ਪੰਜਵੀਂ ਅਤੇ ਅੱਠਵੀਂ ਸ਼੍ਰੇਣੀ ਦੀਆਂ ਅਨੁਪੂਰਕ ਪ੍ਰੀਖਿਆਵਾਂ ਸਬੰਧੀ ਡੇਟ ਸ਼ੀਟ ਜਾਰੀ

07/19/2022 5:41:06 PM

ਮੋਹਾਲੀ (ਗੁਰਪ੍ਰੀਤ ਸਿੰਘ ਨਿਆਮੀਆਂ) : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਪੰਜਵੀਂ ਅਤੇ ਅੱਠਵੀਂ ਸ਼੍ਰੇਣੀ ਦੀਆਂ ਅਨੁਪੂਰਕ ਪ੍ਰੀਖਿਆਵਾਂ ਸਬੰਧੀ ਡੇਟ ਸ਼ੀਟ ਜਾਰੀ ਕਰ ਦਿੱਤੀ ਗਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਪ੍ਰੀਖਿਆ ਕੰਟਰੋਲਰ ਜਨਕ ਰਾਜ ਮਹਿਰੋਕ ਨੇ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਪੰਜਵੀਂ ਸ਼੍ਰੇਣੀ ਦੀ ਰੀ-ਅਪੀਅਰ ਵਿਸ਼ਿਆਂ ਦੀ ਲਿਖਤੀ ਪ੍ਰੀਖਿਆ 12 ਅਗਸਤ ਤੋਂ 22 ਅਗਸਤ ਤੱਕ ਅਤੇ ਅੱਠਵੀਂ ਸ਼੍ਰੇਣੀ ਦੀ ਰੀ-ਅਪੀਅਰ ਵਿਸ਼ਿਆਂ ਦੀ ਲਿਖਤੀ ਪ੍ਰੀਖਿਆ 12 ਅਗਸਤ ਤੋਂ 26 ਅਗਸਤ ਤੱਕ ਕਰਵਾਈ ਜਾ ਰਹੀ ਹੈ। ਪ੍ਰੀਖਿਆ ਸ਼ੁਰੂ ਹੋਣ ਦਾ ਸਮਾਂ ਸਵੇਰੇ 10 ਵਜੇ ਹੋਵੇਗਾ।

ਮਹਿਰੋਕ ਨੇ ਦੱਸਿਆ ਕਿ ਪੰਜਵੀਂ ਸ਼੍ਰੇਣੀ ਦੇ ਪ੍ਰੀਖਿਆਰਥੀਆਂ ਦੀ ਅਨੁਪੂਰਕ ਪ੍ਰੀਖਿਆ ਸੈਲਫ਼ ਪ੍ਰੀਖਿਆ ਕੇਂਦਰਾਂ (ਭਾਵ ਜਿਸ ਸਕੂਲ ਵਿਚ ਪ੍ਰੀਖਿਆਰਥੀਆਂ ਦੀ ਮਾਰਚ 2022 ਦੀ ਸਲਾਨਾ ਪ੍ਰੀਖਿਆ ਕਰਵਾਈ ਗਈ ਸੀ) ਵਿਚ ਹੀ ਹੋਵੇਗੀ ਅਤੇ ਅੱਠਵੀਂ ਸ਼੍ਰੇਣੀ ਦੀ ਅਨੁਪੂਰਕ ਪ੍ਰੀਖਿਆ ਸਿੱਖਿਆ ਬੋਰਡ ਵੱਲੋਂ ਸਥਾਪਿਤ ਕੀਤੇ ਗਏ ਪ੍ਰੀਖਿਆ ਕੇਂਦਰਾਂ ਵਿਚ ਕਰਵਾਈ ਜਾਵੇਗੀ। 

ਕੰਟਰੋਲਰ ਪ੍ਰੀਖਿਆਵਾਂ ਨੇ ਸਕੂਲ ਮੁਖੀਆਂ ਨੂੰ ਹਦਾਇਤ ਵੀ ਕੀਤੀ ਕਿ ਉਹ ਆਪਣੇ ਸਕੂਲ ਦੇ ਪੰਜਵੀਂ ਸ਼੍ਰੇਣੀ ਦੇ ਅਨੁਪੂਰਕ ਪ੍ਰੀਖਿਆ ਦੇਣ ਵਾਲੇ ਪ੍ਰੀਖਿਆਰਥੀਆਂ ਨੂੰ ਪ੍ਰੀਖਿਆ ਕੇਂਦਰ ਸਬੰਧੀ ਸੂਚਿਤ ਕਰਨਾ ਯਕੀਨੀ ਬਣਾਉਣਗੇ। ਦੋਵੇਂ ਸ਼੍ਰੇਣੀਆਂ ਦੀਆਂ ਪ੍ਰੀਖਿਆਵਾਂ ਸੂਬਾ ਸਰਕਾਰ ਵੱਲੋਂ ਸਮੇਂ-ਸਮੇਂ ’ਤੇ ਕੋਵਿਡ-19 ਸਬੰਧੀ ਜਾਰੀ ਕੀਤੀਆਂ ਹਦਾਇਤਾਂ ਨੂੰ ਧਿਆਨ ਵਿਚ ਰੱਖਦੇ ਹੋਏ ਕਰਵਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਪੰਜਵੀਂ ਅਤੇ ਅੱਠਵੀਂ ਸ਼੍ਰੇਣੀਆਂ ਦੀਆਂ ਅਨੁਪੂਰਕ ਪ੍ਰੀਖਿਆਵਾਂ ਸਬੰਧੀ ਡੇਟ-ਸ਼ੀਟ ਅਤੇ ਵਧੇਰੇ ਜਾਣਕਾਰੀ ਲਈ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੈੱਬ-ਸਾਈਟ www.pseb.ac.in ਦੇਖੀ ਜਾ ਸਕਦੀ ਹੈ।


Gurminder Singh

Content Editor

Related News