ਵੱਡੀ ਖ਼ਬਰ : ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੂੰ ਸੰਮਨ ਜਾਰੀ, ਵਿਜੀਲੈਂਸ ਨੇ ਪੁੱਛਗਿੱਛ ਲਈ ਸੱਦਿਆ

07/20/2023 8:22:32 PM

ਬਠਿੰਡਾ (ਵਿਜੇ ਵਰਮਾ) : ਵਿਜੀਲੈਂਸ ਵਿਭਾਗ ਵੱਲੋਂ ਇਕ ਸ਼ਿਕਾਇਤ ਦੇ ਆਧਾਰ ’ਤੇ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਅਤੇ ਭਾਜਪਾ ਆਗੂ ਮਨਪ੍ਰੀਤ ਸਿੰਘ ਬਾਦਲ ਨੂੰ ਪੇਸ਼ ਹੋਣ ਲਈ ਨੋਟਿਸ ਜਾਰੀ ਕੀਤਾ ਗਿਆ ਹੈ, ਜਿਸ ਦੀ ਪੁਸ਼ਟੀ ਐੱਸ.ਐੱਸ.ਪੀ. ਵਿਜੀਲੈਂਸ ਬਿਊਰੋ ਬਠਿੰਡਾ ਹਰਪਾਲ ਸਿੰਘ ਨੇ ਕੀਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਮਨਪ੍ਰੀਤ ਸਿੰਘ ਬਾਦਲ ਨੂੰ ਕਿਸ ਸ਼ਿਕਾਇਤ ਦੇ ਆਧਾਰ ’ਤੇ ਨੋਟਿਸ ਜਾਰੀ ਕੀਤਾ ਗਿਆ ਹੈ, ਇਸ ਬਾਰੇ ਉਹ ਕੁਝ ਨਹੀਂ ਦੱਸ ਸਕਦੇ ਪਰ ਉਨ੍ਹਾਂ ਨੂੰ 24 ਜੁਲਾਈ ਨੂੰ ਤਲਬ ਕੀਤਾ ਗਿਆ ਹੈ। ਵਿਭਾਗੀ ਸੂਤਰਾਂ ਦੀ ਮੰਨੀਏ ਤਾਂ ਇਹ ਨੋਟਿਸ ਮਨਪ੍ਰੀਤ ਸਿੰਘ ਬਾਦਲ ਵੱਲੋਂ ਵਿੱਤ ਮੰਤਰੀ ਹੁੰਦਿਆਂ ਬਠਿੰਡਾ ਸ਼ਹਿਰ ਦੇ ਪਾਸ਼ ਇਲਾਕੇ ਵਿਚ ਵਪਾਰਕ ਜ਼ਮੀਨ ਨੂੰ ਰਿਹਾਇਸ਼ੀ ਜ਼ਮੀਨ ’ਚ ਤਬਦੀਲ ਕਰਕੇ ਸਸਤੇ ਭਾਅ ’ਤੇ ਖ਼ਰੀਦਣ ਦੇ ਮਾਮਲੇ ਦੀ ਜਾਂਚ ਲਈ ਭੇਜਿਆ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ : ਹੜ੍ਹਾਂ ਦਾ ਕਹਿਰ ਜਾਰੀ, ਪਾਣੀ ਦੇ ਤੇਜ਼ ਵਹਾਅ ’ਚ ਰੁੜ੍ਹਿਆ ਨੌਜਵਾਨ, ਨਹੀਂ ਲੱਗਾ ਕੋਈ ਥਹੁ-ਪਤਾ

ਜਿਸ ਦੀ ਸ਼ਿਕਾਇਤ ਵਿਜੀਲੈਂਸ ਕੋਲ ਗਈ ਸੀ ਅਤੇ ਵਿਜੀਲੈਂਸ ਵੱਲੋਂ ਇਸ ਦੀ ਜਾਂਚ ਕੀਤੀ ਜਾ ਰਹੀ ਸੀ। ਇਸ ਤੋਂ ਇਲਾਵਾ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਤੇ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਨੇ ਵੀ ਮਨਪ੍ਰੀਤ ਬਾਦਲ ਖ਼ਿਲਾਫ਼ ਵਿਜੀਲੈਂਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ, ਜਿਸ ’ਚ ਮਨਪ੍ਰੀਤ ਬਾਦਲ ਖ਼ਿਲਾਫ਼ ਅਨਾਜ ਦੀ ਢੋਆ-ਢੁਆਈ ’ਚ ਘਪਲਾ ਕਰਨ ਦੇ ਦੋਸ਼ ਲਾਏ ਗਏ ਹਨ। ਸ਼ਿਕਾਇਤ ਵਿਚ ਦੋਸ਼ ਲਾਇਆ ਗਿਆ ਸੀ ਕਿ ਮਨਪ੍ਰੀਤ ਬਾਦਲ ਨੇ ਸਾਲ 2017 ਤੋਂ 2022 ਤੱਕ ਕਣਕ ਅਤੇ ਝੋਨੇ ਦੀ ਢੋਆ-ਢੁਆਈ ਲਈ ਆਪਣੇ ਡਰਾਈਵਰ ਅਤੇ ਗੰਨਮੈਨ ਦੇ ਨਾਂ ’ਤੇ ਫਰਜ਼ੀ ਕੰਪਨੀਆਂ ਬਣਾ ਕੇ ਸਰਕਾਰੀ ਖਜ਼ਾਨੇ ਨੂੰ ਲੁੱਟਿਆ। ਵਿਜੀਲੈਂਸ ਵਿਭਾਗ ਵੱਲੋਂ ਜਾਂਚ ਸ਼ੁਰੂ ਕਰਨ ਨਾਲ ਮਨਪ੍ਰੀਤ ਬਾਦਲ ਦੀਆਂ ਮੁਸ਼ਕਿਲਾਂ ਵਧ ਸਕਦੀਆਂ ਹਨ ਅਤੇ ਉਹ ਬੁਰੀ ਤਰ੍ਹਾਂ ਫਸ ਸਕਦੇ ਹਨ।


 


Manoj

Content Editor

Related News