ਸੀ. ਜੇ. ਐਮ. ਵੱਲੋਂ ਮਹੀਨਾ ਭਰ ਚੱਲਣ ਵਾਲੀ ਪੌਦੇ ਲਾਉਣ ਦੀ ਮੁਹਿੰਮ ਦੀ ਸ਼ੁਰੂਆਤ

Saturday, Jun 05, 2021 - 01:16 PM (IST)

ਲੁਧਿਆਣਾ (ਸਿਆਲ) : ਵਿਸ਼ਵ ਵਾਤਾਵਰਣ ਦਿਹਾੜੇ ਨੂੰ ਵੱਡੇ ਪੱਧਰ 'ਤੇ ਮਨਾਉਣ ਦੇ ਮਕਸਦ ਨਾਲ, ਚੀਫ ਜੁਡੀਸ਼ੀਅਲ ਮੈਜਿਸਟਰੇਟ ਕਮ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਪੀ. ਐਸ. ਕਾਲੇਕਾ ਵੱਲੋਂ ਅੱਜ ਕੇਂਦਰੀ ਜੇਲ੍ਹ ਕੰਪਲੈਕਸ, ਤਾਜਪੁਰ ਰੋਡ ਵਿਖੇ ਪੌਦੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਮੁਹਿੰਮ ਦੀ ਸ਼ੁਰੂਆਤ ਕਰਦਿਆਂ ਚੀਫ ਜੁਡੀਸ਼ੀਅਲ ਮੈਜਿਸਟਰੇਟ ਨੇ ਜ਼ਿਲ੍ਹੇ ਵਿਚ ਹਰਿਆਵਲ ਨੂੰ ਵਧਾਉਣ ਲਈ ਵੱਧ ਤੋਂ ਵੱਧ ਰੁੱਖ ਲਗਾਉਣ ਦੀ ਲੋੜ 'ਤੇ ਜ਼ੋਰ ਦਿੱਤਾ। ਉਨ੍ਹਾਂ ਅੱਗੇ ਕਿਹਾ ਕਿ ਇਹ ਪੌਦੇ ਲਗਾਉਣ ਦੀ ਮੁਹਿੰਮ ਸਭ ਤੋਂ ਉੱਤਮ ਤੋਹਫ਼ਾ ਹੈ, ਜੋ ਅਸੀਂ ਕੁਦਰਤ ਨੂੰ ਦੇ ਸਕਦੇ ਹਾਂ ਅਤੇ ਸਾਡੇ ਮਹਾਨ ਗੁਰੂਆਂ ਪ੍ਰਤੀ ਵੀ ਸੱਚੀ ਸ਼ਰਧਾਂਜਲੀ ਹੈ।

