ਸਿਵਲ ਹਸਪਤਾਲ ’ਚ ਡਾਵਾਂਡੋਲ ਹੋਣਗੀਆਂ ਸਿਹਤ ਸੇਵਾਵਾਂ, ਮੁਲਾਜ਼ਮ ਹੜਤਾਲ ’ਤੇ ਜਾਣ ਲਈ ਤਿਆਰ

Saturday, Feb 11, 2023 - 03:31 PM (IST)

ਅੰਮ੍ਰਿਤਸਰ (ਦਲਜੀਤ) : ਸਿਹਤ ਵਿਭਾਗ ਦੇ ਜ਼ਿਲ੍ਹਾ ਪੱਧਰੀ ਸਿਵਲ ਹਸਪਤਾਲ ਦੀਆਂ ਸਿਹਤ ਸੇਵਾਵਾਂ 13 ਫਰਵਰੀ ਤੋਂ ਡਾਵਾਂਡੋਲ ਹੋਣ ਜਾ ਰਹੀਆਂ ਹਨ। ਪਿਛਲੇ ਕਈ ਮਹੀਨਿਆਂ ਤੋਂ ਤਨਖਾਹਾਂ ਨਾ ਮਿਲਣ ਕਾਰਨ 70 ਤੋਂ ਵੱਧ ਮੁਲਾਜ਼ਮਾਂ ਨੇ ਅਣਮਿੱਥੇ ਸਮੇਂ ਲਈ ਹੜਤਾਲ ’ਤੇ ਜਾਣ ਦਾ ਐਲਾਨ ਕੀਤਾ ਹੈ। ਇਸ ਸਬੰਧੀ ਮੁਲਾਜ਼ਮਾਂ ਵੱਲੋਂ ਹਸਪਤਾਲ ਦੇ ਸੀਨੀਅਰ ਮੈਡੀਕਲ ਅਫ਼ਸਰਾਂ ਨੂੰ ਨੋਟਿਸ ਵੀ ਦਿੱਤਾ ਗਿਆ ਹੈ। ਯੂਜ਼ਰ ਚਾਰਜਿਜ਼ ਖਰਚਣ ਲਈ ਕਰਨ ਦੀ ਪਾਵਰ ਸਿਵਲ ਹਸਪਤਾਲ ਨੂੰ ਨਾ ਮਿਲਣ ਕਾਰਨ ਮੁਲਾਜ਼ਮਾਂ ਨੂੰ ਤਨਖਾਹ ਨਹੀਂ ਮਿਲੀ। ਜਾਣਕਾਰੀ ਅਨੁਸਾਰ ਪੰਜਾਬ ਵਿਚ ਸਿਹਤ ਸੇਵਾਵਾਂ ਲਈ ਅੱਵਲ ਕਹੇ ਜਾਣ ਵਾਲਾ ਜ਼ਿਲ੍ਹਾ ਪੱਧਰੀ ਸਿਵਲ ਹਸਪਤਾਲ ਹੁਣ ਮੁਲਾਜ਼ਮਾਂ ਨੂੰ ਤਨਖ਼ਾਹਾਂ ਦੇਣ ’ਚ ਬੇਵੱਸ ਹੋ ਗਿਆ ਹੈ, ਇੱਥੋਂ ਤੱਕ ਕਿ ਮਰੀਜ਼ਾਂ ਨੂੰ ਕਈ ਤਰ੍ਹਾਂ ਦੀਆਂ ਸਹੂਲਤਾਂ ਦੇਣ ਲਈ ਵੀ ਹਸਪਤਾਲ ਕੋਲ ਇਕ ਫੁੱਟੀ ਕੌੜੀ ਵੀ ਨਹੀਂ ਹੈ, ਪਰ ਇੱਥੇ ਇਹ ਵਰਨਣਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਹਸਪਤਾਲ ਵਿਚ ਆਉਣ ਵਾਲੇ ਮਰੀਜ਼ਾਂ ਤੋਂ ਯੂਜ਼ਰ ਚਾਰਜਿਜ਼ ਜੋ ਪਹਿਲਾਂ ਮਰੀਜ਼ਾਂ ਦੀ ਸਹੂਲਤ ਲਈ ਜਾਂ ਹਸਪਤਾਲ ਦੀ ਸਾਂਭ-ਸੰਭਾਲ ਲਈ ਖਰਚ ਕੀਤੇ ਜਾਂਦੇ ਸਨ, ਹੁਣ ਸਰਕਾਰ ਵੱਲੋਂ ਵਰਤੇ ਜਾ ਰਹੇ ਹਨ, ਜਿਸ ਨੂੰ ਖਾਲੀ ਖਜ਼ਾਨੇ ਨੂੰ ਭਰਨ ਲਈ ਇਕੱਠਾ ਕੀਤਾ ਜਾਂਦਾ ਹੈ ਅਤੇ ਹਸਪਤਾਲ ਨੂੰ ਕੋਈ ਪੈਸਾ ਨਹੀਂ ਦਿੱਤਾ ਜਾਂਦਾ।

