ਪੱਛੜੀਆਂ ਸ਼੍ਰੇਣੀਆਂ ਤੇ ਆਰਥਿਕ ਪੱਖੋਂ ਕਮਜ਼ੋਰ ਵਿਅਕਤੀਆਂ ਦੀ ਭਲਾਈ ਲਈ ਪੰਜਾਬ ਸਰਕਾਰ ਨੇ ਲਿਆ ਅਹਿਮ ਫ਼ੈਸਲਾ

Friday, Sep 22, 2023 - 10:14 PM (IST)

ਪੱਛੜੀਆਂ ਸ਼੍ਰੇਣੀਆਂ ਤੇ ਆਰਥਿਕ ਪੱਖੋਂ ਕਮਜ਼ੋਰ ਵਿਅਕਤੀਆਂ ਦੀ ਭਲਾਈ ਲਈ ਪੰਜਾਬ ਸਰਕਾਰ ਨੇ ਲਿਆ ਅਹਿਮ ਫ਼ੈਸਲਾ

ਚੰਡੀਗੜ੍ਹ (ਬਿਊਰੋ) : ਪੰਜਾਬ ਸਰਕਾਰ ਨੇ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਪੱਖੋਂ ਕਮਜ਼ੋਰ ਵਿਅਕਤੀਆਂ ਦੀ ਭਲਾਈ ਲਈ 2 ਫ਼ੀਸਦੀ ਗਾਰੰਟੀ ਫ਼ੀਸ ਦੀ ਸ਼ਰਤ ਤੋਂ ਛੋਟ ਦੇਣ ਦਾ ਫ਼ੈਸਲਾ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੱਛੜੀਆਂ ਸ਼੍ਰੇਣੀਆਂ ਕਾਰਪੋਰੇਸ਼ਨ ਵੱਲੋਂ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਪੱਖੋਂ ਕਮਜ਼ੋਰ ਵਿਅਕਤੀਆਂ ਦੀ ਭਲਾਈ ਲਈ ਸਵੈ-ਰੁਜ਼ਗਾਰ ਸਕੀਮਾਂ ਅਧੀਨ ਘੱਟ ਵਿਆਜ ਦਰਾਂ 'ਤੇ ਕਰਜ਼ੇ ਦਿੱਤੇ ਜਾਂਦੇ ਹਨ ਤਾਂ ਜੋ ਪੱਛੜੀਆਂ ਸ਼੍ਰੇਣੀਆਂ ਦੇ ਬੇਰੁਜ਼ਗਾਰ ਨੌਜਵਾਨ ਸਵੈ-ਰੁਜ਼ਗਾਰ ਸ਼ੁਰੂ ਕਰ ਸਕਣ।

ਇਹ ਵੀ ਪੜ੍ਹੋ : ਮੁੱਖ ਮੰਤਰੀ ਮਾਨ ਨੇ ਡਿਊਟੀ ਦੌਰਾਨ ਸ਼ਹੀਦ ਹੋਏ ਪੁਲਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਸੌਂਪੇ 3 ਕਰੋੜ ਦੇ ਚੈੱਕ

ਕੈਬਨਿਟ ਮੰਤਰੀ ਨੇ ਦੱਸਿਆ ਕਿ ਬੈਕਫਿੰਕੋ ਵੱਲੋਂ ਰਾਸ਼ਟਰੀ ਕਾਰਪੋਰੇਸ਼ਨ ਪਾਸੋਂ ਕਰਜ਼ਾ ਪੰਜਾਬ ਸਰਕਾਰ ਵੱਲੋਂ ਦਿੱਤੀ ਗਈ ਸਰਕਾਰੀ ਗਾਰੰਟੀ ਦੇ ਅਧੀਨ ਪ੍ਰਾਪਤ ਕੀਤਾ ਜਾਂਦਾ ਹੈ। ਪੰਜਾਬ ਸਰਕਾਰ ਵਿੱਤ ਵਿਭਾਗ ਵੱਲੋਂ ਐੱਨ.ਬੀ.ਸੀ.ਐੱਫ.ਡੀ.ਸੀ. ਦੇ ਹੱਕ ਵਿੱਚ 30 ਕਰੋੜ ਰੁਪਏ ਦੀ ਰਿਵਾਲਵਿੰਗ ਗਾਰੰਟੀ ਦੇਣ ਦੀ ਸਹਿਮਤੀ ਇਸ ਸ਼ਰਤ 'ਤੇ ਦਿੱਤੀ ਗਈ ਸੀ ਕਿ ਇਸ ਗਾਰੰਟੀ 'ਤੇ ਬਣਦੀ 2 ਫ਼ੀਸਦੀ ਗਾਰੰਟੀ ਫ਼ੀਸ ਸਰਕਾਰੀ ਖਜ਼ਾਨੇ ਵਿੱਚ ਜਮ੍ਹਾ ਕਰਵਾਈ ਜਾਵੇਗੀ, ਜੋ ਕਿ 60 ਲੱਖ ਰੁਪਏ ਬਣਦੀ ਹੈ।

