ਗੁਰਵਿੰਦਰ ਸਿੰਘ ਪੁਨੂੰ, ਵਿਜੇ ਕੁਮਾਰ, ਅਸ਼ਵਨੀ ਕੁਮਾਰ, ਕ੍ਰਿਪਾਲ ਸਿੰਘ ਮਲੀ ਆਦਿ ਨੇ ਦੱਸਿਆ ਕਿ ਸਰਕਾਰ ਮੁਲਾਜ਼ਮਾਂ ਦੇ ਨਾਲ ਧੱਕੇਸ਼ਾਹੀ ਕਰ ਰਹੀ ਹੈ, ਜਿਸ ਨੂੰ ਸਹਿਣ ਨਹੀਂ ਕੀਤਾ ਜਾਵੇਗਾ। ਘਰ-ਘਰ ਨੌਕਰੀ ਦੇਣ ਦੇ ਵਾਅਦੇ ਕਰ ਕੇ ਸੱਤਾ ਵਿਚ ਆਈ ਸਰਕਾਰ ਹੁਣ ਆਪਣੇ ਵਾਅਦੇ ਭੁੱਲ ਚੁੱਕੀ ਹੈ ਅਤੇ ਮੁਲਾਜ਼ਮਾਂ ਦੇ ਰੋਜ਼ਗਾਰ ਖੋਹਣ ਵਿਚ ਲੱਗੀ ਹੋਈ ਹੈ।
ਉਨ੍ਹਾਂ ਦੱਸਿਆ ਕਿ ਸਰਕਾਰ ਦੇ ਖਿਲਾਫ ਸੰਘਰਸ਼ ਹੋਰ ਤੇਜ਼ ਕਰਦੇ ਹੋਏ 15 ਮਾਰਚ ਨੂੰ ਪਟਿਆਲਾ ਵਿਚ ਵਿਸ਼ਾਲ ਧਰਨਾ ਦਿੱਤਾ ਜਾਵੇਗਾ, ਜਿਸ ਵਿਚ ਹਜ਼ਾਰਾਂ ਦੀ ਗਿਣਤੀ 'ਚ ਮੁਲਾਜ਼ਮ ਅਤੇ ਸਹਿਯੋਗੀ ਸੰਗਠਨਾਂ ਦੇ ਵਰਕਰ ਸ਼ਿਰਕਤ ਕਰਨਗੇ। ਉਕਤ ਧਰਨੇ ਲਈ ਲਗਾਤਾਰ ਲਾਮਬੰਦੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਦ ਤੱਕ ਉਨ੍ਹਾਂ ਦੇ ਬੱਚਿਆਂ ਦੇ ਭਵਿੱਖ ਨੂੰ ਸੁਰੱਖਿਅਤ ਨਹੀਂ ਕੀਤਾ ਜਾਂਦਾ ਤਦ ਤੱਕ ਉਹ ਆਪਣਾ ਸੰਘਰਸ਼ ਜਾਰੀ ਰੱਖਣਗੇ ਕਿਉਂਕਿ ਉਨ੍ਹਾਂ ਦੇ ਕੋਲ ਹੁਣ ਕੋਈ ਹੋਰ ਰਸਤਾ ਹੀ ਨਹੀਂ ਬਚਿਆ ਹੈ। ਇਸ ਮੌਕੇ ਕਮੇਟੀ ਮੈਂਬਰ ਕਰਮਜੀਤ ਸਿੰਘ, ਗਗਨਦੀਪ ਸਿੰਘ ਆਦਿ ਨੇ ਵੀ ਸੰਬੋਧਨ ਕੀਤਾ।
