'ਹੜ੍ਹਾਂ ਕਾਰਨ ਫ਼ਸਲਾਂ ਦੇ ਹੋਏ ਨੁਕਸਾਨ ਦਾ ਹਰ ਕਿਸਾਨ ਨੂੰ ਮਿਲੇਗਾ ਪੂਰਾ ਮੁਆਵਜ਼ਾ'
Wednesday, Aug 27, 2025 - 07:28 PM (IST)

ਸੁਲਤਾਨਪੁਰ ਲੋਧੀ (ਸੋਢੀ, ਧੀਰ, ਧੰਜੂ) : ਪੰਜਾਬ ਦੇ ਮਾਲ, ਮੁੜ ਵਸੇਬਾ ਤੇ ਆਫ਼ਤ ਪ੍ਰਬੰਧਨ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਪੰਜਾਬ ਸਰਕਾਰ ਹੜ੍ਹਾਂ ਕਾਰਨ ਫ਼ਸਲਾਂ ਦੇ ਹੋਏ ਨੁਕਸਾਨ ਦਾ ਹਰ ਕਿਸਾਨ ਨੂੰ ਪੂਰਾ ਮੁਆਵਜ਼ਾ ਦਿੱਤਾ ਜਾਵੇਗਾ।
ਅੱਜ ਦੂਜੀ ਵਾਰ ਹਲਕਾ ਸੁਲਤਾਨਪੁਰ ਲੋਧੀ ਵਿਖੇ ਹੜ੍ਹ ਪੀੜਤਾਂ ਦੀ ਸਾਰ ਲੈਣ ਤੇ ਰਾਹਤ ਕੰਮਾਂ ਦੀ ਸਮੀਖਿਆ ਕਰਨ ਪੁੱਜੇ ਮਾਲ ਮੰਤਰੀ ਮੁੰਡੀਆਂ ਨੇ ਕਿਹਾ ਕਿ ਇਹ ਕੁਦਰਤੀ ਆਫ਼ਤ ਹੈ ਤੇ ਪੰਜਾਬ ਸਰਕਾਰ ਇਸ ਸੰਕਟ ਦੀ ਘੜੀ ’ਚ ਲੋਕਾਂ ਦੇ ਨਾਲ ਖੜ੍ਹੀ ਹੈ। ਇਸ ਸਮੇਂ ਆਮ ਆਦਮੀ ਪਾਰਟੀ ਦੇ ਹਲਕਾ ਸੁਲਤਾਨਪੁਰ ਲੋਧੀ ਦੇ ਇੰਚਾਰਜ ਸੱਜਣ ਸਿੰਘ ਚੀਮਾ, ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਵੀ ਸਨ।
ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਪੈਸ਼ਲ ਗਿਰਦਾਵਰੀ ਦੇ ਹੁਕਮ ਪਹਿਲਾਂ ਹੀ ਜਾਰੀ ਕਰ ਦਿੱਤੇ ਗਏ ਹਨ ਅਤੇ ਇਸ ਕੰਮ ਨੂੰ ਜਲਦ ਨੇਪਰੇ ਚਾੜ੍ਹਨ ਲਈ ਜ਼ਿਲਾ ਮਾਲ ਅਫ਼ਸਰ ਅਤੇ ਨਾਇਬ ਤਹਿਸੀਲਦਾਰ ਵਿਸ਼ੇਸ਼ ਤੌਰ ’ਤੇ ਤਾਇਨਾਤ ਕੀਤੇ ਗਏ ਹਨ। ਇਹ ਨਾਇਬ ਤਹਿਸੀਲਦਾਰ ਕੇਵਲ ਸਪੈਸ਼ਲ ਗਿਰਦਾਵਰੀ ਦਾ ਕੰਮ ਹੀ ਦੇਖਣਗੇ । ਉਨ੍ਹਾਂ ਕਿਹਾ ਕਿ ਪਾਣੀ ਘੱਟਦੇ ਸਾਰ ਸਪੈਸ਼ਲ ਗਿਰਦਾਵਰੀ ਕਰਵਾ ਕੇ ਕਿਸਾਨਾਂ ਨੂੰ ਬਣਦਾ ਮੁਆਵਜ਼ਾ ਨਾਲ ਦੀ ਨਾਲ ਪ੍ਰਦਾਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਹਰੇਕ ਹੜ੍ਹ ਪ੍ਰਭਾਵਿਤ ਪਿੰਡ ਨੂੰ ਕਿਸ਼ਤੀ ਦਿੱਤੀ ਜਾ ਰਹੀ ਹੈ ਤਾਂ ਜੋ ਪਾਣੀ ’ਚ ਘਿਰੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਈ ਜਾ ਸਕੇ।
