ਪੰਜਾਬ ''ਚ ਨਿਰਪੱਖ ਤੇ ਪਾਰਦਰਸ਼ੀ ਆਬਕਾਰੀ ਨੀਤੀ ਬਣਾਵਾਂਗੇ : ਹਰਪਾਲ ਚੀਮਾ

Monday, Apr 25, 2022 - 08:10 PM (IST)

ਚੰਡੀਗੜ੍ਹ (ਬਿਊਰੋ) : ਪੰਜਾਬ ਦੇ ਆਬਕਾਰੀ ਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਕੰਮਕਾਜ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਸਬੰਧਿਤ ਧਿਰਾਂ ਵੱਲੋਂ ਦਿੱਤੇ ਸੁਝਾਵਾਂ 'ਤੇ ਵਿਚਾਰ ਕਰਕੇ ਇਕ ਨਿਰਪੱਖ ਅਤੇ ਪਾਰਦਰਸ਼ੀ ਆਬਕਾਰੀ ਨੀਤੀ ਬਣਾਏਗੀ। ਅੱਜ ਇੱਥੇ ਪੰਜਾਬ ਭਵਨ ਚੰਡੀਗੜ੍ਹ ਵਿਖੇ ਸੂਬੇ ਦੀਆਂ ਸਾਰੀਆਂ ਡਿਸਟਿਲਰੀਆਂ ਦੇ ਨੁਮਾਇੰਦਿਆਂ/ਪ੍ਰਬੰਧਕਾਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਚੀਮਾ ਨੇ ਅਗਲੀ ਆਬਕਾਰੀ ਨੀਤੀ ਬਾਰੇ ਸਾਰੇ ਸਬੰਧਿਤ ਭਾਈਵਾਲਾਂ ਤੋਂ ਸੁਝਾਅ ਮੰਗੇ। ਇਸ ਮੌਕੇ ਹਿੱਸੇਦਾਰਾਂ ਨੇ ਅਗਲੀ ਆਬਕਾਰੀ ਨੀਤੀ ਲਈ ਆਪਣੇ ਸੁਝਾਅ ਅਤੇ ਪ੍ਰਸਤਾਵ ਵੀ ਦਿੱਤੇ। ਦਿੱਤੇ ਸੁਝਾਵਾਂ ਦਾ ਸਵਾਗਤ ਕਰਦਿਆਂ ਚੀਮਾ ਨੇ ਕਿਹਾ ਕਿ ਮੌਜੂਦਾ ਸਰਕਾਰ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਬਣੀ ਹੈ ਅਤੇ ਉਹ ਇਸ ਇਰਾਦੇ ਦੀ ਪੂਰਤੀ ਲਈ ਵਚਨਬੱਧ ਤੇ ਦ੍ਰਿੜ੍ਹ ਹਨ।

ਇਹ ਵੀ ਪੜ੍ਹੋ : ਪਿਛਲੀਆਂ ਸਰਕਾਰਾਂ ਸਮੇਂ ਬਣਾਈਆਂ ਗਈਆਂ ਗੈਰ-ਕਾਨੂੰਨੀ ਕਾਲੋਨੀਆਂ ਦੀ ਜਾਂਚ ਕਰੇਗੀ ਮਾਨ ਸਰਕਾਰ

ਆਬਕਾਰੀ ਮੰਤਰੀ ਨੇ ਕਿਹਾ ਕਿ ਕਿਸੇ ਵੀ ਗਲਤ ਕਾਰਵਾਈ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਗੁਆਂਢੀ ਰਾਜਾਂ ਤੋਂ ਸਮੱਗਲ ਕੀਤੀ ਜਾ ਰਹੀ ਸ਼ਰਾਬ ਨਾਲ ਸਖ਼ਤੀ ਨਾਲ ਨਿਪਟਿਆ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਅਜਿਹੀ ਕੋਈ ਘਟਨਾ ਕਿਸੇ ਵੀ ਸਬੰਧਿਤ ਧਿਰ ਦੇ ਧਿਆਨ ਵਿੱਚ ਆਉਂਦੀ ਹੈ ਤਾਂ ਉਹ ਤੁਰੰਤ ਕਾਰਵਾਈ ਲਈ ਉਨ੍ਹਾਂ ਨੂੰ ਸੂਚਿਤ ਕਰ ਸਕਦਾ ਹੈ। ਚੀਮਾ ਨੇ ਕਿਹਾ ਕਿ ਸਰਕਾਰ ਦਾ ਪੂਰਾ ਧਿਆਨ ਨਿਰਪੱਖ ਅਤੇ ਪਾਰਦਰਸ਼ੀ ਆਬਕਾਰੀ ਨੀਤੀ ਬਣਾਉਣ 'ਤੇ ਹੋਵੇਗਾ। ਇਸ ਮੌਕੇ ਵਧੀਕ ਮੁੱਖ ਸਕੱਤਰ-ਕਮ-ਵਿੱਤ ਕਮਿਸ਼ਨਰ ਕਰ ਕੇ. ਏ. ਪੀ. ਸਿਨਹਾ, ਆਬਕਾਰੀ ਕਮਿਸ਼ਨਰ ਵਰੁਣ ਰੂਜ਼ਮ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।

ਇਹ ਵੀ ਪੜ੍ਹੋ : ਨਿਯਮਾਂ ਅਨੁਸਾਰ ਬੱਸਾਂ ਚਲਾਉਣ ਵਾਲੇ ਟਰਾਂਸਪੋਰਟਰਾਂ ਦੀ ਭਲਾਈ ਲਈ ਪੰਜਾਬ ਸਰਕਾਰ ਵਚਨਬੱਧ : ਭੁੱਲਰ


Anuradha

Content Editor

Related News