EVM ਮਸ਼ੀਨਾਂ ਅਤੇ ਵੋਟਰ ਵੈਰੀਫਾਈਏਬਲ ਪੇਪਰ ਆਡਿਟ ਟੇਲ ਮਸ਼ੀਨਾਂ ਦੀ ਜਾਂਚ ਦੀ ਪ੍ਰਕਿਰਿਆ ਜਾਰੀ
Sunday, Nov 15, 2026 - 05:07 PM (IST)
ਗੁਰਦਾਸਪੁਰ (ਹਰਮਨ) : ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ-2027 ਨੂੰ ਸੁਤੰਤਰ, ਨਿਰਪੱਖ, ਪਾਰਦਰਸ਼ੀ ਅਤੇ ਭਰੋਸੇਯੋਗ ਢੰਗ ਨਾਲ ਨੇਪਰੇ ਚਾੜ੍ਹਨ ਲਈ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਗੁਰਦਾਸਪੁਰ ਵਿਖੇ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ਅਤੇ ਵੋਟਰ ਵੈਰੀਫਾਈਏਬਲ ਪੇਪਰ ਆਡਿਟ ਟੇਲ ਦੀ ਪਹਿਲੀ ਪੱਧਰੀ ਜਾਂਚ ਦੀ ਪ੍ਰਕਿਰਿਆ 12 ਨਵੰਬਰ ਤੋਂ ਸ਼ੁਰੂ ਹੋ ਚੁੱਕੀ ਹੈ, ਜੋ ਲਗਾਤਾਰ ਜਾਰੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਧਿਕਾਰੀ-ਕਮ- ਡਿਪਟੀ ਕਮਿਸ਼ਨਰ ਸ੍ਰੀ ਆਦਿਤਿਆ ਉੱਪਲ ਨੇ ਦੱਸਿਆ ਕਿ ਇਹ ਜਾਂਚ ਭਾਰਤ ਇਲੈਕਟ੍ਰਾਨਿਕਸ ਲਿਮਟਿਡ ਦੇ ਅਧਿਕਾਰਤ ਅਤੇ ਤਜਰਬੇਕਾਰ ਇੰਜੀਨੀਅਰਾਂ ਵੱਲੋਂ ਚੋਣ ਵਿਭਾਗ ਦੇ ਅਧਿਕਾਰੀਆਂ ਦੀ ਨਿਗਰਾਨੀ ਹੇਠ ਚੋਣ ਕਮਿਸ਼ਨ ਵੱਲੋਂ ਨਿਰਧਾਰਤ ਮਾਪਦੰਡਾਂ ਅਨੁਸਾਰ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਇਸ ਜਾਂਚ ਲਈ FLC ਹਾਲ, EVM ਵੇਅਰਹਾਊ, ਘੁੱਲਾ, ਜ਼ੇਲ੍ਹ ਰੋਡ, ਗੁਰਦਾਸਪੁਰ ਵਿਖੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ।
ਇਹ ਪ੍ਰਕਿਰਿਆ ਰੋਜ਼ਾਨਾ ਸਵੇਰੇ 9 ਵਜੇ ਤੋਂ ਸ਼ਾਮ 7 ਵਜੇ ਤੱਕ ਜਾਰੀ ਰਹਿੰਦੀ ਹੈ। ਉਨ੍ਹਾਂ ਕਿਹਾ ਕਿ ਜਾਂਚ ਦੌਰਾਨ ਈ.ਵੀ. ਐਮਜ਼ ਅਤੇ ਵੀ.ਵੀ.ਪੀ.ਏ.ਟੀਐੱਸ ਦੀ ਕਾਰਜਕੁਸ਼ਲਤਾ, ਤਕਨੀਕੀ ਸਥਿਤੀ ਅਤੇ ਭਰੋਸੇਯੋਗਤਾ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਮਸ਼ੀਨਾਂ ਦੀ ਸਕੈਨਿੰਗ ਅਤੇ ਹੋਰ ਲੋੜੀਂਦੀਆਂ ਤਕਨੀਕੀ ਪ੍ਰਕਿਰਿਆਵਾਂ ਵੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੂਰੀਆਂ ਕੀਤੀਆਂ ਜਾ ਰਹੀਆਂ ਹਨ, ਤਾਂ ਜੋ ਚੋਣਾਂ ਦੌਰਾਨ ਇਨ੍ਹਾਂ ਦੀ ਸੁਚਾਰੂ ਅਤੇ ਨਿਰਵਿਘਨ ਵਰਤੋਂ ਯਕੀਨੀ ਬਣਾਈ ਜਾ ਸਕੇ। ਜ਼ਿਲ੍ਹਾ ਚੋਣ ਅਧਿਕਾਰੀ ਨੇ ਦੱਸਿਆ ਕਿ ਇਸ ਸਮੁੱਚੀ ਪ੍ਰਕਿਰਿਆ ਵਿੱਚ ਪੂਰੀ ਪਾਰਦਰਸ਼ਤਾ ਯਕੀਨੀ ਬਣਾਉਣ ਲਈ ਸਾਰੀਆਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਸ਼ਾਮਲ ਹੋਣ ਦਾ ਮੱਕਾ ਦਿੱਤਾ ਜਾ ਰਿਹਾ ਹੈ। ਉਹ ਆਪਣੀ ਮੌਜੂਦਗੀ ਵਿੱਚ ਮਸ਼ੀਨਾਂ ਦੀ ਜਾਂਚ ਦੀ ਸਮੁੱਚੀ ਪ੍ਰਕਿਰਿਆ ਨੂੰ ਦੇਖ ਸਕਦੇ ਹਨ।