ਇਹ ਵੀ ਪੜ੍ਹੋ : ‘ਆਪ’ ਦਾ ਬਿਜਲੀ ਸਪਲਾਈ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਨੂੰ ਠੋਕਵਾਂ ਜਵਾਬ

ਸਿਵਲ ਹਸਪਤਾਲ ’ਚ 70 ਤੋਂ ਵੱਧ ਮੁਲਾਜ਼ਮ ਰੱਖ ਕੇ ਯੂਜ਼ਰ ਚਾਰਜ ਦੇ ਕੇ ਕੰਮ ਚਲਾਇਆ ਜਾ ਰਿਹਾ ਸੀ। ਇੱਥੋਂ ਤੱਕ ਕਿ ਮਰੀਜ਼ਾਂ ਨੂੰ ਕਈ ਤਰ੍ਹਾਂ ਦੀਆਂ ਸਹੂਲਤਾਂ ਸਿਰਫ਼ ਯੂਜ਼ਰ ਚਾਰਜਿਜ਼ ਦੇ ਹਿਸਾਬ ਨਾਲ ਹੀ ਦਿੱਤੀਆਂ ਜਾਂਦੀਆਂ ਸਨ, ਪਰ ਹੁਣ ਇਹ ਸਹੂਲਤਾਂ ਨਹੀਂ ਮਿਲ ਰਹੀਆਂ, ਕੀ ਚਾਰਜਿਜ਼ ਦੇ ਪੈਸੇ ਸਿੱਧੇ ਸਰਕਾਰੀ ਖਾਤੇ ਵਿਚ ਜਮ੍ਹਾਂ ਹੋ ਰਹੇ ਹਨ ਅਤੇ ਮੁਲਾਜ਼ਮਾਂ ਤੇ ਮਰੀਜ਼ਾਂ ਨੂੰ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਦੂਜੇ ਪਾਸੇ ਹਸਪਤਾਲ ਦੇ ਮੁਲਾਜ਼ਮਾਂ ਵੱਲੋਂ ਹਸਪਤਾਲ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਚੰਦਰ ਮੋਹਨ ਨੂੰ ਮੰਗ ਪੱਤਰ ਸੌਂਪਿਆ ਗਿਆ ਅਤੇ 13 ਫਰਵਰੀ ਤੋਂ ਅਣਮਿੱਥੇ ਸਮੇਂ ਲਈ ਹੜਤਾਲ ’ਤੇ ਜਾਣ ਦਾ ਐਲਾਨ ਕੀਤਾ ਗਿਆ। ਸਿਹਤ ਵਿਭਾਗ ਇੰਪਲਾਈਜ਼ ਵੈੱਲਫੇਅਰ ਐਸੋਸੀਏਸ਼ਨ ਦੇ ਚੇਅਰਮੈਨ ਪੰਡਿਤ ਰਾਕੇਸ਼ ਸ਼ਰਮਾ ਨੇ ਕਿਹਾ ਕਿ ਮਰੀਜ਼ਾਂ ਦੇ ਪੈਸੇ ਉਨ੍ਹਾਂ ’ਤੇ ਹੀ ਖਰਚੇ ਜਾਣੇ ਚਾਹੀਦੇ ਹਨ ਜਾਂ ਉਨ੍ਹਾਂ ਨੂੰ ਸਹੂਲਤਾਂ ਦੇਣ ਲਈ ਖਰਚੇ ਜਾਣੇ ਚਾਹੀਦੇ ਹਨ ਪਰ ਅਫਸੋਸ ਦੀ ਗੱਲ ਹੈ ਕਿ ਸਰਕਾਰ ਖਾਲੀ ਖਜ਼ਾਨਾ ਭਰਨ ਲਈ ਮਰੀਜ਼ਾਂ ਦੇ ਪੈਸੇ ਇਕੱਠੇ ਕਰ ਕੇ ਇਨ੍ਹਾਂ ਨੂੰ ਆਪਣੇ ਕੋਲ ਰੱਖ ਰਹੀ ਹੈ ਅਤੇ ਸਰਕਾਰੀ ਹਸਪਤਾਲਾਂ ਨੂੰ ਪੈਸੇ ਦੇਣ ਦੀ ਬਜਾਏ ਉਨ੍ਹਾਂ ਕੋਲ ਆਉਣ ਵਾਲੇ ਚਰਜਿਸ ਬੰਦ ਕਰ ਰਹੇ ਹਨ। ਉਨ੍ਹਾਂ ਕਿਹਾ ਕਿ 70 ਤੋਂ ਵੱਧ ਮੁਲਾਜ਼ਮਾਂ ਨਾਲ ਹਜ਼ਾਰਾਂ ਲੋਕ ਜੁੜੇ ਹੋਏ ਹਨ, ਜਿਨ੍ਹਾਂ ਦੀ ਰੋਜ਼ੀ-ਰੋਟੀ ਖੁੱਸ ਚੁੱਕੀ ਹੈ, ਇਕ ਪਾਸੇ ਸਰਕਾਰ ਲੋਕਾਂ ਨੂੰ ਰੋਜ਼ਗਾਰ ਦੇਣ ਦੀ ਗੱਲ ਕਰ ਰਹੀ ਹੈ, ਦੂਜੇ ਪਾਸੇ ਰੋਜ਼ਗਾਰ ਖੋਹ ਰਹੀ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਇੰਪਲਾਈਜ਼ ਵੈੱਲਫੇਅਰ ਐਸੋਸੀਏਸ਼ਨ ਸਰਕਾਰ ਵੱਲੋਂ ਸਰਕਾਰੀ ਹਸਪਤਾਲਾਂ ਨੂੰ ਯੂਜ਼ਰ ਚਾਰਜਿਜ਼ ਨਾ ਦੇਣ ਦਾ ਸਖ਼ਤ ਵਿਰੋਧ ਕਰਦੀ ਹੈ ਅਤੇ ਮੁਲਾਜ਼ਮਾਂ ਵੱਲੋਂ ਕੀਤੀ ਜਾ ਰਹੀ ਹੜਤਾਲ ਦਾ ਸਮੱਰਥਨ ਕਰਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਕੁੰਭਕਰਨ ਦੀ ਨੀਂਦ ਤੋਂ ਨਾ ਜਾਗੀ ਤਾਂ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਦੇ ਸਾਰੇ ਕੈਬਨਿਟ ਮੰਤਰੀਆਂ ਦਾ ਘਿਰਾਓ ਕੀਤਾ ਜਾਵੇਗਾ। ਇਸ ਮੌਕੇ ਸਮੂਹ ਮੁਲਾਜ਼ਮ ਹਾਜ਼ਰ ਸਨ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਵਲੋਂ ਘੱਟਗਿਣਤੀ ਵਰਗ ਦੀ ਭਲਾਈ ਲਈ ਕੀਤਾ ਵੱਡਾ ਉਪਰਾਲਾ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


Anuradha

Content Editor

Related News