ਉਨ੍ਹਾਂ ਕਿਹਾ ਕਿ ਇਸ ਮਹੀਨੇ ਵਿਚ ਲਗਭਗ 1000 ਬੂਟੇ ਲਗਾਏ ਜਾਣਗੇ ਅਤੇ ਜੇਲ੍ਹਾਂ ਅਤੇ ਜੰਗਲਾਤ ਅਧਿਕਾਰੀਆਂ ਦੀ ਨਿਗਰਾਨੀ ਹੇਠ ਕੈਦੀਆਂ ਅਤੇ ਮੁਕੱਦਮੇ ਅਧੀਨ ਬੰਦੀਆਂ ਵੱਲੋਂ ਇਸ ਦੀ ਸਹੀ ਦੇਖਭਾਲ ਕੀਤੀ ਜਾਵੇਗੀ ਉਨ੍ਹਾਂ ਲੋਕਾਂ ਨੂੰ ਆਉਣ ਵਾਲੀ ਪੀੜ੍ਹੀ ਦੇ ਹਿੱਤ ਲਈ ਰੁੱਖ ਲਗਾਉਣ ਦਾ ਸੱਦਾ ਦਿੱਤਾ ਅਤੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਲੋਕ ਜ਼ਿਲ੍ਹੇ ਵਿਚ ਹਰੇ-ਭਰੇ ਕਵਰ ਨੂੰ ਵਧਾਉਣ ਲਈ ਵੱਧ ਤੋਂ ਵੱਧ ਬੂਟੇ ਲਗਾਉਣ ਅਤੇ ਉਨ੍ਹਾਂ ਦੀ ਸਹੀ ਸੰਭਾਲ ਕਰਨ ਲਈ ਅੱਗੇ ਆਉਣ। ਉਨ੍ਹਾਂ ਅੱਗੇ ਕਿਹਾ ਕਿ ਹਰ ਇੱਕ ਵਿਅਕਤੀ ਦਾ ਫਰਜ਼ ਬਣਦਾ ਹੈ ਕਿ ਉਹ ਅਗਲੀਆਂ ਪੀੜ੍ਹੀਆਂ ਨੂੰ ਬੂਟੇ ਲਗਾ ਕੇ ਵਧੀਆ ਭਵਿੱਖ ਦੇਣ ਲਈ ਵਾਤਾਵਰਣ ਦੀ ਰੱਖਿਆ ਕਰੇ। ਕਾਲੇਕਾ ਨੇ ਇਹ ਵੀ ਕਿਹਾ ਕਿ ਇਨ੍ਹਾਂ ਪੌਦਿਆਂ ਦੀ ਸੰਭਾਲ 'ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਰੁੱਖ ਕੁਦਰਤੀ ਸਰੋਤਾਂ ਦੀ ਸਾਂਭ-ਸੰਭਾਲ ਅਤੇ ਵਾਤਾਵਰਣ ਵਿੱਚ ਸੁਧਾਰ ਲਿਆ ਕੇ ਅਹਿਮ ਭੂਮਿਕਾ ਅਦਾ ਕਰਦੇ ਹਨ। ਉਨ੍ਹਾਂ ਸਰਕਾਰੀ ਵਿਭਾਗਾਂ ਦੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੂੰ ਤਾਕੀਦ ਕੀਤੀ ਕਿ ਇਨ੍ਹਾਂ ਸਾਰਿਆਂ ਨੂੰ ਜ਼ਿਲ੍ਹੇ ਵਿੱਚ ਹਰੇ-ਭਰੇ ਕਵਰ ਨੂੰ ਵਧਾਉਣ ਲਈ ਵੱਧ ਤੋਂ ਵੱਧ ਬੂਟੇ ਲਗਾਉਣੇ ਚਾਹੀਦੇ ਹਨ, ਜਿਸ ਨਾਲ ਵਾਤਾਵਰਣ ਪ੍ਰਦੂਸ਼ਣ ਨੂੰ ਘੱਟ ਕਰਨ ਵਿੱਚ ਵੀ ਸਹਾਇਤਾ ਮਿਲੇਗੀ। ਉਨ੍ਹਾਂ ਕਿਹਾ ਕਿ ਅਜਿਹੀਆਂ ਮੁਹਿੰਮਾਂ ਵਧੇਰੇ ਮਹੱਤਵਪੂਰਣ ਹਨ ਕਿਉਂਕਿ ਹਰਿਆਵਲ ਦਾ ਘਟਣਾ ਹਰ ਵਿਅਕਤੀ ਲਈ ਚਿੰਤਾ ਦਾ ਵਿਸ਼ਾ ਹੈ ਅਤੇ ਇਹ ਵਾਤਾਵਰਣ ਅਤੇ ਮਨੁੱਖੀ ਸਿਹਤ ਲਈ ਗੰਭੀਰ ਖ਼ਤਰਾ ਵੀ ਹੈ। ਇਸ ਮੌਕੇ ਡੀ. ਐਫ. ਓ. ਸ. ਹਰਭਜਨ ਸਿੰਘ, ਬਲਬੀਰ ਸਿੰਘ, ਐਸ. ਪੀ. ਅਸ਼ਵਨੀ ਕੁਮਾਰ ਅਤੇ ਹੋਰ ਹਾਜ਼ਰ ਸਨ।


Babita

Content Editor

Related News