ਉਨ੍ਹਾਂ ਦੱਸਿਆ ਕਿ ਇਹ ਗਾਰੰਟੀ ਫ਼ੀਸ ਦਾ ਵਾਧੂ ਬੋਝ ਬੈਕਫਿੰਕੋ 'ਤੇ ਪੈਂਦਾ ਸੀ, ਜਿਸ ਨੂੰ ਉਨ੍ਹਾਂ ਨੇ ਬਹੁਤ ਗੰਭੀਰਤਾ ਨਾਲ ਲੈਂਦਿਆਂ ਮੁੱਖ ਮੰਤਰੀ ਭਗਵੰਤ ਮਾਨ ਕੋਲ ਇਸ ਗਾਰੰਟੀ ਫ਼ੀਸ ਨੂੰ ਮੁਆਫ਼ ਕਰਨ ਦਾ ਮਾਮਲਾ ਉਠਾਇਆ ਸੀ, ਜਿਸ 'ਤੇ ਮੁੱਖ ਮੰਤਰੀ ਨੇ ਇਸ ਸਬੰਧੀ ਸਹਿਮਤੀ ਦੇ ਦਿੱਤੀ ਹੈ। ਇਸ ਨਾਲ ਪੰਜਾਬ ਸਰਕਾਰ ਵੱਲੋਂ 2 ਫ਼ੀਸਦੀ ਗਾਰੰਟੀ ਫ਼ੀਸ ਦੀ ਸ਼ਰਤ ਤੋਂ ਛੋਟ ਦਿੰਦਿਆਂ 60 ਲੱਖ ਰੁਪਏ ਦੀ ਰਾਸ਼ੀ ਨੂੰ ਮੁਆਫ਼ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਰਾਜਪਾਲ ਪੁਰੋਹਿਤ ਨੇ CM ਮਾਨ ਨੂੰ ਲਿਖਿਆ ਪੱਤਰ, RDF ਮਾਮਲੇ ਨੂੰ ਲੈ ਕੇ ਪੰਜਾਬ ਦੇ ਲੋਕਾਂ ਬਾਰੇ ਕਹੀਆਂ ਇਹ ਗੱਲਾਂ

ਉਨ੍ਹਾਂ ਦੱਸਿਆ ਕਿ ਹੁਣ ਬੈਂਕਫਿਕੋ ਰਾਸ਼ਟਰੀ ਕਾਰਪੋਰੇਸ਼ਨ ਪਾਸੋਂ ਵੱਧ ਤੋਂ ਵੱਧ ਕਰਜ਼ਾ ਪ੍ਰਾਪਤ ਕਰਕੇ ਪੰਜਾਬ ਰਾਜ ਦੇ ਪੱਛੜੀਆਂ ਸ਼੍ਰੇਣੀਆਂ ਨਾਲ ਸਬੰਧਤ ਗਰੀਬ ਵਰਗ ਦੇ ਵਿਅਕਤੀਆਂ ਨੂੰ ਸਵੈ-ਰੁਜ਼ਗਾਰ ਲਈ ਘੱਟ ਵਿਆਜ ਦੀ ਦਰ 'ਤੇ ਕਰਜ਼ੇ ਮੁਹੱਈਆ ਕਰਵਾਏਗਾ। ਐੱਨ.ਬੀ.ਸੀ.ਐੱਫ.ਡੀ.ਸੀ. ਦੇ ਸਹਿਯੋਗ ਨਾਲ ਚਲਾਈ ਜਾ ਰਹੀ ਐਜੂਕੇਸ਼ਨ ਲੋਨ ਸਕੀਮ ਅਧੀਨ ਵੀ ਪੱਛੜੀਆਂ ਸ਼੍ਰੇਣੀਆਂ ਦੇ ਪੜ੍ਹੇ-ਲਿਖੇ ਨੌਜਵਾਨਾਂ ਨੂੰ ਉਚੇਰੀ ਸਿੱਖਿਆ ਲਈ ਵੀ 4 ਫ਼ੀਸਦੀ ਸਾਲਾਨਾ ਵਿਆਜ ਦੀ ਦਰ 'ਤੇ ਕਰਜ਼ੇ ਮੁਹੱਈਆ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਪੱਛੜੀਆਂ ਸ਼੍ਰੇਣੀਆਂ ਅਤੇ ਕਮਜ਼ੋਰ ਵਰਗ ਦੇ ਲੋਕਾਂ ਦਾ ਆਰਥਿਕ ਮਿਆਰ ਉੱਚਾ ਚੁੱਕਣ ਲਈ ਵਚਨਬੱਧ ਹੈ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8


author

Mukesh

Content Editor

Related News