ਕੈਬਨਿਟ ਮੰਤਰੀ ਵੱਲੋਂ ਪਿੰਡ ਆਹਲੀ ਕਲਾਂ, ਆਹਲੀ ਖੁਰਦ ਅਤੇ ਬਾਊਪੁਰ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਆਹਲੀ ਕਲਾਂ ਦੇ ਲੋਕਾਂ ਨਾਲ ਵੀ ਗੱਲਬਾਤ ਕੀਤੀ। ਆਹਲੀ ਕਲਾਂ ਦੇ ਲੋਕਾਂ ਨੇ ਕੈਬਨਿਟ ਮੰਤਰੀ ਨੂੰ ਆਰਜ਼ੀ ਬੰਨ੍ਹ ਟੁੱਟਣ ਕਾਰਨ ਹੋ ਰਹੇ ਨੁਕਸਾਨ ਬਾਰੇ ਜਾਣੂ ਕਰਵਾਇਆ ਅਤੇ ਪੰਚਾਇਤ ਵੱਲੋਂ ਮੰਤਰੀ ਨੂੰ ਮੰਗ-ਪੱਤਰ ਵੀ ਸੌਂਪਿਆ ਗਿਆ। ਇਸ ਦੌਰਾਨ ਕੈਬਨਿਟ ਮੰਤਰੀ ਹੜ੍ਹ ਪੀੜਤਾਂ ਦੀ ਸਾਰ ਲੈਣ ਲਈ ਕਿਸ਼ਤੀ ਰਾਹੀਂ ਪਿੰਡ ਸਾਂਗਰੇ ਵੀ ਪਹੁੰਚੇ, ਜਿੱਥੇ ਉਨ੍ਹਾਂ ਹੜ੍ਹ ਪ੍ਰਭਾਵਿਤ ਪਰਿਵਾਰਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦਾ ਹਾਲ-ਚਾਲ ਜਾਣਿਆ ਅਤੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਦੀ ਵੰਡ ਕੀਤੀ।
ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਵੱਲੋਂ ਰਾਜ ਸਭਾ ਮੈਂਬਰ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਤੇ ਸੁਲਤਾਨਪੁਰ ਲੋਧੀ ਦੇ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ, ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ , ਹਲਕਾ ਇੰਚਾਰਜ ਕਪੂਰਥਲਾ ਐਡਵੋਕੇਟ ਕਰਮਬੀਰ ਸਿੰਘ ਚੰਦੀ, ਐੱਸ. ਐੱਸ. ਪੀ. ਗੌਰਵ ਤੂਰਾ, ਵਧੀਕ ਡਿਪਟੀ ਕਮਿਸ਼ਨਰ ਨਵਨੀਤ ਕੌਰ ਬੱਲ, ਜ਼ਿਲਾ ਯੋਜਨਾ ਬੋਰਡ ਦੇ ਚੇਅਰਪਰਸਨ ਸਰਬਜੀਤ ਸਿੰਘ ਲੁਬਾਣਾ, ਜ਼ਿਲਾ ਮੀਡੀਆ ਇੰਚਾਰਜ ਇੰਦਰਜੀਤ ਸਿੰਘ ਜੁਗਨੂੰ ਤੇ ਹੋਰਨਾਂ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਹੜ੍ਹ ਵਿਚ ਰਾਹਤ ਕੰਮਾਂ ਦੀ ਸਮੀਖਿਆ ਕੀਤੀ। ਉਨ੍ਹਾਂ ਕਿਹਾ ਕਿ ਰਾਹਤ ਕਾਰਜ ਜੰਗੀ ਪੱਧਰ ’ਤੇ ਚਲਾਏ ਜਾਣ ਤਾਂ ਜੋ ਲੋਕਾਂ ਨੂੰ ਰਾਸ਼ਨ, ਪੀਣ ਵਾਲਾ ਪਾਣੀ , ਦਵਾਈਆਂ ਆਦਿ ਦੀ ਕਿਸੇ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e