ਹਰ ਵਰਗ ਕਾਂਗਰਸ ਸਰਕਾਰ ਨੂੰ ਕੋਸ ਰਿਹੈ : ਮਜੀਠੀਆ

Wednesday, Aug 02, 2017 - 04:13 AM (IST)

ਹਰ ਵਰਗ ਕਾਂਗਰਸ ਸਰਕਾਰ ਨੂੰ ਕੋਸ ਰਿਹੈ : ਮਜੀਠੀਆ

ਅੰਮ੍ਰਿਤਸਰ,   (ਬਿਊਰੋ/ਛੀਨਾ)-  ਸਾਬਕਾ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਵਿਧਾਇਕ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਦਾ ਕਾਂਗਰਸ ਸਰਕਾਰ ਤੋਂ ਇੰਨਾ ਮੋਹ ਭੰਗ ਹੋ ਚੁੱਕਾ ਹੈ ਕਿ ਉਹ ਚਾਹੁੰਦੇ ਹਨ ਕਿ ਤੁਰੰਤ ਹੀ ਕਾਂਗਰਸ ਸਰਕਾਰ ਦਾ ਭੋਗ ਪੈ ਜਾਵੇ।  ਮੇਲਾ ਰੱਖੜ ਪੁੰਨਿਆ ਮੌਕੇ 7 ਅਗਸਤ ਨੂੰ ਬਾਬਾ ਬਕਾਲਾ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੀਤੀ ਜਾ ਰਹੀ ਵਿਸ਼ਾਲ ਕਾਨਫਰੰਸ ਦੀ ਸਫਲਤਾ ਲਈ ਤਿਆਰੀਆਂ 'ਚ ਜੁਟੇ ਸ. ਮਜੀਠੀਆ ਨੇ ਅੱਜ ਜ਼ਿਲੇ ਦੇ ਸੀਨੀਅਰ ਅਕਾਲੀ ਆਗੂਆਂ ਅਤੇ ਸਾਬਕਾ ਵਿਧਾਇਕਾਂ ਨਾਲ ਇਕ ਮੀਟਿੰਗ ਕਰਦਿਆਂ ਉਨ੍ਹਾਂ ਦੀਆਂ ਡਿਊਟੀਆਂ ਲਾਈਆਂ। ਉਨ੍ਹਾਂ ਕਿਹਾ ਕਿ ਗੁਰੂ ਤੇਗ ਬਹਾਦਰ ਸਾਹਿਬ ਜੀ ਨੂੰ ਸਤਿਕਾਰ ਭੇਟ ਕਰਦਿਆਂ ਉਨ੍ਹਾਂ ਦੇ ਚਰਨਾਂ 'ਚ ਨਤਮਸਤਕ ਹੋਣ ਅਤੇ ਗੁਰੂ ਸਾਹਿਬ ਪ੍ਰਤੀ ਭਰੋਸੇ 'ਤੇ ਅਟੱਲ ਰਹਿਣ ਵਾਲੇ ਬਾਬਾ ਮੱਖਣ ਸ਼ਾਹ ਲੁਬਾਣਾ ਜੀ ਦੀ ਯਾਦ ਨੂੰ ਮਨਾਉਣ ਹੁੰਮਹੁਮਾ ਕੇ ਪਹੁੰਚਣ ਲਈ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।
ਜਥੇਦਾਰ ਗੁਲਜ਼ਾਰ ਸਿੰਘ ਰਣੀਕੇ, ਬੀਬੀ ਜਗੀਰ ਕੌਰ, ਵੀਰ ਸਿੰਘ ਲੋਪੋਕੇ, ਬੋਨੀ ਅਮਰਪਾਲ ਸਿੰਘ ਅਜਨਾਲਾ, ਵਿਰਸਾ ਸਿੰਘ ਵਲਟੋਹਾ, ਮਲਕੀਤ ਸਿੰਘ ਏ. ਆਰ., ਡਾ. ਦਲਬੀਰ ਸਿੰਘ ਵੇਰਕਾ, ਰਵਿੰਦਰ ਸਿੰਘ ਬ੍ਰਹਮਪੁਰਾ, ਗੁਰਪ੍ਰਤਾਪ ਸਿੰਘ ਟਿੱਕਾ, ਤਲਬੀਰ ਸਿੰਘ ਗਿੱਲ ਤੇ ਤਰਲੋਕ ਸਿੰਘ ਬਾਠ ਦੀ ਮੌਜੂਦਗੀ 'ਚ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਸੱਚ ਸਾਹਮਣੇ ਆ ਹੀ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸੀਨੀਅਰ ਕਾਂਗਰਸੀ ਵਿਧਾਇਕ ਸੁਰਜੀਤ ਸਿੰਘ ਧੀਮਾਨ ਵੱਲੋਂ ਕਾਂਗਰਸ ਸਰਕਾਰ ਦੀਆਂ ਨਾਕਾਮੀਆਂ ਬਾਰੇ ਅਸਲੀਅਤ ਨੂੰ ਸਟੇਜ ਤੋਂ ਖੁੱਲ੍ਹੇਆਮ ਇਕਬਾਲ ਕਰਨਾ ਸਵਾਗਤਯੋਗ ਹਨ। ਕਾਂਗਰਸ ਦੇ ਰਾਜ ਵਿਚ ਅਮਨ-ਕਾਨੂੰਨ ਦੀ ਹਾਲਤ ਬਦ ਤੋਂ ਬਦਤਰ ਹੁੰਦੀ ਜਾ ਰਹੀ ਹੈ, ਜਿਸ ਨੂੰ ਕੰਟਰੋਲ ਕਰਨਾ ਕਾਂਗਰਸ ਸਰਕਾਰ ਦੇ ਵੱਸ ਤੋਂ ਬਾਹਰ ਦੀ ਗੱਲ ਹੁੰਦੀ ਜਾ ਰਹੀ ਹੈ।
ਇਸ ਮੌਕੇ ਪਰਮਿੰਦਰ ਸਿੰਘ ਬਰਾੜ, ਗੁਰਪ੍ਰੀਤ ਸਿੰਘ ਰੰਧਾਵਾ, ਮੇਜਰ ਸ਼ਿਵੀ, ਪ੍ਰੋ. ਸਰਚਾਂਦ ਸਿੰਘ ਆਦਿ ਵੀ ਮੌਜੂਦ ਸਨ। 


Related News